ਫ਼ਿਰੋਜ਼ਪੁਰ ਵਿਖੇ ਕਿਸਾਨਾਂ ਨਾਲ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕਰਦੇ ਅਤੇ ਮੀਟਿੰਗ ਉਪਰੰਤ ਸਮੂਹਿਕ ਤਸਵੀਰ ਖਿਚਵਾਉਂਦੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ।
ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 12 ਅਕਤੂਬਰ, 2017 : ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਸ੍ਰੀ. ਕਾਹਨ ਸਿੰਘ ਪੰਨੂ ਵੱਲੋਂ ਅੱਜ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਵੀ ਕੀਤੀ ।
ਉਨ੍ਹਾਂ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਅਗਾਂਹਵਧੂ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋ ਰਹੇ ਵਾਤਾਵਰਨ ਦੇ ਨੁਕਸਾਨ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਬਾਰੇ ਆਪਣੇ ਸਫਲ ਤਜਰਬੇ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਮਨੁੱਖੀ ਸਰੀਰ ਵਿੱਚ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਜਿਵੇਂ ਕਿ ਚਮੜੀ ਰੋਗ, ਸਾਹ ਲੈਣ ਵਿੱਚ ਦਿੱਕਤ ਮਹਿਸੂਸ ਹੋਣਾ ਆਦਿ ਬਿਮਾਰੀਆਂ ਫੈਲਦੀਆਂ ਹਨ ਅਤੇ ਧੂੰਏਂ ਕਾਰਨ ਕਈ ਤਰ੍ਹਾਂ ਦੀਆਂ ਸੜਕ ਦੁਰਘਟਨਾ ਵੀ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਉਹ ਧਰਤੀ ਮਾਂ ਦੇ ਸੱਚੇ ਸਪੁੱਤਰ ਹੋਣ ਦਾ ਫ਼ਰਜ਼ ਨਿਭਾ ਰਹੇ ਹਨ। ਉਨ੍ਹਾਂ ਵੱਲੋਂ ਗੁਰਬਾਣੀ ਦੇ ਸ਼ਬਦਾਂ ਨਾਲ ਆਏ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪ ਵੀ ਆਪਣੇ ਖੇਤ ਵਿੱਚ ਪਰਾਲੀ ਨੂੰ ਨਾ ਸਾੜਨ ਅਤੇ ਆਪਣੇ ਗੁਆਂਢੀ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਦੇ ਖ਼ਿਲਾਫ਼ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਬਹੁਤ ਸਖ਼ਤੀ ਵਰਤੀ ਜਾ ਰਹੀ ਹੈ।
ਡਾ. ਮੁਖ਼ਤਿਆਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ ਵੱਲੋਂ ਪਰਾਲੀ ਨੂੰ ਖੇਤ ਵਿੱਚ ਵਾਹੁਣ ਦੇ ਤਜਰਬੇ ਸਾਂਝੇ ਕੀਤੇ ਅਤੇ ਕਿਸਾਨਾਂ ਵੱਲੋਂ ਮਿਲ ਰਹੇ ਹੁੰਗਾਰੇ ਦੀ ਵੀ ਪ੍ਰਸੰਸਾ ਕੀਤੀ ਗਈ। ਮੀਟਿੰਗ ਦੌਰਾਨ ਹਾਜ਼ਰ ਕਿਸਾਨਾਂ ਵੱਲੋਂ ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਧੰਨਵਾਦ ਕੀਤਾ ਗਿਆ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਵੀ ਕੀਤਾ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਕੰਗ ਪਿੰਡ ਫਿਡੇ, ਸਵਰਨ ਸਿੰਘ, ਗੁਰਸੇਵਕ ਸਿੰਘ ਪਿੰਡ ਸੌਦੇ ਕੇ ਰੁਹੇਲਾ, ਦਵਿੰਦਰ ਸਿੰਘ ਹਕੂਮਤ ਵਾਲਾ, ਕਾਕੂ ਸਿੰਘ ਪਿੰਡ ਤੂਤ, ਵਿਰਸਾ ਸਿੰਘ ਪਿੰਡ ਬੁਕਨਖਾਨਾ ਆਦਿ ਕਿਸਾਨ ਹਾਜ਼ਰ ਸਨ।