ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ: ਲੁੱਟ-ਖੋਹ ਦੀ ਵਾਰਦਾਤ ਸੁਲਝੀ, ਤਿੰਨ ਮੁਲਜ਼ਮ ਗ੍ਰਿਫ਼ਤਾਰ; ਸੋਨੇ ਦੇ ਗਹਿਣੇ ਤੇ ਵਾਰਦਾਤ ਵਿੱਚ ਵਰਤੇ ਵਾਹਨ ਬਰਾਮਦ
ਮੁਲਜ਼ਮਾਂ ਕੋਲੋਂ ਸੋਨੇ ਦੀ ਚੇਨ, ਚੂੜੀਆਂ, ਅੰਗੂਠੀਆਂ, ਚਾਂਦੀ ਦੀਆਂ ਝਾਂਜਰਾਂ ਸਮੇਤ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਅਤੇ ਲਾਲ ਰੰਗ ਦਾ ਈ-ਰਿਕਸ਼ਾ ਕਬਜ਼ੇ ਵਿੱਚ ਲਿਆ
ਸੁਖਮਿੰਦਰ ਭੰਗੂ
ਲੁਧਿਆਣਾ 29 ਨਵੰਬਰ 2026
ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਲੁੱਟ-ਖੋਹ ਦੇ ਇੱਕ ਮਾਮਲੇ ਨੂੰ ਸੁਲਝਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਖੋਹੇ ਗਏ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਵਾਹਨ ਵੀ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਲੁਧਿਆਣਾ ਸਤਿੰਦਰ ਸਿੰਘ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੁੱਟਾਂ-ਖੋਹਾਂ ਅਤੇ ਨਸ਼ਾ ਤਸਕਰੀ ਵਰਗੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜੁਆਇੰਟ ਕਮਿਸ਼ਨਰ ਪੁਲਿਸ (ਸ਼ਹਿਰੀ) ਰੁਪਿੰਦਰ ਸਿੰਘ, ਆਈ.ਪੀ.ਐੱਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜ਼ੋਨ-3 ਧਾਰਾਵਤ ਸਾਈ ਪ੍ਰਕਾਸ਼, ਆਈ.ਪੀ.ਐੱਸ. ਅਤੇ ਸਹਾਇਕ ਕਮਿਸ਼ਨਰ ਪੁਲਿਸ ਸਿਵਲ ਲਾਈਨ ਸਰਬਜੀਤ ਸਿੰਘ ਚੀਮਾ, ਪੀ.ਪੀ.ਐੱਸ. ਦੀ ਅਗਵਾਈ ਹੇਠ ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ।
ਪ੍ਰਾਪਤ ਜਾਣਕਾਰੀ ਅਨੁਸਾਰ 28 ਨਵੰਬਰ 2026 ਨੂੰ ਪਰਮਿੰਦਰ ਕੌਰ ਪਤਨੀ ਮਨਪ੍ਰੀਤ ਸਿੰਘ, ਵਾਸੀ ਜੋਤੀ ਕਲੋਨੀ, ਜਮਾਲਪੁਰ, ਲੁਧਿਆਣਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁਝ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਬੇਸਬਾਲ ਦਿਖਾ ਕੇ ਉਸ ਨੂੰ ਡਰਾਇਆ-ਧਮਕਾਇਆ ਅਤੇ ਉਸ ਦੇ ਗਹਿਣੇ ਤੇ ਪਰਸ ਖੋਹ ਕੇ ਫ਼ਰਾਰ ਹੋ ਗਏ।
ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਉਸ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨ, ਸੋਨੇ ਦੀਆਂ ਚੂੜੀਆਂ, ਅੰਗੂਠੀ ਅਤੇ ਕੰਨਾਂ ਦੀਆਂ ਵਾਲੀਆਂ ਸਮੇਤ ਪਰਸ ਖੋਹ ਕੇ ਲੈ ਗਏ ਸਨ। ਪਰਸ ਵਿੱਚ ਸੋਨੇ ਦੀਆਂ ਹੋਰ ਅੰਗੂਠੀਆਂ, ਚਾਂਦੀ ਦੀਆਂ ਝਾਂਜਰਾਂ ਦਾ ਜੋੜਾ, ਲਗਭਗ 40 ਹਜ਼ਾਰ ਰੁਪਏ ਨਕਦ, ਓਪੋ ਕੰਪਨੀ ਦਾ ਮੋਬਾਈਲ ਫ਼ੋਨ, ਜ਼ਰੂਰੀ ਦਸਤਾਵੇਜ਼ ਅਤੇ ਚੈੱਕ ਬੁੱਕ ਵੀ ਮੌਜੂਦ ਸੀ।
ਇਸ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਡਵੀਜ਼ਨ ਨੰਬਰ-5 ਲੁਧਿਆਣਾ ਵਿਖੇ ਮੁਕੱਦਮਾ ਨੰਬਰ 347, ਮਿਤੀ 28 ਨਵੰਬਰ 2026 ਨੂੰ ਧਾਰਾ 304(2) ਅਤੇ 3(5) ਬੀ.ਐੱਨ.ਐੱਸ. ਤਹਿਤ ਦਰਜ ਕੀਤਾ ਗਿਆ। ਮਾਮਲੇ ਦੀ ਜਾਂਚ ਦੌਰਾਨ ਚੌਕੀ ਬੱਸ ਸਟੈਂਡ ਦੇ ਇੰਚਾਰਜ ਸਹਾਇਕ ਥਾਣੇਦਾਰ ਕਰਨਪ੍ਰਤਾਪ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਮੁਖਬਰ ਖ਼ਾਸ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸ਼ਿਕਾਇਤਕਰਤਾ ਕੋਲੋਂ ਕਰਵਾਈ ਗਈ। ਇਸ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਲੁੱਟੇ ਗਏ ਗਹਿਣੇ ਅਤੇ ਵਾਰਦਾਤ ਵਿੱਚ ਵਰਤੇ ਗਏ ਵਾਹਨ ਬਰਾਮਦ ਕੀਤੇ ਗਏ।
ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਵਿੱਚ ਇੱਕ ਸੋਨੇ ਦਾ ਲਾਕੇਟ, ਤਿੰਨ ਸੋਨੇ ਦੀਆਂ ਅੰਗੂਠੀਆਂ, ਸੋਨੇ ਦੀਆਂ ਦੋ ਚੂੜੀਆਂ, ਇੱਕ ਸੋਨੇ ਦੀ ਚੇਨ, ਚਾਂਦੀ ਦੀਆਂ ਝਾਂਜਰਾਂ ਦਾ ਇੱਕ ਜੋੜਾ, ਇੱਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਲਾਲ ਰੰਗ ਦਾ ਈ-ਰਿਕਸ਼ਾ ਸ਼ਾਮਲ ਹੈ।
ਪੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਉਕਤ ਮੁਕੱਦਮੇ ਵਿੱਚ ਧਾਰਾ 317(2) ਬੀ.ਐੱਨ.ਐੱਸ. ਦਾ ਵਾਧਾ ਵੀ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਵਾਰਦਾਤ ਸਬੰਧੀ ਹੋਰ ਅਹਿਮ ਜਾਣਕਾਰੀਆਂ ਹਾਸਲ ਕਰਨ ਦੇ ਨਾਲ-ਨਾਲ ਇਹ ਵੀ ਪਤਾ ਲਗਾਇਆ ਜਾ ਸਕੇ ਕਿ ਉਹ ਕਿਸੇ ਹੋਰ ਅਪਰਾਧਿਕ ਵਾਰਦਾਤ ਵਿੱਚ ਸ਼ਾਮਲ ਤਾਂ ਨਹੀਂ ਰਹੇ।
ਲੁਧਿਆਣਾ ਪੁਲਿਸ ਦੀ ਇਸ ਕਾਰਵਾਈ ਨਾਲ ਲੁੱਟ-ਖੋਹ ਦੀ ਇੱਕ ਵਾਰਦਾਤ ਨੂੰ ਸੁਲਝਾਉਣ ਵਿੱਚ ਸਫ਼ਲਤਾ ਮਿਲੀ ਹੈ। ਪੁਲਿਸ ਵੱਲੋਂ ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ 'ਤੇ ਨਕੇਲ ਕੱਸਣ ਲਈ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
- Download Babushahi App
-
-