'ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਸਮਾਪਤੀ ਸਮਾਰੋਹ 'ਚ 29 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ: ਆਸ਼ਿਕਾ ਜੈਨ
- ਲਾਜਵੰਤੀ ਸਟੇਡੀਅਮ ਵਿਖੇ ਸ਼ਾਮ 4 ਵਜੇ ਹੋਵੇਗਾ ਸਮਾਗਮ
- ਪ੍ਰਸਿੱਧ ਗਾਇਕ ਮੀਕਾ ਸਿੰਘ ਬੰਨ੍ਹਣਗੇ ਰੰਗ, ਜੇਤੂ ਖਿਡਾਰੀਆਂ ਦਾ ਕੀਤਾ ਜਾਵੇਗਾ ਸਨਮਾਨ
- ਡਿਪਟੀ ਕਮਿਸ਼ਨਰ ਨੇ ਲਾਜਵੰਤੀ ਸਟੇਡੀਅਮ ਪਹੁੰਚ ਕੇ ਤਿਆਰੀਆਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 28 ਨਵੰਬਰ:ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਰੋਹ 29 ਨਵੰਬਰ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਕਰਵਾਇਆ ਜਾਵੇਗਾ। ਇਸ ਸ਼ਾਨਦਾਰ ਸਮਾਰੋਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਰੋਹ ਦੌਰਾਨ ਜਿੱਥੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਤੋਂ ਇਲਾਵਾ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਵੀ ਖਿੱਚ ਦਾ ਕੇਂਦਰ ਰਹਿਣਗੇ।
ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲਾਜਵੰਤੀ ਸਟੇਡੀਅਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨਾਲ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਮਾਰੋਹ ਨੂੰ ਸੁਚਾਰੂ ਅਤੇ ਯਾਦਗਾਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਇੱਕ ਖੇਡ ਸਮਾਗਮ ਨਹੀਂ, ਸਗੋਂ ਪੰਜਾਬ ਦੀ ਖੇਡ ਭਾਵਨਾ, ਪ੍ਰਤਿਭਾ ਅਤੇ ਖੇਡ ਸੱਭਿਆਚਾਰ ਨੂੰ ਸਮਰਪਿਤ ਇੱਕ ਮਹੱਤਵਪੂਰਨ ਪਹਿਲ ਹੈ। ਇਸ ਉਪਰਾਲੇ ਰਾਹੀਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲੇ ਹਨ ਅਤੇ ਸੂਬੇ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਨਵੀਂ ਊਰਜਾ ਮਿਲੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸ ਸੀਜ਼ਨ ਦਾ ਸੂਬਾ ਪੱਧਰੀ ਸਮਾਪਤੀ ਸਮਾਰੋਹ ਜ਼ਿਲ੍ਹੇ ਵਿੱਚ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਸ਼ਾਮ 4 ਵਜੇ ਲਾਜਵੰਤੀ ਸਟੇਡੀਅਮ ਵਿਖੇ ਸਮਾਰੋਹ ਦੀ ਸ਼ੁਰੂਆਤ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਉਣਗੇ। ਸਮਾਰੋਹ ਦੌਰਾਨ ਪ੍ਰਸਿੱਧ ਗਾਇਕ ਮੀਕਾ ਸਿੰਘ ਦੀ ਵਿਸ਼ੇਸ਼ ਪੇਸ਼ਕਾਰੀ ਦੇ ਨਾਲ-ਨਾਲ ਹੋਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਸ਼ਾਨਦਾਰ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰਾਂ ਸਮੇਤ 29 ਨਵੰਬਰ ਨੂੰ ਸ਼ਾਮ 4 ਵਜੇ ਲਾਜਵੰਤੀ ਸਟੇਡੀਅਮ ਵਿਖੇ ਪਹੁੰਚਣ ਅਤੇ ਖਿਡਾਰੀਆਂ ਦਾ ਹੌਸਲਾ ਵਧਾਉਣ ਦੇ ਨਾਲ-ਨਾਲ ਇਸ ਯਾਦਗਾਰ ਸਮਾਗਮ ਦਾ ਹਿੱਸਾ ਬਣਨ।
ਤਿਆਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਰੋਹ ਦੇ ਮੱਦੇਨਜ਼ਰ ਸੁਰੱਖਿਆ, ਆਵਾਜਾਈ ਪ੍ਰਬੰਧ, ਪਾਰਕਿੰਗ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਸਿਹਤ ਸੇਵਾਵਾਂ ਅਤੇ ਬੈਠਣ ਦੇ ਢੁਕਵੇਂ ਪ੍ਰਬੰਧਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਰੋਹ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਸਾਰੇ ਵਿਭਾਗ ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ, ਤਾਂ ਜੋ ਪ੍ਰੋਗਰਾਮ ਨੂੰ ਸ਼ਾਨਦਾਰ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਟੇਡੀਅਮ ਵਿੱਚ ਆਉਣ ਵਾਲੇ ਦਰਸ਼ਕਾਂ ਅਤੇ ਮਹਿਮਾਨਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਹਰੇਕ ਵਿਭਾਗ ਆਪਣੇ ਪੱਧਰ ’ਤੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਗੰਭੀਰਤਾ ਨਾਲ ਨਿਭਾਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਸੁਮਿਤ ਮੁੱਧ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ ਬੈਂਸ, ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਨਗਰ ਨਿਗਮ ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
- Download Babushahi App
-
-