ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀ ਰਾਮਵੀਰ ਅਤੇ ਹਾਜ਼ਰ ਅਧਿਕਾਰੀ।
ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 22 ਜੂਨ, 2017 : ਜ਼ਿਲ੍ਹਾ ਸਿਹਤ ਸੁਸਾਇਟੀ ਦੀ ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੇ ਵੱਖ-ਵੱਖ ਪ੍ਰਾਜੈਕਟਾਂ/ਯੋਜਨਾਵਾਂ ਦਾ ਰੀਵਿਊ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਮਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ 2 ਜੁਲਾਈ ਤੋ 4 ਜੁਲਾਈ 2017 ਤੱਕ ਦੇਸ਼ ਵਿਆਪੀ ਐਨ.ਆਈ.ਡੀ ਪਲਸ ਪੋਲੀਓ ਮੁਹਿੰਮ ਆਰੰਭੀ ਜਾ ਰਹੀ ਹੈ, ਇਸ ਮੁਹਿੰਮ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅਸਰਦਾਰ ਢੰਗ ਨਾਲ ਚਲਾਉਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣਾ ਸਹਿਯੋਗ ਦੇਣ ਤਾਂ ਜੋ ਕਿਸੇ ਕਾਰਨ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਚਲਾਉਣ ਲਈ ਸਿੱਖਿਆ, ਇਸਤਰੀ ਤੇ ਬਾਲ ਵਿਕਾਸ , ਲੋਕ ਸੰਪਰਕ, ਪੇਂਡੂ ਵਿਕਾਸ, ਟਰਾਂਸਪੋਰਟ, ਲੋਕ ਨਿਰਮਾਣ, ਐਸ.ਐਮ.ਓ. ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਫੂਡ ਐਂਡ ਸਪਲਾਈ ਕੰਟਰੋਲਰ, ਪੁਲਿਸ, ਫੂਡ ਤੇ ਸਿਵਲ ਸਪਲਾਈ ਵਿਭਾਗਾਂ ਤੋਂ ਇਲਾਵਾ ਸਬ ਡਵੀਜ਼ਨ ਪੱਧਰ ਤੇ ਸਿਵਲ ਪ੍ਰਸ਼ਾਸਨ, ਜ਼ਿਲ੍ਹਾ ਹੈੱਡਕੁਆਟਰ ਕੰਟਰੋਲਰ ਰੂਮ ਅਤੇ ਐਨ.ਜੀ.ਓਜ਼ ਦਾ ਵੀ ਸਹਿਯੋਗ ਲਿਆ ਜਾਵੇ ਤਾਂ ਜੋ ਕਿਸੇ ਕਾਰਨ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਨੇ ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੌਰਾਨ ਮਿਤੀ 30 ਜੂਨ 2017 ਤੋਂ 5 ਦਿਨ ਲਗਾਤਾਰ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਤਾਂ ਜੋ ਪੋਲੀਓ ਬੂੰਦਾਂ ਸਟੋਰੇਜ ਪੁਆਇੰਟਾਂ ਨੂੰ ਲਗਾਤਾਰ ਬਿਜਲੀ ਸਪਲਾਈ ਮਿਲ ਸਕੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਲਸ ਪੋਲੀਓ ਮੁਹਿੰਮ ਅਤੇ ਸਿਹਤ ਸੇਵਾਵਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਤਾਂ ਜੋ ਸਰਕਾਰ ਵੱਲੋਂ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ ਅਤੇ ਵਿਭਾਗ ਕੋਲ ਪਏ ਫ਼ੰਡਾਂ ਨੂੰ ਸਿਹਤ ਸੰਸਥਾਵਾਂ ਦੇ ਕੰਮ ਲਈ ਵਰਤਿਆ ਜਾਵੇ। ਉਨ੍ਹਾਂ ਨੇ ਆਗਾਮੀ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਮਲੇਰੀਆ ਅਤੇ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਓ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਢੁਕਵੀਂ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚ ਸਾਫ਼ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣ।
ਉਨ੍ਹਾਂ ਨੇ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਰੋਗੀਆਂ ਦੀ ਭਲਾਈ ਲਈ ਮਿਲੀਆਂ ਗਰਾਂਟਾਂ ਦੇ ਖ਼ਰਚ ਸਬੰਧੀ ਵਿਚਾਰ ਚਰਚਾ ਵੀ ਕੀਤੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਰੋਗੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਜਨਨੀ ਸੁਰੱਖਿਆ ਯੋਜਨਾ, ਸਕੂਲ ਸਿਹਤ, ਰਾਸ਼ਟਰੀ ਰੂਰਲ ਹੈਲਥ ਮਿਸ਼ਨ ਸਮੇਤ ਸਰਕਾਰ ਦੀਆਂ ਵੱਖ-ਵੱਖ ਸਿਹਤ ਯੋਜਨਾਵਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਡਾ: ਅਦਿੱਤੀ ਸਲਾਰੀਆ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ ਸੰਜੀਵ ਗੁਪਤਾ ਸਹਾਇਕ ਸਿਵਲ ਸਰਜਨ, ਡਾ: ਰੇਨੂ ਸਿੰਗਲਾ ਡੀ.ਐਮ.ਸੀ, ਡਾ: ਯੁਵਰਾਜ ਨਾਰੰਗ, ਡਾ: ਹਰੀਸ਼ ਕਟਾਰੀਆ, ਡਾ: ਕੁਲਵਿੰਦਰ ਸਿੰਘ, ਸ੍ਰੀਮਤੀ ਜਯੋਤੀ ਬਾਲਾ, ਵਿਕਾਸ ਕਾਲੜਾ ਸਮੇਤ ਸਮੂਹ ਮੈਡੀਕਲ ਅਫ਼ਸਰ ਅਤੇ ਐਨ.ਜੀ.ਓਜ਼ ਤੋ ਇਲਾਵਾ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।