ਇੰਦਰਜੀਤ ਸਿੰਘ
ਫਾਜ਼ਿਲਕਾ, 21 ਅਗਸਤ, 2017 : 25 ਅਗਸਤ ਨੂੰ ਡੇਰਾ ਸੱਚਾ ਸੌਦਾ ਮੁੱਖੀ ਦੇ ਮਾਮਲੇ ਦੇ ਫੈਸਲੇ ਦੀ ਸੁਣਵਾਈ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਪੁਲਿਸ ਵਿਭਾਗ,ਪੈਰਾ ਮਿਲਟਰੀ ਫੋਰਸ, ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਪੈਰਾ ਮਿਲਟਰੀ ਫੋਰਸ ਨੂੰ ਡੇਰਾ ਸੱਚਾ ਸੌਦਾ ਦੇ ਨਾਮ-ਚਰਚਾ ਘਰਾਂ ਦੇ ਨੇੜੇ ਚੌਕਸੀ ਬਣਾਈ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਆਪਣੇ ਪੱਧਰ 'ਤੇ ਡੇਰਾ ਪ੍ਰਮੁੱਖਾਂ ਅਤੇ ਸਿੱਖ ਆਗੂਆਂ ਨਾਲ ਸ਼ਾਂਤੀ ਬਣਾਈ ਰੱਖਣ ਸਬੰਧੀ ਮੀਟਿੰਗ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇੱਕਠੇ ਖੜ੍ਹੇ ਹੋਣ 'ਤੇ ਮਨਾਹੀ ਕੀਤੀ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਇਸ ਗੰਭੀਰ ਸਥਿਤੀ ਨੂੰ ਵੇਖਦਿਆਂ ਹਾਈ ਅਲਰਟ ਘੋਸ਼ਿਤ ਕੀਤਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੀ ਗਲਤ ਅਫਵਾਹ ਨਾ ਫੈਲਾਈ ਜਾਵੇ।
ਚੀਫ ਸੈਕਟਰੀ ਵੱਲੋਂ ਡਿਪਟੀ ਕਮਿਸ਼ਨਰ ਨਾਲ ਡੇਰਾ ਸੱਚਾ ਸੌਦਾ ਦੇ ਫੈਸਲੇ ਸਬੰਧੀ ਕੀਤੀ ਗਈ ਵੀਡੀਓ ਕਨਫਰੈਸਿੰਗ ਉਪਰੰਤ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ 25 ਅਗਸਤ ਨੂੰ ਹਾਈ ਅਲਰਟ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹੇ ਅੰਦਰ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਪੁਲਿਸ ਵਿਭਾਗ ਤੇ ਪੈਰਾ ਮਿਲਟਰੀ ਫੋਰਸ ਨੂੰ ਨਾਮ-ਚਰਚਾ ਘਰਾਂ ਦੇ ਨੇੜੇ ਚੌਕਸੀ ਰੱਖਣ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਫੈਸਲੇ ਵਾਲੇ ਦਿਨ ਕੋਈ ਵੀ ਅਣ-ਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਦੇ ਆਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ 24 ਅਗਸਤ ਨੂੰ ਫਲੈਗ ਮਾਰਚ ਕੱਢਣ ਦੀ ਵੀ ਹਦਾਇਤ ਕੀਤੀ ਹੈ ਤੇ ਪੁਲਿਸ ਕਰਮਚਾਰੀਆਂ ਨੂੰ ਨਾਮ-ਚਰਚਾ ਘਰਾਂ ਦੇ ਆਸ-ਪਾਸ ਪਟਰੋਲਿੰਗ ਕਰਨ ਲਈ ਵੀ ਕਿਹਾ ਹੈ। ਇਸ ਮੌਕੇ ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪਣੇ ਪੱਧਰ 'ਤੇ ਸਬੰਧਤ ਏਰੀਏ ' ਚ ਪੈਂਦੇ ਡੇਰਾ ਪੁਮੱਖਾਂ, ਸਿੱਖ ਆਗੂਆਂ ਅਤੇ ਸਮਾਜਿਕ ਸੰਸਥਾਵਾਂ ਨਾਲ ਮੀਟਿੰਗ ਕਰਕੇ ਆਪਣੇ-ਆਪਣੇ ਇਲਾਕੇ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਆਦੇਸ਼ ਦਿੱਤੇ ਹਨ। ਉਨ੍ਹਾਂ ਮੀਟਿੰਗ ਵਿੱਚ ਮੌਜੂਦ ਨੰਬਰਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਪਿੰਡ ਵਿੱਚ ਕੋਈ ਵੀ ਘਟਨਾ ਵਾਪਰਨ ਦੀ ਸਥਿਤੀ ਹੁੰਦੀ ਹੈ ਤਾਂ ਤੁਰੰਤ ਸਬੰਧਤ ਐਸ.ਡੀ.ਐਮ. ਨੂੰ ਸੂਚਨਾ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਐਮਰਜੰਸੀ ਦੌਰਾਨ ਸਿਹਤ ਸੁਵਿਧਾਵਾਂ ਦੇਣ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਹੀ ਮਾਹਰ ਡਾਕਟਰ ਅਤੇ ਦਵਾਈਆਂ ਆਦਿ ਦਾ ਪੁਖਤਾ ਪ੍ਰਬੰਧ ਕਰ ਲੈਣ ਤਾਂ ਜੋ ਲੋੜ ਪੈਣ 'ਤੇ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਸਰਕਾਰੀ ਐਂਬੂਲੈਂਸ ਦੇ ਨਾਲ-ਨਾਲ ਪ੍ਰਾਈਵੇਟ ਐਂਬੂਲੈਂਸ ਤੇ ਲੋੜੀਂਦੇ ਸਟਾਫ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਰੂਰਲ ਏਰੀਏ ਵਿੱਚ ਵੀ ਡਾਕਟਰ ਅਤੇ ਦਵਾਈਆਂ ਆਦਿ ਦੇ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਐਸ.ਐਸ.ਪੀ. ਡਾ. ਕੇਤਨ ਬਾਲੀਰਾਮ ਪਾਟਿਲ ਨੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਨਾਮ ਚਰਚਾ ਘਰਾਂ ਦੇ ਨੇੜੇ ਕਿਸੇ ਨੂੰ ਵੀ ਘਾਤਕ ਚੀਜ਼ ਜਿਵੇਂ ਕਿ ਕੈਰੋਸੀਨ, ਐਸਿਡ, ਲਾਠੀਆਂ ਆਦਿ ਨਾ ਲਿਜਾਣ ਦਿੱਤੀ ਜਾਵੇ ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਦਾ ਖਤਰਾ ਹੋਵੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਹਨ ਕਿ ਜੇ ਕਿਸੇ ਜਗ੍ਹਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀ ਇਕੱਠੇ ਦਿਖਾਈ ਦਿੰਦੇ ਹਨ ਤਾਂ ਤੁਰੰਤ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਨਾਮ ਚਰਚਾ ਘਰਾਂ ਦੇ ਆਸ-ਪਾਸ ਦੇ ਇਲਾਕਿਆਂ ਦੀ ਵੀਡੀਓਗ੍ਰਾਫੀ ਕੀਤੀ ਜਾਵੇ ਤਾਂ ਜੋ ਹਰੇਕ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਫੈਸਲੇ ਵਾਲੇ ਦਿਨ ਅਧਿਕਾਰੀਆਂ ਨੂੰ ਆਪਣੀ ਡਿਉਟੀ ਪ੍ਰਤੀ ਅਣਗਹਿਲੀ ਨਾ ਵਰਤਣ ਅਤੇ ਕਿਸੇ ਵੀ ਅਧਿਕਾਰੀ ਨੂੰ ਛੁੱਟੀ ਨਾ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਉਸ ਦਿਨ ਸ਼ਾਂਤੀ ਬਣਾਏ ਰੱਖਣ ਅਤੇ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੀ ਗਲਤ ਅਫਵਾਹ ਨਾ ਫੈਲਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ(ਅੰਡਰ ਟੇ੍ਰਨਿੰਗ) ਸ੍ਰੀ ਰਣਦੀਪ ਸਿੰਘ ਹੀਰ, ਐਸ.ਪੀ.ਐਚ. ਸ. ਜਸਵਿੰਦਰ ਸਿੰਘ, ਐਸ.ਡੀ.ਐਮ. ਅਬੋਹਰ ਮਿਸ ਪੂਨਮ ਸਿੰਘ, ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਬਲਬੀਰ ਰਾਜ ਸਿੰਘ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।