ਲੁਧਿਆਣਾ, 20 ਅਗਸਤ, 2017 : 9 ਸਤੰਬਰ, 2017 ਨੂੰ ਕੀਤੀ ਜਾ ਰਹੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਡਾ. ਗੁਰਪ੍ਰੀਤ ਕੌਰ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ ਰੇਖ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਦੇ ਕਾਨਫਰੰਸ ਹਾਲ ਵਿਖੇ ਵੱਖ-ਵੱਖ ਬੈਂਕਾਂ ਦੇ ਪ੍ਰਤੀਨਿਧੀਆਂ ਅਤੇ ਬੈਂਕਾਂ ਦੇ ਪੈਨਲ ਦੇ ਵਕੀਲਾਂਦੀ ਮੀਟਿੰਗ ਬੁਲਾਈ ਗਈ।
ਇਸ ਮੀਟਿੰਗ ਵਿੱਚ ਪਹੁੰਚੇ ਪ੍ਰਤੀਨਿਧੀਆਂ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਵੱਖ-ਵੱਖ ਬੈਂਕਾਂ ਦੇ ਪ੍ਰੀ-ਲਿਟੀਗੇਟਿਵ ਅਤੇ ਲੰਬਿਤ ਕੇਸਾਂ ਦੇ ਵੱਧ ਤੋਂ ਵੱਧ ਨਿਪਟਾਰੇ ਕਰਵਾਉਣ ਦੇ ਉਪਰਾਲੇ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਬੈਂਕਾਂ ਨੂੰ ਇਸ ਲੋਕ ਅਦਾਲਤ ਵਿਖੇ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਹਰ ਸੰਭਵ ਮਦਦ ਅਤੇ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਅਤੇ ਬੈਂਕਾਂ ਦੇ ਪ੍ਰਤੀਨਿਧੀਆਂ ਵੱਲੋਂ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਸੁਝਾਅ ਵੀ ਲਏ ਗਏ।
ਇਸ ਤੋਂ ਇਲਾਵਾ ਡਾ. ਗੁਰਪ੍ਰੀਤ ਕੌਰ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕ ਅਦਾਲਤ ਦੇ ਲਾਭਾਂ 'ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਮਾਮਲਿਆਂ ਨਾਲ ਦੋਵੇਂ ਧਿਰਾਂ ਦੀ ਧੰਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਇਸ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਹੈ ਅਤੇ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦਾ ਵੱਧ ਤੋਂ ਵੱਧ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ।