31 ਦਸੰਬਰ ਤੋਂ ਪਹਿਲਾਂ ਬਠਿੰਡਾ ਦੀਆਂ ਸਮੂਹ ਪ੍ਰੀਮਿਕਸ ਸੜਕਾਂ ਨੂੰ ਦਰੁਸਤ ਕਰਨ ਦੇ ਟੀਚੇ ਨਾਲ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾ ਰਹੀ ਹੈ ਤੇਜ਼ੀ : ਮੇਅਰ
ਅਸ਼ੋਕ ਵਰਮਾ
ਬਠਿੰਡਾ, 28 ਨਵੰਬਰ 2026 : ਬਠਿੰਡਾ ਸ਼ਹਿਰ ਨੂੰ ਖੱਡਾ ਮੁਕਤ, ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਬਣਾਉਣ ਦੇ ਉਦੇਸ਼ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਲਗਾਤਾਰ ਤੇਜ਼ੀ ਫੜ ਰਹੀ ਹੈ। ਇਸੇ ਲੜੀ ਤਹਿਤ ਅੱਜ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 2 ਦੇ ਕੌਂਸਲਰ ਸ੍ਰੀ ਹਰਵੀਰ ਸਿੰਘ ਰਿੱਪੂ ਅਤੇ ਵਾਰਡ ਨੰਬਰ 4 ਦੇ ਕੌਂਸਲਰ ਸ੍ਰੀ ਉਮੇਸ਼ ਗਰਗ ਗੋਗੀ ਦੇ ਵਾਰਡਾਂ ਵਿੱਚ ਪ੍ਰੀਮਿਕਸ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਬਾਬਾ ਫਰੀਦ ਨਗਰ ਦੀ ਗਲੀ ਨੰਬਰ 5 ਤੋਂ ਕਰਵਾਈ।
ਇਸ ਮੌਕੇ ਕੌਂਸਲਰ ਸ੍ਰੀ ਹਰਵੀਰ ਸਿੰਘ ਰਿੱਪੂ, ਕੌਂਸਲਰ ਸ੍ਰੀ ਉਮੇਸ਼ ਗਰਗ ਗੋਗੀ ਤੋਂ ਇਲਾਵਾ ਸ੍ਰੀ ਅਵਤਾਰ ਸਿੰਘ, ਸ੍ਰੀ ਕਮਲਦੀਪ ਸਿੰਘ, ਸ੍ਰੀ ਗੁਰਤੇਜ ਸਿੰਘ, ਸ੍ਰੀ ਅਸਾਂਜੀਤ ਸਿੰਘ, ਸ੍ਰੀ ਪਰਮਜੀਤ ਸਿੰਘ ਪੰਮਾ, ਸ੍ਰੀ ਰਾਧੇ, ਸ੍ਰੀ ਧਨੀ ਰਾਮ, ਸ੍ਰੀ ਸੁਖਮੰਦਰ ਸਿੰਘ, ਸ੍ਰੀ ਗੁਲਸ਼ਨ ਸ਼ਰਮਾ, ਸ੍ਰੀ ਜੱਸੀ ਸੈਖੋਂ, ਸ੍ਰੀ ਕੁਲਵੀਰ ਸਿੰਘ, ਸ੍ਰੀ ਹਰਦੇਵ ਸਿੰਘ, ਸ੍ਰੀ ਜਗਤਾਰ ਸਿੰਘ, ਸ੍ਰੀ ਪਰਗਟ ਸਿੰਘ, ਸ੍ਰੀ ਮਨਪ੍ਰੀਤ ਸਿੰਘ ਸ਼ੈਂਟੀ, ਸ੍ਰੀ ਬਲਜਿੰਦਰ ਸਿੰਘ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਨਗਰ ਨਿਗਮ ਪੂਰੀ ਗੰਭੀਰਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਨੁਸਾਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਨੂੰ ਖੱਡਾ ਮੁਕਤ ਬਣਾਉਣਾ ਨਗਰ ਨਿਗਮ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਇਸ ਲਈ ਵੱਖ-ਵੱਖ ਵਾਰਡਾਂ ਵਿੱਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮ ਪੜਾਅਵਾਰ ਤਰੀਕੇ ਨਾਲ ਕਰਵਾਏ ਜਾ ਰਹੇ ਹਨ। ਸਾਡਾ ਟੀਚਾ ਹੈ ਕਿ 31 ਦਸੰਬਰ ਤੋਂ ਪਹਿਲਾਂ ਬਠਿੰਡਾ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਨੂੰ ਦਰੁਸਤ ਕਰਕੇ ਲੋਕਾਂ ਨੂੰ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ।
ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਵਿਕਾਸ ਸਿਰਫ਼ ਵੱਡੇ ਪ੍ਰੋਜੈਕਟਾਂ ਤੱਕ ਹੀ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਸ਼ਹਿਰ ਦੀ ਹਰ ਗਲੀ, ਮੁਹੱਲੇ ਅਤੇ ਵਾਰਡ ਤੱਕ ਵਿਕਾਸ ਦਾ ਲਾਭ ਪਹੁੰਚਣਾ ਜ਼ਰੂਰੀ ਹੈ। ਆਮ ਨਾਗਰਿਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਜਿਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੀ ਨਗਰ ਨਿਗਮ ਦੀ ਕਾਰਜਸ਼ੈਲੀ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਬਠਿੰਡਾ ਦੇ ਸਰਵਪੱਖੀ ਵਿਕਾਸ ਲਈ ਨਗਰ ਨਿਗਮ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਦੇ ਹਰੇਕ ਖੇਤਰ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਂਦੇ ਰਹਿਣਗੇ।
- Download Babushahi App
-
-