ਧੂਰੀ/ਸੰਗਰੂਰ, 21 ਮਾਰਚ 2018: ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਇਰਾਕ ਵਿੱਚ ਆਈ.ਐਸ.ਆਈ.ਐਸ. ਅਤਿਵਾਦੀਆਂ ਵੱਲੋਂ ਮਾਰੇ ਗਏ ਧੂਰੀ ਦੇ ਨੌਜਵਾਨ ਸ਼੍ਰੀ ਪ੍ਰਿਤਪਾਲ ਸ਼ਰਮਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਸ਼੍ਰੀ ਸ਼ਰਮਾ ਦੀ ਦਰਦਨਾਕ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼੍ਰੀ ਥੋਰੀ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਅਵਸ਼ੇਸ਼ ਅੰਤਮ ਰਸਮਾਂ ਪੂਰੀਆਂ ਕਰਨ ਲਈ ਭਾਰਤ ਵਾਪਸ ਮੰਗਵਾਏ ਜਾਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਕੀਤਾ ਗਿਆ ਹੈ। ਇਸ ਮੌਕੇ ਐਸ.ਡੀ.ਐਮ. ਧੂਰੀ ਸ਼੍ਰੀ ਅਮਰੇਸ਼ਵਰ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਪ੍ਰਤੀ ਮਹੀਨਾ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਅੰਤਿਮ ਰਸਮਾਂ ਦੇ ਵਾਸਤੇ ਇਨ੍ਹਾਂ ਤਬੂਤਾਂ ਨੂੰ ਸਬੰਧਤ ਪਰਿਵਾਰਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕਰੇਗੀ। ਡਿਪਟੀ ਕਮਿਸ਼ਨਰ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੇ ਅਵਸ਼ੇਸ਼ ਭਾਰਤ ਮੰਗਵਾਉਣ ਦੀ ਪ੍ਰਕਿਰਿਆ ਦੀ ਪ੍ਰਗਤੀ ਬਾਰੇ ਉਨ੍ਹਾਂ ਨੂੰ ਲਗਾਤਾਰ ਸੂਚਨਾ ਦਿੱਤੀ ਜਾਂਦੀ ਰਹੇਗੀ। ਉਨ੍ਹਾਂ ਦੱਸਿਆ ਕਿ ਅਵਸ਼ੇਸ਼ਾਂ ਵਾਲਾ ਤਾਬੂਤ ਵਿਸ਼ੇਸ਼ ਐਂਬੂਲੈਂਸ ਰਾਹੀਂ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਇਸ ਮੌਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿਚ ਮਾਰੇ ਗਏ ਵਿਅਕਤੀਆਂ ਦੀਆਂ ਅੰਤਿਮ ਰਸਮਾਂ ਦੇ ਵਾਸਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਉਨ੍ਹਾਂ ਨੂੰ ਐਕਸ ਗ੍ਰੇਸ਼ੀਆ ਰਾਹਤ ਮੁਹੱਈਆ ਕਰਵਾਉਣ ਵਾਸਤੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ।