ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ, ਦੀਪਮਾਲਾ ਨਾਲ ਜਗਮਗਾਇਆ ਪਵਿੱਤਰ ਪਰਿਕਰਮਾ
ਰਹਿਰਾਸ ਸਾਹਿਬ ਦੇ ਪਾਠ ਉਪਰੰਤ ਹੋਈ ਸ਼ਾਨਦਾਰ ਆਤਿਸ਼ਬਾਜ਼ੀ, ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰਪੁਰਬ
ਗੁਰੂ ਨਗਰੀ ਅੰਮ੍ਰਿਤਸਰ 'ਚ ਗੁਰਪੁਰਬ ਦੀਆਂ ਰੌਣਕਾਂ, ਦੀਪਮਾਲਾ ਤੇ ਆਤਿਸ਼ਬਾਜ਼ੀ ਨੇ ਮੋਹਿਆ ਸੰਗਤਾਂ ਦਾ ਮਨ
ਕੁਲਵਿੰਦਰ ਸਿੰਘ
ਅੰਮ੍ਰਿਤਸਰ 24 ਨਵੰਬਰ 2026- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲੀਆਂ। ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸੁੰਦਰ ਅਤੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ। ਇਸ ਦੌਰਾਨ ਅਸਮਾਨ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਜਗਮਗਾ ਉੱਠਿਆ ਅਤੇ ਸੰਗਤਾਂ ਨੇ ਇਸ ਮਨਮੋਹਕ ਨਜ਼ਾਰੇ ਦਾ ਆਨੰਦ ਮਾਣਿਆ।
ਇਸ ਤੋਂ ਪਹਿਲਾਂ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀਆਂ ਪਵਿੱਤਰ ਪਰਿਕਰਮਾਂ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਦੀਪਮਾਲਾ ਕੀਤੀ ਗਈ। ਦੀਵਿਆਂ ਅਤੇ ਰੌਸ਼ਨੀਆਂ ਨਾਲ ਸਜਿਆ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ ਹਰ ਕਿਸੇ ਦਾ ਮਨ ਮੋਹ ਰਿਹਾ ਸੀ। ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਅਤੇ ਪੰਜਾਬ ਦੀ ਇਤਿਹਾਸਕ ਧਰਤੀ ਸੁਲਤਾਨਪੁਰ ਲੋਧੀ ਵਿਖੇ ਵੀ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਉੱਥੇ ਹੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਵੀ ਗੁਰਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹਨ।
ਪੂਰੇ ਮਾਹੌਲ ਵਿੱਚ ਗੁਰਬਾਣੀ, ਗੁਰਮਤਿ ਅਤੇ ਸ਼ਰਧਾ ਦਾ ਰੰਗ ਦੇਖਣ ਨੂੰ ਮਿਲਿਆ। ਦੀਪਮਾਲਾ ਅਤੇ ਆਤਿਸ਼ਬਾਜ਼ੀ ਦੇ ਸੁੰਦਰ ਨਜ਼ਾਰਿਆਂ ਨੇ ਇਸ ਪਵਿੱਤਰ ਦਿਹਾੜੇ ਦੀਆਂ ਖੁਸ਼ੀਆਂ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ।
- Download Babushahi App
-
-