Lady IAS ਅਧਿਕਾਰੀ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ MLA ਗ੍ਰਿਫ਼ਤਾਰ
ਪੁਲਿਸ ਨੇ ਘਰੋਂ ਲਿਆ ਹਿਰਾਸਤ ਵਿੱਚ; ਮਦਰਾਸ ਹਾਈ ਕੋਰਟ ਦੇ ਦਖ਼ਲ ਮਗਰੋਂ ਤੇਜ਼ ਹੋਈ ਕਾਰਵਾਈ
ਚੇਨਈ/ਕਾਲਾਕੁਰਿਚੀ, 28 ਨਵੰਬਰ, 2026: ਤਾਮਿਲਨਾਡੂ ਦੇ ਕਾਲਾਕੁਰਿਚੀ ਵਿਧਾਨ ਸਭਾ ਹਲਕੇ ਤੋਂ ਸੱਤਾਧਾਰੀ ਪਾਰਟੀ ਤਮਿਲਗਾ ਵੇਤਰੀ ਕਜ਼ਾਗਮ (TVK) ਦੇ ਵਿਧਾਇਕ ਸੀ. ਅਰੂਲ ਵਿਗਨੇਸ਼ ਨੂੰ ਇੱਕ ਮਹਿਲਾ ਆਈ.ਏ.ਐੱਸ. (IAS) ਅਧਿਕਾਰੀ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਗੰਭੀਰ ਦੋਸ਼ਾਂ ਹੇਠ ਜ਼ਿਲ੍ਹਾ ਮਹਿਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਹਿਲਾ ਅਧਿਕਾਰੀ ਵੱਲੋਂ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਇੰਸਪੈਕਟਰ ਪੀ. ਭੁਵਨੇਸ਼ਵਰੀ ਦੀ ਅਗਵਾਈ ਵਾਲੀ ਮਹਿਲਾ ਪੁਲਿਸ ਟੀਮ ਨੇ ਕਾਲਾਕੁਰਿਚੀ ਦੀ ਇੱਕ ਮੈਜਿਸਟ੍ਰੇਟ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤੇ ਅਤੇ ਸ਼ੁੱਕਰਵਾਰ ਸ਼ਾਮ ਲਗਭਗ 6:15 ਵਜੇ ਮੁਲਜ਼ਮ ਵਿਧਾਇਕ ਨੂੰ ਉਸ ਦੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਲਈ ਥਾਣੇ ਲੈ ਗਈ। ਪੁਲਿਸ ਅਧਿਕਾਰੀਆਂ ਅਨੁਸਾਰ, ਵਿਧਾਇਕ ਅਰੂਲ ਵਿਗਨੇਸ਼ ਨੂੰ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਉਸ ਦੀ ਡਾਕਟਰੀ ਜਾਂਚ ਕਰਵਾਈ ਜਾਵੇਗੀ।
ਆਪਣੀ ਸ਼ਿਕਾਇਤ ਵਿੱਚ ਮਹਿਲਾ ਆਈ.ਏ.ਐੱਸ. ਅਧਿਕਾਰੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਦੀ ਪਾਰਟੀ ਦੇ ਵਿਧਾਇਕ ਅਰੂਲ ਵਿਗਨੇਸ਼ 'ਤੇ ਅਸ਼ਲੀਲ ਹਰਕਤਾਂ ਕਰਨ ਅਤੇ ਦੁਰਵਿਵਹਾਰ ਕਰਨ ਦੇ ਦੋਸ਼ ਲਗਾਏ ਹਨ। ਮਹਿਲਾ ਪੁਲਿਸ ਨੇ ਇਸ ਸ਼ਿਕਾਇਤ ਦੇ ਆਧਾਰ 'ਤੇ ਸਬੰਧਤ ਅਪਰਾਧਿਕ ਧਾਰਾਵਾਂ ਅਤੇ ਤਾਮਿਲਨਾਡੂ ਮਹਿਲਾ ਪਰੇਸ਼ਾਨੀ ਰੋਕੂ ਐਕਟ ਦੀ ਧਾਰਾ 4 ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਦਰਾਸ ਹਾਈ ਕੋਰਟ ਵੱਲੋਂ ਸਖ਼ਤ ਦਖ਼ਲ ਦਿੱਤੇ ਜਾਣ ਤੋਂ ਬਾਅਦ ਤਿਰੂਪੁਰ ਦੀ ਸੁਪਰਡੈਂਟ ਆਫ਼ ਪੁਲਿਸ (SP) ਸ੍ਰਿਸ਼ਟੀ ਸਿੰਘ ਨੂੰ ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਐੱਨ. ਕਾਮਿਨੀ ਦੀ ਨਿਗਰਾਨੀ ਹੇਠ ਮਾਮਲੇ ਦਾ ਮੁੱਖ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਕਕਰਲਾ ਊਸ਼ਾ ਦੀ ਅਗਵਾਈ ਹੇਠ ਚਾਰ ਮੈਂਬਰੀ ਅੰਦਰੂਨੀ ਸ਼ਿਕਾਇਤ ਕਮੇਟੀ ਦਾ ਵੀ ਗਠਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 25 ਨਵੰਬਰ ਨੂੰ ਪੁਲਿਸ ਵੱਲੋਂ ਨੋਟਿਸ ਜਾਰੀ ਕੀਤੇ ਜਾਣ 'ਤੇ ਵਿਧਾਇਕ ਅਰੂਲ ਵਿਗਨੇਸ਼ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ।
- Download Babushahi App
-
-