ਅਕਾਲੀ ਦਲ-BJP ਗੱਠਜੋੜ ਤੋਂ ਬਾਅਦ ਪਹਿਲੀ ਸਾਂਝੀ ਬੈਠਕ, ਸੁਖਬੀਰ ਬਾਦਲ ਦੀ ਰਿਹਾਇਸ਼ ’ਤੇ ਜੁੜੇ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ
ਸੀਟ ਸ਼ੇਅਰਿੰਗ ਨੂੰ ਲੈ ਕੇ ਫਿਲਹਾਲ ਕੋਈ ਖ਼ਾਸ ਚਰਚਾ ਨਹੀਂ, 8 ਦਸੰਬਰ ਦੀ ਮੋਗਾ ਰੈਲੀ ਦੀਆਂ ਤਿਆਰੀਆਂ ਰਹੀਆਂ ਮੁੱਖ ਏਜੰਡਾ, ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ ਰੈਲੀ ’ਚ ਪਹੁੰਚਣਗੇ PM ਮੋਦੀ
Prab
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਅੱਜ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਪਹਿਲੀ ਸਾਂਝੀ ਬੈਠਕ ਹੋਈ। ਇਹ ਬੈਠਕ ਚੰਡੀਗੜ੍ਹ ਦੇ ਸੈਕਟਰ-9 ਸਥਿਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਹੋਈ। ਇਸ ਮੀਟਿੰਗ ਵਿੱਚ ਦੋਵਾਂ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਆਉਣ ਵਾਲੇ ਸਿਆਸੀ ਪ੍ਰੋਗਰਾਮਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ।
ਇਸ ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ, ਬੰਟੀ ਰੋਮਾਣਾ, ਸਿਕੰਦਰ ਸਿੰਘ ਮਲੂਕਾ, ਬਲਵਿੰਦਰ ਸਿੰਘ ਭੂੰਦੜ ਅਤੇ ਬਿਕਰਮ ਸਿੰਘ ਮਜੀਠੀਆ ਮੌਜੂਦ ਰਹੇ। ਉੱਥੇ ਹੀ ਭਾਜਪਾ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਅਨਿਲ ਸਰੀਨ ਨੇ ਸ਼ਿਰਕਤ ਕੀਤੀ।
8 ਦਸੰਬਰ ਦੀ ਮੋਗਾ ਰੈਲੀ ਰਹੀ ਮੀਟਿੰਗ ਦਾ ਮੁੱਖ ਏਜੰਡਾ
ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਹੋਈ ਇਸ ਬੈਠਕ ਦਾ ਮੁੱਖ ਕੇਂਦਰ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਰਿਹਾ। ਇਹ ਰੈਲੀ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗੀ। ਇਸ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ।
ਰੈਲੀ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਰੈਲੀ ਦੇ ਪ੍ਰਬੰਧਾਂ, ਤਿਆਰੀਆਂ, ਲੋਕਾਂ ਦੇ ਇਕੱਠ ਅਤੇ ਦੋਵਾਂ ਪਾਰਟੀਆਂ ਦੀ ਭੂਮਿਕਾ ਸਮੇਤ ਵੱਖ-ਵੱਖ ਪਹਿਲੂਆਂ ’ਤੇ ਗੱਲਬਾਤ ਹੋਈ। ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੀ ਇਹ ਪਹਿਲੀ ਸਾਂਝੀ ਬੈਠਕ ਸੀ, ਜਿਸ ਵਿੱਚ ਆਉਣ ਵਾਲੇ ਸਾਂਝੇ ਪ੍ਰੋਗਰਾਮ ਨੂੰ ਲੈ ਕੇ ਤਾਲਮੇਲ ਬਣਾਉਣ ’ਤੇ ਜ਼ੋਰ ਰਿਹਾ।
ਸੀਟ ਸ਼ੇਅਰਿੰਗ ’ਤੇ ਨਹੀਂ ਹੋਈ ਕੋਈ ਖ਼ਾਸ ਚਰਚਾ
ਇਸ ਬੈਠਕ ਤੋਂ ਬਾਅਦ ਜਦੋਂ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਸੀਟ ਸ਼ੇਅਰਿੰਗ ਦੇ ਫਾਰਮੂਲੇ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮੁੱਦੇ ’ਤੇ ਕੋਈ ਖ਼ਾਸ ਚਰਚਾ ਨਹੀਂ ਹੋਈ। ਆਗੂਆਂ ਮੁਤਾਬਕ ਅੱਜ ਦੀ ਮੀਟਿੰਗ ਦਾ ਮੁੱਖ ਏਜੰਡਾ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਹੀ ਸਨ।
ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਕੱਠਿਆਂ ਦੁਪਹਿਰ ਦਾ ਖਾਣਾ ਵੀ ਖਾਧਾ। ਮੀਟਿੰਗ ਦੌਰਾਨ ਦੋਵਾਂ ਪਾਰਟੀਆਂ ਦੇ ਆਗੂ ਆਪਸੀ ਸਹਿਮਤੀ ਨਾਲ ਵਿਚਾਰ-ਵਟਾਂਦਰਾ ਕਰਦੇ ਨਜ਼ਰ ਆਏ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਹੋਈ ਇਹ ਪਹਿਲੀ ਸਾਂਝੀ ਬੈਠਕ ਸੀ। ਹਾਲਾਂਕਿ ਸੀਟਾਂ ਦੀ ਵੰਡ ਨੂੰ ਲੈ ਕੇ ਅਜੇ ਕੋਈ ਚਰਚਾ ਸਾਹਮਣੇ ਨਹੀਂ ਆਈ, ਪਰ 8 ਦਸੰਬਰ ਦੀ ਮੋਗਾ ਰੈਲੀ ਲਈ ਦੋਵਾਂ ਪਾਰਟੀਆਂ ਨੇ ਤਿਆਰੀਆਂ ਅਤੇ ਆਪਸੀ ਤਾਲਮੇਲ ਨੂੰ ਲੈ ਕੇ ਵਿਚਾਰ-ਵਟਾਂਦਰਾ ਸ਼ੁਰੂ ਕਰ ਦਿੱਤਾ ਹੈ।
- Download Babushahi App
-
-