ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਰਵਿੰਦਰ ਢਿੱਲੋਂ
ਖੰਨਾ , 23 ਨਵੰਬਰ 2026 :
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਧਾਰਮਿਕ ਪ੍ਰੋਗਰਾਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰੋਸ਼ੀ ਨੇ ਬਾਖੂਬੀ ਨਿਭਾਈ। ਪ੍ਰੋਗਰਾਮ ਦੀ ਸ਼ੁਰੂਆਤ ਮਿਊਜ਼ਿਕ ਟੀਚਰ ਮੈਡਮ ਸ਼ਾਲੂ ਗੋਰੀਆਂ ਦੀ ਅਗਵਾਈ ਹੇਠ ਵਿਦਿਆਰਥਣ ਬਬਲੀਨ ਕੌਰ ਦੇ ਜੱਥੇ ਵੱਲੋਂ ਧਾਰਮਿਕ ਸ਼ਬਦ "ਸਤਿਗੁਰ ਨਾਨਕ ਪ੍ਰਗਟਿਆ" ਦੇ ਗਾਇਨ ਨਾਲ ਕੀਤੀ ਗਈ।
ਇਸ ਉਪਰੰਤ ਸਕੂਲ ਦੇ ਚਾਰੋਂ ਹਾਊਸਾਂ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਅਤੇ ਮਹਾਨ ਸਿੱਖਿਆਵਾਂ ਨੂੰ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਹ ਸਮਾਗਮ ਚੌਥੇ ਹਾਊਸ ਵੱਲੋਂ ਆਯੋਜਿਤ ਕੀਤਾ ਗਿਆ।
ਪ੍ਰੋਗਰਾਮ ਦੀ ਸਮਾਪਤੀ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਗੁਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਗੁਰਪੁਰਬ ਮੌਕੇ ਪਟਾਕਿਆਂ ਆਦਿ ਦੀ ਵਰਤੋਂ ਤੋਂ ਗੁਰੇਜ਼ ਕਰਦੇ ਹੋਏ ਗੁਰਮਤਿ ਰਹਿਤ-ਮਰਿਆਦਾ ਅਨੁਸਾਰ ਦਿਹਾੜਾ ਮਨਾਇਆ ਜਾਵੇ। ਉਨ੍ਹਾਂ ਨੇ ਗੁਰੂ ਸਾਹਿਬ ਦੇ ਮਹਾਨ ਸੰਦੇਸ਼ **"ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ"** ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਆਪਣੇ ਕਿਰਦਾਰ ਨੂੰ ਉੱਚਾ-ਸੁੱਚਾ ਬਣਾਉਣ ਲਈ ਪ੍ਰੇਰਿਤ ਕੀਤਾ।
ਅੰਤ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਮਾਗਮ ਦੀ ਸਫਲਤਾ ਲਈ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।
- Download Babushahi App
-
-