ਅਕਾਲੀ-ਭਾਜਪਾ ਗਠਜੋੜ ਦੇ ਐਲਾਨ ਮਗਰੋਂ ਖੰਨਾ 'ਚ ਖੁਸ਼ੀ ਦੀ ਲਹਿਰ, ਵਰਕਰਾਂ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ
Ravinder Singh
ਖੰਨਾ 24 ਨਵੰਬਰ 2026- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਗੱਠਜੋੜ ਹੋਣ ਦੇ ਰਸਮੀ ਐਲਾਨ ਤੋਂ ਬਾਅਦ ਅੱਜ ਖੰਨਾ ਸ਼ਹਿਰ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਲਗਭਗ ਛੇ ਸਾਲਾਂ ਦੇ ਵਕਫ਼ੇ ਮਗਰੋਂ ਹੋਏ ਇਸ ਪੁਨਰ-ਮਿਲਨ ਦੀ ਖ਼ਬਰ ਮਿਲਦਿਆਂ ਹੀ ਖੰਨਾ ਵਿਖੇ ਅਕਾਲੀ ਅਤੇ ਭਾਜਪਾ ਵਰਕਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
ਇਸ ਮੌਕੇ ਵਰਕਰਾਂ ਵੱਲੋਂ ਲੱਡੂ ਵੰਡੇ ਗਏ, ਢੋਲ ਦੇ ਡਗੇ 'ਤੇ ਭੰਗੜੇ ਪਾਏ ਗਏ ਅਤੇ ਹਾਈਕਮਾਨ ਦੇ ਇਸ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਕੱਠੇ ਹੋਏ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰੇ ਅਤੇ ਵਿਕਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਨਾਲ ਹੇਠਲੇ ਪੱਧਰ ਤੱਕ ਵਰਕਰਾਂ ਵਿੱਚ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਹ ਗੱਠਜੋੜ ਪੰਜਾਬ ਵਿੱਚ ਇਤਿਹਾਸਕ ਜਿੱਤ ਦਰਜ ਕਰੇਗਾ।
ਜ਼ਿਕਰਯੋਗ ਹੈ ਕਿ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਅਤੇ ਅਕਾਲੀ ਦਲ ਦੀ ਐੱਨ.ਡੀ.ਏ. ਵਿੱਚ ਵਾਪਸੀ ਦਾ ਐਲਾਨ ਕੀਤਾ ਗਿਆ ਹੈ।
- Download Babushahi App
-
-