ਰਾਜ ਪੱਧਰੀ ਰੋਇੰਗ ਮੁਕਾਬਲਿਆਂ ਵਿੱਚ 21 ਸੋਨੇ ਦੇ ਤਗ਼ਮੇ ਜਿੱਤ ਕੇ ਰੂਪਨਗਰ ਬਣਿਆ ਓਵਰਆਲ ਚੈਂਪੀਅਨ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜੇਤੂ ਖਿਡਾਰੀਆਂ ਨੂੰ ਤਗ਼ਮੇ ਵੰਡੇ; ਰੋਇੰਗ ਅਕੈਡਮੀ ਦੀਆਂ ਬੁਨਿਆਦੀ ਸਹੂਲਤਾਂ ਜਲਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਰੋਇੰਗ ਅਤੇ ਕੈਕਿੰਗ-ਕਨੋਇੰਗ ਕੇਂਦਰਾਂ ਨੂੰ ਕੌਮਾਂਤਰੀ ਪੱਧਰ ਦਾ ਖੇਡ ਸਾਮਾਨ ਮੁਹੱਈਆ ਕਰਵਾਉਣ ਦਾ ਐਲਾਨ
ਮਨਪ੍ਰੀਤ ਸਿੰਘ
ਰੂਪਨਗਰ, 24 ਨਵੰਬਰ:
'ਖੇਡਾਂ ਵਤਨ ਪੰਜਾਬ ਦੀਆਂ-2026' ਤਹਿਤ ਰੂਪਨਗਰ ਵਿਖੇ ਕਰਵਾਏ ਗਏ ਰਾਜ ਪੱਧਰੀ ਰੋਇੰਗ ਮੁਕਾਬਲੇ ਅੱਜ ਸ਼ਾਨਦਾਰ ਢੰਗ ਨਾਲ ਸੰਪੰਨ ਹੋ ਗਏ। ਸਮਾਪਤੀ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ (ਆਈ.ਏ.ਐਸ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਰਗਾਂ ਵਿੱਚ ਜੇਤੂ ਰਹੇ ਖਿਡਾਰੀਆਂ ਨੂੰ ਤਗ਼ਮੇ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਰੋਇੰਗ ਅਕੈਡਮੀ ਦੀਆਂ ਬੁਨਿਆਦੀ ਲੋੜਾਂ ਅਤੇ ਖੇਡ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਅਤੇ ਅਭਿਆਸ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਉਹ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਸਕਣ।
ਇਸ ਦੌਰਾਨ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਰੋਇੰਗ ਅਤੇ ਕੈਕਿੰਗ-ਕਨੋਇੰਗ ਕੇਂਦਰਾਂ ਨੂੰ ਜਲਦ ਹੀ ਕੌਮਾਂਤਰੀ ਪੱਧਰ ਦਾ ਖੇਡ ਸਾਮਾਨ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੀਆਂ ਸਹੂਲਤਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਨੇ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 21 ਸੋਨੇ ਦੇ ਤਗ਼ਮੇ ਜਿੱਤ ਕੇ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ। ਮੋਗਾ ਦੀ ਟੀਮ 18 ਸੋਨੇ ਦੇ ਤਗ਼ਮਿਆਂ ਨਾਲ ਦੂਜੇ ਅਤੇ ਬਠਿੰਡਾ ਦੀ ਟੀਮ 6 ਸੋਨੇ ਦੇ ਤਗ਼ਮਿਆਂ ਨਾਲ ਤੀਜੇ ਸਥਾਨ 'ਤੇ ਰਹੀ।
ਉਨ੍ਹਾਂ ਇਨ੍ਹਾਂ ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਸਮੂਹ ਉਪ ਮੰਡਲ ਮੈਜਿਸਟ੍ਰੇਟਾਂ, ਸਿੱਖਿਆ ਵਿਭਾਗ, ਨਗਰ ਕੌਂਸਲ, ਜਲ ਸਪਲਾਈ ਵਿਭਾਗ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸਹਿਯੋਗੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਚੰਦਰਜਯੋਤੀ ਸਿੰਘ (ਆਈ.ਏ.ਐਸ.), ਵਧੀਕ ਕਮਿਸ਼ਨਰ ਸੀ.ਜੀ.ਐਸ.ਟੀ. ਸ੍ਰੀਮਤੀ ਸਮਰਿਤਾ ਕੌਰ ਗਿੱਲ, ਸਹਾਇਕ ਕਮਿਸ਼ਨਰ ਸੀ.ਜੀ.ਐਸ.ਟੀ. ਸ੍ਰੀ ਪ੍ਰੀਤਇੰਦਰ ਸਿੰਘ ਭਾਟੀਆ, ਓਲੰਪੀਅਨ ਸਤਨਾਮ ਸਿੰਘ, ਕੌਮਾਂਤਰੀ ਖਿਡਾਰੀ ਗੁਰਜੀਤ ਸਿੰਘ, ਗੁਰਮੇਲ ਸਿੰਘ, ਜਸਪ੍ਰੀਤ ਸਿੰਘ, ਭਰਪੂਰ ਕੌਰ, ਜਸਵੀਰ ਸਿੰਘ ਗਿੱਲ, ਦਵਿੰਦਰ ਸਿੰਘ ਜਟਾਣਾ, ਕੋਚ ਜੀ.ਐੱਸ. ਚੀਮਾ, ਪ੍ਰਦੀਪ ਸਿੰਘ, ਜਸ਼ਨਦੀਪ ਕੌਰ, ਰਵਿੰਦਰ ਕੌਰ, ਸੁਨੀਤਾ ਰਾਣੀ, ਕਰਨ ਸੋਈ, ਉਪਕਾਰਦੀਪ ਕੌਰ, ਸੁਖਰਾਜ ਸਿੰਘ ਸਮੇਤ ਸਮੂਹ ਖੇਡ ਅਮਲਾ ਹਾਜ਼ਰ ਸੀ।
- Download Babushahi App
-
-