ਪੱਖੋਂਵਾਲ ਰੋਡ ’ਤੇ ਸੜਕ ਧੱਸਣ ਕਾਰਨ ਹਾਦਸੇ ਦਾ ਖ਼ਤਰਾ, 10 ਦਿਨਾਂ ਤੋਂ ਨਹੀਂ ਹੋਈ ਪੱਕੀ ਮੁਰੰਮਤ
ਪ੍ਰੇਮ ਵਿਹਾਰ ਫਲੈਟਸ ਦੇ ਸਾਹਮਣੇ ਬਣਿਆ ਡੂੰਘਾ ਟੋਆ ਬਣਿਆ ਲੋਕਾਂ ਲਈ ਮੁਸੀਬਤ; ਸਮਾਜ ਸੇਵੀ ਅਰਵਿੰਦ ਸ਼ਰਮਾ ਨੇ ਨਗਰ ਨਿਗਮ ਕਮਿਸ਼ਨਰ ਤੋਂ ਤੁਰੰਤ ਕਾਰਵਾਈ ਦੀ ਕੀਤੀ ਮੰਗ
ਸੁਖਮਿੰਦਰ ਭੰਗੂ
ਲੁਧਿਆਣਾ, 22 ਨਵੰਬਰ 2026
ਸ਼ਹਿਰ ਦੇ ਪੱਖੋਂਵਾਲ ਰੋਡ ਸਥਿਤ ਸ਼ਹੀਦ ਭਗਤ ਸਿੰਘ ਨਗਰ ਦੇ ਐੱਫ ਬਲਾਕ ਵਿੱਚ ਪ੍ਰੇਮ ਵਿਹਾਰ ਫਲੈਟਸ ਦੇ ਸਾਹਮਣੇ ਸੜਕ ਦਾ ਇੱਕ ਹਿੱਸਾ ਧੱਸ ਜਾਣ ਕਾਰਨ ਵੱਡੇ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ। ਕਰੀਬ 10 ਦਿਨ ਬੀਤ ਜਾਣ ਦੇ ਬਾਵਜੂਦ ਨਗਰ ਨਿਗਮ ਵੱਲੋਂ ਇਸ ਦੀ ਪੱਕੀ ਮੁਰੰਮਤ ਨਹੀਂ ਕਰਵਾਈ ਗਈ। ਇਸ ਕਾਰਨ ਇਲਾਕਾ ਨਿਵਾਸੀਆਂ, ਰਾਹਗੀਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ।
ਇਸ ਗੰਭੀਰ ਸਮੱਸਿਆ ਸਬੰਧੀ ਸੀਨੀਅਰ ਸਿਟੀਜ਼ਨ ਅਤੇ ਈ ਬਲਾਕ, ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕ ਸਮਾਜ ਸੇਵੀ ਅਰਵਿੰਦ ਸ਼ਰਮਾ ਨੇ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੜਕ ਧੱਸਣ ਸਬੰਧੀ ਪਹਿਲਾਂ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਪਰ ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ।
ਅਰਵਿੰਦ ਸ਼ਰਮਾ ਅਨੁਸਾਰ ਸ਼ਿਕਾਇਤ ਤੋਂ ਬਾਅਦ ਮੌਕੇ ’ਤੇ ਸਿਰਫ਼ ਇੱਕ ਟਰੈਕਟਰ-ਟਰਾਲੀ ਖੜ੍ਹੀ ਕਰ ਦਿੱਤੀ ਗਈ ਹੈ, ਜੋ ਕਿਸੇ ਵੀ ਤਰ੍ਹਾਂ ਇਸ ਗੰਭੀਰ ਸਮੱਸਿਆ ਦਾ ਸਥਾਈ ਹੱਲ ਨਹੀਂ ਹੈ। ਸੜਕ ਦੀ ਖ਼ਤਰਨਾਕ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ ਅਤੇ ਕਿਸੇ ਵੀ ਸਮੇਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।
ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅਧਿਕਾਰੀਆਂ ਵੱਲੋਂ ਕਿਸੇ ਵੱਡੇ ਹਾਦਸੇ ਜਾਂ ਜਾਨੀ ਨੁਕਸਾਨ ਦੀ ਉਡੀਕ ਕਰਨ ਦੀ ਬਜਾਏ ਸਮੇਂ ਸਿਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨਗਰ ਨਿਗਮ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਮੌਕੇ ’ਤੇ ਭੇਜ ਕੇ ਸੜਕ ਦੇ ਧੱਸੇ ਹੋਏ ਹਿੱਸੇ ਦੀ ਪੱਕੀ ਮੁਰੰਮਤ ਕਰਵਾਈ ਜਾਵੇ। ਮੁਰੰਮਤ ਮੁਕੰਮਲ ਹੋਣ ਤੱਕ ਮੌਕੇ ’ਤੇ ਬੈਰੀਕੇਡਿੰਗ ਅਤੇ ਹੋਰ ਲੋੜੀਂਦੇ ਸੁਰੱਖਿਆ ਪ੍ਰਬੰਧ ਵੀ ਕੀਤੇ ਜਾਣ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
- Download Babushahi App
-
-