ਤਿਲਕ-ਜੰਞੂ ਰੱਖਿਅਕ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ
29 ਨਵੰਬਰ ਨੂੰ ਗੁਰਦੁਆਰਾ ਗੁਰੂ ਕਾ ਤਾਲ, ਆਗਰਾ ਤੋਂ ਆਰੰਭ ਹੋਵੇਗੀ ਯਾਤਰਾ; ਕਾਲਕਾ ਤੇ ਕਾਹਲੋਂ ਵੱਲੋਂ ਪ੍ਰਬੰਧਾਂ ਦੀ ਸਮੀਖਿਆ
ਨਵੀਂ ਦਿੱਲੀ, 27 ਨਵੰਬਰ (ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀ ਸੰਪੂਰਨਤਾ ਨੂੰ ਸਮਰਪਿਤ 29 ਨਵੰਬਰ 2026 ਨੂੰ ਵਿਸ਼ਾਲ ‘ਤਿਲਕ-ਜੰਞੂ ਰੱਖਿਅਕ ਯਾਤਰਾ’ ਸਜਾਈ ਜਾ ਰਹੀ ਹੈ।
ਇਸ ਸਬੰਧੀ ਦਿੱਲੀ ਕਮੇਟੀ ਦੇ ਸਮੂਹ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕਰਕੇ ਯਾਤਰਾ ਦੇ ਪ੍ਰਬੰਧਾਂ ਅਤੇ ਚੱਲ ਰਹੀਆਂ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਯਾਤਰਾ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਯਾਦਗਾਰੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਯਾਤਰਾ 29 ਨਵੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਗੁਰੂ ਕਾ ਤਾਲ, ਆਗਰਾ ਤੋਂ ਸ਼ਰਧਾ ਅਤੇ ਸਤਿਕਾਰ ਨਾਲ ਆਰੰਭ ਹੋਵੇਗੀ। ਯਾਤਰਾ ਦਾ ਕਾਫ਼ਲਾ ਮਥੁਰਾ, ਕੋਸੀ, ਹੋਡਲ, ਪਲਵਲ, ਸਿਕਰੀ, ਬੱਲਭਗੜ੍ਹ ਅਤੇ ਫਰੀਦਾਬਾਦ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਪਹੁੰਚੇਗਾ।
ਉਨ੍ਹਾਂ ਕਿਹਾ ਕਿ ਇਹ ਯਾਤਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਉਸ ਮਹਾਨ ਅਤੇ ਅਦੁੱਤੀ ਸ਼ਹਾਦਤ ਨੂੰ ਨਤਮਸਤਕ ਹੋਣ ਦਾ ਉਪਰਾਲਾ ਹੈ, ਜਿਸ ਨੇ ਸਮੁੱਚੀ ਮਨੁੱਖਤਾ ਨੂੰ ਧਾਰਮਿਕ ਆਜ਼ਾਦੀ, ਸਹਿਣਸ਼ੀਲਤਾ, ਆਪਸੀ ਸਤਿਕਾਰ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦਾ ਅਮਿੱਟ ਸੰਦੇਸ਼ ਦਿੱਤਾ। ਗੁਰੂ ਸਾਹਿਬ ਅਤੇ ਤਿੰਨਾਂ ਮਹਾਨ ਗੁਰਸਿੱਖਾਂ ਦੀਆਂ ਕੁਰਬਾਨੀਆਂ ਰਹਿੰਦੀ ਦੁਨੀਆ ਤੱਕ ਮਨੁੱਖਤਾ ਲਈ ਪ੍ਰੇਰਨਾ ਸਰੋਤ ਬਣੀਆਂ ਰਹਿਣਗੀਆਂ।
- Download Babushahi App
-
-