ਮੁੱਖ ਮੰਤਰੀ ਨਾਲ ਮੀਟਿੰਗ ਰੱਦ ਹੋਣ 'ਤੇ ਭੜਕੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ: 26 ਨਵੰਬਰ ਨੂੰ ਪਟਿਆਲਾ 'ਚ ਕੱਢਿਆ ਜਾਵੇਗਾ ਮੋਟਰਸਾਈਕਲ ਝੰਡਾ ਮਾਰਚ
Ravi Jakhu
ਪਟਿਆਲਾ/ਚੰਡੀਗੜ੍ਹ 25 ਨਵੰਬਰ, 2026- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਅੱਜ 25 ਨਵੰਬਰ 2026 ਨੂੰ ਮੁੱਖ ਮੰਤਰੀ ਪੰਜਾਬ ਨਾਲ ਤੈਅ ਹੋਈ ਮੀਟਿੰਗ ਨੂੰ ਸਰਕਾਰ ਵੱਲੋਂ ਮੁੱਖ ਸਕੱਤਰ ਪੱਧਰ 'ਤੇ ਤਬਦੀਲ ਕਰਨ ਦੇ ਰੋਸ ਵਜੋਂ 'ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਅਤੇ 'ਸਾਂਝਾ ਮੁਲਾਜ਼ਮ ਮੰਚ, ਪੰਜਾਬ' ਦੀ ਸਾਂਝੀ ਤਾਲਮੇਲ ਕਮੇਟੀ ਨੇ ਇਸ ਮੀਟਿੰਗ ਦਾ ਪੂਰਨ ਬਾਈਕਾਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਮੇਟੀ ਨੇ ਭਲਕੇ 26 ਨਵੰਬਰ 2026 ਨੂੰ ਪਟਿਆਲਾ ਵਿਖੇ ਵਿਸ਼ਾਲ ਮੋਟਰਸਾਈਕਲ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਸਾਂਝੀ ਤਾਲਮੇਲ ਕਮੇਟੀ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਰਾਹੀਂ ਮੋਟਰਸਾਈਕਲ ਝੰਡਾ ਮਾਰਚ ਸਬੰਧੀ ਅਧਿਕਾਰਤ ਨੋਟਿਸ ਭੇਜ ਦਿੱਤਾ ਗਿਆ ਹੈ। ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ-ਕਮ-ਕੋਆਰਡੀਨੇਟਰ ਸਤੀਸ਼ ਰਾਣਾ ਦੇ ਸਾਂਝੇ ਦਸਤਖਤਾਂ ਹੇਠ ਜਾਰੀ ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਦੀ ਥਾਂ ਮੁੱਖ ਸਕੱਤਰ ਨਾਲ ਮੀਟਿੰਗ ਰੱਖਣ ਕਾਰਨ ਸੂਬੇ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ, ਭਲਕੇ 26 ਨਵੰਬਰ ਨੂੰ ਬਾਅਦ ਦੁਪਹਿਰ 3:00 ਵਜੇ ਪਟਿਆਲਾ ਦੇ ਸਿੰਚਾਈ ਵਿਭਾਗ ਦੇ ਦਫ਼ਤਰ ਤੋਂ ਇਹ ਮੋਟਰਸਾਈਕਲ ਝੰਡਾ ਮਾਰਚ ਸ਼ੁਰੂ ਹੋਵੇਗਾ। ਇਹ ਮਾਰਚ ਪਟਿਆਲਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜ਼ਰਦਾ ਹੋਇਆ ਡੀ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਇਸ ਐਕਸ਼ਨ ਦਾ ਰੋਡ ਮੈਪ ਅਤੇ ਸਮੁੱਚੇ ਪ੍ਰਬੰਧ ਪਟਿਆਲਾ ਦੀ ਜ਼ਿਲ੍ਹਾ ਸਾਂਝੀ ਤਾਲਮੇਲ ਕਮੇਟੀ ਵੱਲੋਂ ਅਮਲ ਵਿੱਚ ਲਿਆਂਦੇ ਜਾਣਗੇ, ਜਦਕਿ ਸੂਬਾ ਸਾਂਝੀ ਤਾਲਮੇਲ ਕਮੇਟੀ ਦੇ ਆਗੂ ਇਸ ਮਾਰਚ ਦੀ ਅਗਵਾਈ ਕਰਨਗੇ।
ਸਾਂਝੇ ਫਰੰਟ ਅਤੇ ਸਾਂਝੇ ਮੰਚ ਵਿੱਚ ਸ਼ਾਮਲ ਸਮੁੱਚੀਆਂ ਧਿਰਾਂ ਇਸ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨਗੀਆਂ ਅਤੇ ਪਹਿਲਾਂ ਐਲਾਨੇ ਗਏ ਬਾਕੀ ਐਕਸ਼ਨ ਪ੍ਰੋਗਰਾਮ ਵੀ ਜਿਉਂ ਦੇ ਤਿਉਂ ਲਾਗੂ ਰਹਿਣਗੇ। ਮੁਲਾਜ਼ਮ ਆਗੂਆਂ ਨੇ ਨੋਟਿਸ ਰਾਹੀਂ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਂਝੀ ਤਾਲਮੇਲ ਕਮੇਟੀ ਨੂੰ ਮੁੱਖ ਮੰਤਰੀ ਪੰਜਾਬ ਨਾਲ ਜਲਦ ਮੀਟਿੰਗ ਦਾ ਸਮਾਂ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਉੱਚ ਅਦਾਲਤਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੁੱਧ ਹੱਠੀ ਰਵੱਈਆ ਅਪਣਾ ਕੇ ਕੇਸ ਲੜਨ ਦੀ ਬਜਾਏ ਗੱਲਬਾਤ ਦਾ ਰਸਤਾ ਅਪਣਾਵੇ ਅਤੇ ਜਾਇਜ਼ ਮੰਗਾਂ ਲਾਗੂ ਕਰਕੇ ਹੱਕਰਸੀ ਕਰੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਹਾਂ-ਪੱਖੀ ਹੁੰਗਾਰਾ ਨਾ ਭਰਿਆ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਵੀ ਵੱਡੇ ਸੰਘਰਸ਼ ਉਲੀਕੇ ਜਾਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।
- Download Babushahi App
-
-