SSP ਕੰਵਲਪ੍ਰੀਤ ਚਾਹਲ ਦੀ ਅਗਵਾਈ 'ਚ MP ਅੰਮ੍ਰਿਤਪਾਲ ਦੀ ਦਾਦੀ ਦਾ ਹੋਇਆ ਅੰਤਿਮ ਸੰਸਕਾਰ; ਪੁਲਿਸ ਦੀ ਮੁਸਤੈਦੀ ਦੀ ਹੋ ਰਹੀ ਸ਼ਲਾਘਾ
ਅੰਮ੍ਰਿਤਸਰ ਦਿਹਾੜੀ ਪੁਲਿਸ ਅਤੇ ਵਾਰਿਸ ਪੰਜਾਬ ਦੇ ਸਮਰਥਕਾਂ ਦੇ ਸਹਿਯੋਗ ਨਾਲ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸੰਸਕਾਰ
ਜੱਲੂਪੁਰ ਖੇੜਾ 'ਚ ਅਦਾਲਤੀ ਹੁਕਮਾਂ ਦੀ ਪੂਰੀ ਪਾਲਣਾ: ਬਿਨਾਂ ਹੱਥਕੜੀ ਪੁੱਜੇ ਅੰਮ੍ਰਿਤਪਾਲ ਸਿੰਘ, ਮੀਡੀਆ ਤੋਂ ਬਣਾਈ ਰੱਖੀ ਦੂਰੀ
ਦੀਦਾਰ ਗੁਰਨਾ
ਅੰਮ੍ਰਿਤਸਰ, 21 ਨਵੰਬਰ 2026: ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ (ਐਮ.ਪੀ.) ਅੰਮ੍ਰਿਤਪਾਲ ਸਿੰਘ ਅੱਜ ਡਿਬਰੂਗੜ੍ਹ ਜੇਲ੍ਹ ਤੋਂ ਸਿੱਧਾ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪੁੱਜੇ। ਇਸ ਸੰਵੇਦਨਸ਼ੀਲ ਮੌਕੇ 'ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੇ ਗਏ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਅਤੇ ਸਮੁੱਚੀ ਕਾਰਵਾਈ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਕੰਵਲਪ੍ਰੀਤ ਚਾਹਲ ਦੀ ਯੋਗ ਅਗਵਾਈ ਹੇਠ ਪੁਲਿਸ ਫੋਰਸ ਨੇ ਪੂਰੇ ਇਲਾਕੇ ਵਿੱਚ ਸਖ਼ਤ ਘੇਰਾਬੰਦੀ ਕੀਤੀ ਹੋਈ ਸੀ। ਪੁਲਿਸ ਦੀ ਇਸੇ ਮੁਸਤੈਦੀ ਅਤੇ ਬਿਹਤਰ ਵਿਉਂਤਬੰਦੀ ਸਦਕਾ ਸਮੁੱਚਾ ਪ੍ਰੋਗਰਾਮ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਇਆ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।

ਦੂਜੇ ਪਾਸੇ, ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂਆਂ ਅਤੇ ਸਮਰਥਕਾਂ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਗਿਆ। ਸੰਗਤ ਅਤੇ ਸਮਰਥਕਾਂ ਵੱਲੋਂ ਕਿਸੇ ਕਿਸਮ ਦੀ ਹੁੱਲੜਬਾਜ਼ੀ ਜਾਂ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ, ਜਿਸ ਕਾਰਨ ਦੋਵਾਂ ਧਿਰਾਂ ਦੇ ਆਪਸੀ ਤਾਲਮੇਲ ਨਾਲ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਬਣਿਆ ਰਿਹਾ।
ਪ੍ਰਾਪਤ ਵੇਰਵਿਆਂ ਅਨੁਸਾਰ, ਪੁਲਿਸ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸਭ ਤੋਂ ਪਹਿਲਾਂ ਉਨ੍ਹਾਂ ਦੇ ਜੱਦੀ ਘਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਪਣੀ ਸਵਰਗਵਾਸੀ ਦਾਦੀ ਦੇ ਅੰਤਿਮ ਦਰਸ਼ਨ ਕੀਤੇ। ਇਸ ਭਾਵੁਕ ਮੌਕੇ 'ਤੇ ਉਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਕਈ ਸਕੇ-ਸਬੰਧੀਆਂ ਨੂੰ ਗਲਵੱਕੜੀ ਪਾ ਕੇ ਮਿਲੇ।
ਇਸ ਉਪਰੰਤ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਇੱਕ ਟਰਾਲੀ ਵਿੱਚ ਸਵਾਰ ਹੋ ਕੇ ਆਪਣੀ ਜ਼ਮੀਨ ਵੱਲ ਰਵਾਨਾ ਹੋਏ, ਜਿੱਥੇ ਅੰਤਿਮ ਸੰਸਕਾਰ ਦੀਆਂ ਰਸਮਾਂ ਅਦਾ ਕੀਤੀਆਂ ਜਾਣੀਆਂ ਸਨ। ਵੱਡੇ ਇਕੱਠ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਸਸਕਾਰ ਵਾਲੀ ਥਾਂ 'ਤੇ ਪਹੁੰਚ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਹੋਈ ਅਰਦਾਸ ਵਿੱਚ ਸ਼ਮੂਲੀਅਤ ਕੀਤੀ।
ਇਸ ਦੌਰਾਨ ਇੱਕ ਖ਼ਾਸ ਗੱਲ ਇਹ ਵੀ ਦੇਖਣ ਨੂੰ ਮਿਲੀ ਕਿ ਭਾਵੇਂ ਚਾਰੇ ਪਾਸੇ ਪੁਲਿਸ ਦਾ ਸਖ਼ਤ ਪਹਿਰਾ ਸੀ, ਪਰ ਪ੍ਰਸ਼ਾਸਨ ਵੱਲੋਂ ਮਰਿਆਦਾ ਅਤੇ ਅਦਾਲਤੀ ਨਿਯਮਾਂ ਦਾ ਖਿਆਲ ਰੱਖਦਿਆਂ ਅੰਮ੍ਰਿਤਪਾਲ ਸਿੰਘ ਨੂੰ ਕੋਈ ਹੱਥਕੜੀ ਨਹੀਂ ਲਗਾਈ ਗਈ ਸੀ। ਉਨ੍ਹਾਂ ਨੂੰ ਪੂਰੇ ਸਤਿਕਾਰ ਅਤੇ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਪਿੰਡ ਲਿਆਂਦਾ ਗਿਆ।

MP ਅੰਮ੍ਰਿਤਪਾਲ ਨੇ ਵੀ ਮਾਣਯੋਗ ਅਦਾਲਤ ਵੱਲੋਂ ਲਗਾਈਆਂ ਗਈਆਂ ਸ਼ਰਤਾਂ ਅਤੇ ਹੁਕਮਾਂ ਦੀ ਪੂਰੀ ਪਾਲਣਾ ਕੀਤੀ। ਅਦਾਲਤੀ ਹੁਕਮਾਂ ਤਹਿਤ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਭਾਸ਼ਣ ਦੇਣ ਜਾਂ ਜਨਤਕ ਤੌਰ 'ਤੇ ਬੋਲਣ ਦੀ ਮਨਾਹੀ ਸੀ, ਜਿਸ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੇ ਨਾ ਤਾਂ ਕੋਈ ਤਕਰੀਰ ਕੀਤੀ ਅਤੇ ਨਾ ਹੀ ਮੀਡੀਆ ਨਾਲ ਕੋਈ ਗੱਲਬਾਤ ਕੀਤੀ। ਉਨ੍ਹਾਂ ਨੇ ਪੂਰੀ ਪ੍ਰਕਿਰਿਆ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ।
ਪੁਲਿਸ ਅਧਿਕਾਰੀਆਂ ਵੱਲੋਂ ਸਮੇਂ-ਸਮੇਂ 'ਤੇ ਲੋੜੀਂਦੀਆਂ ਸਾਵਧਾਨੀਆਂ ਵਰਤਦਿਆਂ ਅਤੇ ਵੱਡੇ ਪੱਧਰ 'ਤੇ ਸੁਰੱਖਿਆ ਘੇਰਾ ਬਣਾ ਕੇ ਇਸ ਚੁਣੌਤੀਪੂਰਨ ਕਾਰਜ ਨੂੰ ਬੇਹੱਦ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਿਆ ਗਿਆ। ਦੱਸਦੇ ਚੱਲੀਏ ਕਿ ਅੰਮ੍ਰਿਤਸਰ ਅਦਾਲਤ ਦੇ ਵੱਲੋਂ ਐਮ.ਪੀ. ਅੰਮ੍ਰਿਤਪਾਲ ਸਿੰਘ ਨੂੰ ਤਿੰਨ ਘੰਟੇ ਦੀ (21 ਨਵੰਬਰ 2026 ਲਈ) ਪੈਰੋਲ ਦਿੱਤੀ ਗਈ ਸੀ। ਉਨ੍ਹਾਂ ਦੀ ਪੈਰੋਲ ਦਾ ਸਮਾਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਦਾ ਸੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਅੰਦਰ ਬੰਦ ਹਨ ਅਤੇ ਉਨ੍ਹਾਂ ਦੇ ਵਿਰੁੱਧ ਪੰਜਾਬ ਅੰਦਰ ਕਈ ਕੇਸ ਦਰਜ ਹਨ। ਭਾਵੇਂਕਿ ਉਨ੍ਹਾਂ ਉੱਪਰ ਲੱਗਿਆ ਐਨ.ਐਸ.ਏ ਸਰਕਾਰ ਦੁਆਰਾ ਹਟਾ ਦਿੱਤਾ ਗਿਆ ਹੈ, ਪਰ ਸੂਬੇ ਦੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਅੰਦਰ ਲਿਆਉਣ ਦੀ ਇਜਾਜ਼ਤ ਨਹੀਂ ਦਿੱਤੀ ਹੈ।
- Download Babushahi App
-
-