ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਸਜਾਇਆ ਨਗਰ ਕੀਰਤਨ
ਨਗਰ ਕੀਰਤਨ ਤੇ ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ
ਅਸ਼ੋਕ ਵਰਮਾ
ਤਲਵੰਡੀ ਸਾਬੋ 23 ਨਵੰਬਰ 2026: ਸਿੱਖ ਧਰਮ ਦੇ ਬਾਨੀ,ਪਹਿਲੇ ਪਾਤਸ਼ਾਹ,ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੇ ਦੂਜੇ ਦਿਨ ਅੱਜ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਲੌਕਿਕ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਏ ਉਕਤ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ ਚ ਸ਼ੁਸੋਭਿਤ ਕੀਤੇ ਗਏ ਸਨ।ਤਖਤ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਮੌਕੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ।ਨਗਰ ਕੀਰਤਨ ਅੱਗੇ ਜਿੱਥੇ ਫੌਜੀ ਬੈਂਡ ਮਨਮੋਹਕ ਧੁਨਾਂ ਬਿਖੇਰ ਰਿਹਾ ਸੀ ਉੱਥੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਿਦਆਰਥਣਾਂ ਸਿੱਖ ਮਾਰਸ਼ਲ ਖੇਡ ਗੱਤਕੇ ਦੇ ਜੌਹਰ ਦਿਖਾ ਰਹੀਆਂ ਸਨ।
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਦੀ ਬਖਸ਼ਿਸ ਕੀਤੀ।ਗੱਲਬਾਤ ਕਰਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਅੱਜ ਜਦੋਂ ਨਸ਼ਿਆਂ ਅਤੇ ਪਤਿਤਪੁਣੇ ਦੀ ਹਨ੍ਹੇਰੀ ਝੁੱਲ ਰਹੀ ਹੈ ਤਾਂ ਮਾਪਿਆਂ ਨੂੰ ਚਾਹੀਦਾ ਹੈਕਿ ਉਹ ਆਪਣੇ ਬੱਚਿਆਂ ਨੂੰ ਬਚਪਨ ਤੋਂ ਹੀ ਗੁਰੂ ਸਾਹਿਬਾਨ ਦੇ ਜੀਵਨ ਤੋਂ ਜਾਣੂੰ ਕਰਵਾਉਣ ਤਾਂਕਿ ਉਹ ਬਾਣੀ ਨਾਲ ਜੁੜ ਸਕਣ।ਉਨਾਂ ਕਿਹਾ ਕਿ ਪ੍ਰਕਾਸ਼ ਦਿਹਾੜੇ ਸਬੰਧੀ ਮੁੱਖ ਸਮਾਗਮ 24 ਨਵੰਬਰ ਨੂੰ ਤਖਤ ਸਾਹਿਬ ਵਿਖੇ ਹੋਣਗੇ ਜਿਸ ਚ ਪੰਥ ਪ੍ਰਸਿੱਧ ਰਾਗੀ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ।ਉਨਾਂ ਨੇ ਸੰਗਤਾਂ ਨੂੰ ਮੁੱਖ ਸਮਾਗਮਾਂ ਚ ਹਾਜ਼ਰੀ ਭਰਨ ਦੀ ਅਪੀਲ ਕੀਤੀ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਪ੍ਰੀਤ ਸਿੰਘ ਝੱਬਰ,ਅੰਤ੍ਰਿਗ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ,ਜਥੇਦਾਰ ਜਗਸੀਰ ਸਿੰਘ ਮਾਂਗੇਆਣਾ,ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅਤੇ ਸੁਰਜੀਤ ਸਿੰਘ ਰਾਏਪੁਰ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ,ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਮੈਨੇਜ਼ਰ ਤਖਤ ਸਾਹਿਬ,ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ,ਗਿਆਨੀ ਆਲਮ ਸਿੰਘ ਮੁੱਖ ਕਥਾਵਾਚਕ,ਭਾਈ ਰਵਿੰਦਰ ਸਿੰਘ ਖਾਲਸਾ ਪ੍ਰਿੰਸੀਪਲ ਗੁਰਮਤਿ ਵਿਿਦਆਲਾ,ਮਨੋਰਮਾ ਸਮਾਘ ਪ੍ਰਿੰਸੀਪਲ ਮਾਤਾ ਸਾਹਿਬ ਕੌਰ ਗਰਲਜ਼ ਕਾਲਜ,ਗੁਰਸੇਵਕ ਸਿੰਘ ਕਿੰਗਰਾ,ਗੁਰਦੇਵ ਸਿੰਘ ਸੰਧੂ,ਮਨਦੀਪ ਸਿੰਘ ਮਾਖਾ ਤੇ ਗੁਰਚਰਨ ਸਿੰਘ ਜੀਦਾ ਚਾਰੇ ਮੀਤ ਮੈਨੇਜ਼ਰ,ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਿਰ ਸਨ। ਤਖਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਤਖਤ ਸਾਹਿਬ ਪਹੁੰਚ ਕੇ ਸੰਪੰਨ ਹੋਇਆ।ਸੰਗਤਾਂ ਨੇ ਗੁਰੂ ਸਾਹਿਬ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਥਾਂ ਥਾਂ ਲੰਗਰ ਵੀ ਲਗਾਏ।ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਨੇ ਨਗਰ ਕੀਰਤਨ ਚ ਸ਼ਾਮਿਲ ਹੋਣ ਵਾਲੀਆਂ ਅਤੇ ਸਹਿਯੋਗੀ ਸੰਗਤਾਂ ਦਾ ਧੰਨਵਾਦ ਕੀਤਾ।
- Download Babushahi App
-
-