ਮਜ਼ਦੂਰ ਆਗੂ ’ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਹਜ਼ਾਰਾਂ ਲੋਕਾਂ ਨੇ ਘੇਰਿਆ ਡੀ.ਐੱਸ.ਪੀ. ਦਫ਼ਤਰ
**ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਵਿਰਾਸਤੀ ਯਾਦਗਾਰ ਦਾ ਦਰਜਾ ਦੇਣ ਦੀ ਵੀ ਉੱਠੀ ਮੰਗ**
**ਨਕੋਦਰ, 22 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)** – ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹੋਏ ਹਮਲੇ ਦੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਇਨਕਲਾਬੀ ਕਵੀ ਅਵਤਾਰ ਪਾਸ਼ ਦੇ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਵਿਰਾਸਤੀ ਯਾਦਗਾਰ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਜਨਤਕ, ਜਮਹੂਰੀ ਅਤੇ ਸਾਹਿਤਕ ਜਥੇਬੰਦੀਆਂ ਦੇ ਸੱਦੇ ’ਤੇ ਹਜ਼ਾਰਾਂ ਲੋਕਾਂ ਨੇ ਨਕੋਦਰ ਸਥਿਤ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ ਕੀਤਾ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨਾਲ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਅਤੇ ਹਮਲਾ ਕਰਨ ਦੇ ਮਾਮਲੇ ਵਿੱਚ ਤਲਵੰਡੀ ਸਲੇਮ ਦੇ ਸਰਪੰਚ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਐੱਸ.ਸੀ./ਐੱਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਇਸ ਦੇ ਪਿੱਛੇ ਸਿਆਸੀ ਦਬਾਅ ਹੋਣ ਦੇ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ।
ਬੁਲਾਰਿਆਂ ਨੇ ਕਿਹਾ ਕਿ 13 ਅਕਤੂਬਰ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਅਤੇ ਅਮਨ ਅਰੋੜਾ ਨਾਲ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਹੋਈ ਮੀਟਿੰਗ ਦੌਰਾਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਵਿਰਾਸਤੀ ਯਾਦਗਾਰ ਦਾ ਦਰਜਾ ਦੇਣ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਗਈਆਂ ਸਨ, ਪਰ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਸਿਆਸੀ ਸਰਪ੍ਰਸਤੀ ਕਾਰਨ ਪੁਲਿਸ ਅਧਿਕਾਰੀਆਂ ਦੇ ਦਫ਼ਤਰਾਂ ਦੇ ਬਾਹਰ ਖੜ੍ਹ ਕੇ ਪੀੜਤ ਧਿਰ ਨੂੰ ਧਮਕੀਆਂ ਦੇ ਰਹੇ ਹਨ।
ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਭਗਤਾਂ, ਇਨਕਲਾਬੀਆਂ ਅਤੇ ਅਗਾਂਹਵਧੂ ਸ਼ਖ਼ਸੀਅਤਾਂ ਦੀਆਂ ਯਾਦਗਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੀ ਇਸੇ ਰਾਹ ’ਤੇ ਚੱਲਦਿਆਂ ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਸ਼ ਦੀ ਕਵਿਤਾ ਅਤੇ ਵਿਚਾਰਧਾਰਾ ਅੱਜ ਵੀ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲਿਆਂ ਨੂੰ ਪ੍ਰੇਰਨਾ ਦਿੰਦੀ ਹੈ। ਇਸੇ ਕਰਕੇ ਉਨ੍ਹਾਂ ਦੀ ਯਾਦਗਾਰ ਨੂੰ ਸੰਭਾਲਣਾ ਸਮੇਂ ਦੀ ਅਹਿਮ ਲੋੜ ਹੈ।
ਬੁਲਾਰਿਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲੇ ਦੇ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਵਿਰਾਸਤੀ ਯਾਦਗਾਰ ਦਾ ਦਰਜਾ ਦੇਣ ਦੀ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਦੀ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ, ਮਹਿਲਾ ਕਿਸਾਨ ਆਗੂ ਕੰਵਲਜੀਤ ਕੌਰ ਬਰਨਾਲਾ, ਪਾਸ਼ ਹੰਸ ਰਾਜ ਯਾਦਗਾਰੀ ਕੌਮਾਂਤਰੀ ਟਰੱਸਟ ਦੇ ਮੈਂਬਰ ਡਾ. ਪਰਮਿੰਦਰ, ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਪ੍ਰਧਾਨ ਪ੍ਰੋ. ਸੁਰਜੀਤ ਜੱਜ, ਪਾਸ਼ ਹੰਸ ਰਾਜ ਸ਼ਹੀਦੀ ਯਾਦਗਾਰ ਕਮੇਟੀ ਦੇ ਮੈਂਬਰ ਹਰਮੇਸ਼ ਮਾਲੜੀ, ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਡੀ.ਟੀ.ਐੱਫ. ਦੇ ਆਗੂ ਰੇਸ਼ਮ ਸਿੰਘ ਖੇਮੂਆਣਾ, ਟੀ.ਐੱਸ.ਯੂ. ਦੇ ਆਗੂ ਮਲਕੀਤ ਸਿੰਘ ਸੈਂਸਰਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ, ਐਡਵੋਕੇਟ ਸੁਰਿੰਦਰ ਖੀਵਾ, ਤਰਕਸ਼ੀਲ ਸੁਸਾਇਟੀ ਦੇ ਸੁਖਵਿੰਦਰ ਸਿੰਘ ਬਾਗਪੁਰ, ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਸਿੰਘ ਘੁੱਗਸ਼ੋਰ, ਜਮਹੂਰੀ ਕਿਸਾਨ ਸਭਾ ਦੇ ਮਨੋਹਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਸੰਤੋਖ ਸਿੰਘ ਸੰਧੂ, ਅਪਰੇਸ਼ਨ ਗਰੀਨ ਹੰਟ ਵਿਰੋਧੀ ਫਰੰਟ ਦੇ ਬੂਟਾ ਸਿੰਘ ਮਹਿਮੂਦਪੁਰ, ਸ਼ਹੀਦ ਭਗਤ ਸਿੰਘ ਵਿਚਾਰ ਮੰਚ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਅਮਰੀਕ ਸਿੰਘ, ਤਲਵੰਡੀ ਸਲੇਮ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਮੰਗਤ ਰਾਏ, ਜਗੀਰ ਸਿੰਘ ਜੋਸਣ ਅਤੇ ਝੰਡਾ ਸਿੰਘ ਜੇਠੂਕੇ ਸਮੇਤ ਵੱਡੀ ਗਿਣਤੀ ਵਿੱਚ ਮਜ਼ਦੂਰ, ਕਿਸਾਨ ਅਤੇ ਜਮਹੂਰੀ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
- Download Babushahi App
-
-