ਡਿਪਟੀ ਕਮਿਸ਼ਨਰ ਸੰਗਰੂਰ ਸ਼ੀ੍ਰ ਅਮਰਪ੍ਰਤਾਪ ਸਿੰਘ ਵਿਰਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦੇ ਹੋਏ।
ਸੰਗਰੂਰ, 30 ਮਈ, 2017 : ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ. ਅਮਰਪ੍ਰਤਾਪ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ 'ਚ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਕੇਸਾਂ ਬਾਰੇ ਜਾਣਕਾਰੀ ਲਈ ਅਤੇ ਬਕਾਇਆ ਕੇਸਾਂ ਨੂੰ ਸਮੇਂ ਸਿਰ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਹੋਣ ਤੋਂ ਬਾਅਦ ਇੰਤਕਾਲ ਦੇ ਕੰਮ ਨੂੰ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਸ. ਵਿਰਕ ਨੇ ਮਾਲ ਵਿਭਾਗ ਅਤੇ ਹੋਰਨਾਂ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਰਿਕਵਰੀ ਕੇਸਾਂ ਦੇ ਮਾਮਲੇ 'ਚ ਵਧੇਰੇ ਤਨਦੇਹੀ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਬਕਾਇਆ ਰਿਕਵਰੀ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਸਥਾਪਤ ਸੇਵਾ ਕੇਂਦਰਾਂ 'ਤੇ ਰਿਹਾਇਸ਼ੀ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੇਵਾਵਾਂ , ਜਾਤੀ ਸਰਟੀਫਿਕੇਟ ਆਦਿ ਦੇ ਕੇਸਾਂ ਨੂੰ ਸਮੇਂ ਸਿਰ ਨਿਪਟਾਇਆ ਜਾਵੇ ਤਾਂ ਜੋ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਹਿੱਤ ਦੇ ਕੰਮ ਨੂੰ ਪਹਿਲਕਦਮੀ ਨਾਲ ਕਰਨ ਲਈ ਸਰਕਾਰ ਵੱਲੋਂ ਸਥਾਪਤ ਸੇਵਾਂ ਕੇਂਦਰਾਂ ਦੇ ਕੰਮ ਅੰਦਰ ਅਣਗਹਿਲੀ ਜਾਂ ਦੇਰੀ ਕਿਸੇ ਕੀਮਤ ਦੇ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਐਸ.ਡੀ.ਐਮਜ਼ ਵਿਭਾਗੀ ਪੜ੍ਹਤਾਲਾਂ ਦੇ ਬਕਾਇਆ ਕੇਸਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜਾਉਣਾ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਉਪਕਾਰ ਸਿੰਘ, ਐਸ.ਡੀ.ਐਮ. ਸੰਗਰੂਰ ਸੋਨਮ ਚੋਧਰੀ, ਐਸ.ਡੀ.ਐਮ. ਲਹਿਰਾਗਾਗਾ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ ਸੁਨਾਮ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਧੂਰੀ ਅਮਰੇਸ਼ਵਰ ਸਿੰਘ ,ਐਸ.ਡੀ.ਐਮ ਮਲੇਰਕੋਟਲਾ ਪ੍ਰੀਤੀ ਯਾਦਵ , ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।