ਫ਼ਿਰੋਜ਼ਪੁਰ 19 ਜੁਲਾਈ (ਗੁਰਿੰਦਰ ਸਿੰਘ) ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਵਿਭਾਗਾਂ ਨਾਲ ਹੋਈ ਬੈਠਕ ਨੂੰ ਸੰਬੋਧਨ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੇ ਨਾਲ ਕਿਸੇ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾਵੇ ਅਤੇ ਖਾਣ ਪੀਣ ਦੀਆਂ ਖ਼ਰਾਬ ਚੀਜ਼ਾਂ ਵੇਚਣ ਵਾਲਿਆਂ ਖ਼ਿਲਾਫ਼ ਫੂਡ ਸੇਫ਼ਟੀ ਐਕਟ ਦੇ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸ਼ਡਿਊਲ ਬਣਾਉਣ ਅਤੇ ਉਸ ਸ਼ਡਿਊਲ ਅਨੁਸਾਰ ਰੋਜ਼ਾਨਾ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਨੇ ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵੀ ਕੈਂਪ ਲਗਾਉਣ ਸਬੰਧੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪ੍ਰਦੂਸ਼ਣ ਕਰਨ ਵਾਲਿਆਂ ਵਾਹਨਾਂ ਦੇ ਚਲਾਨ ਕੱਟਣ ਅਤੇ ਹਸਪਤਾਲਾਂ ਵਿੱਚ ਬਾਇਓ ਮੈਡੀਕਲ ਵੇਸਟ ਨੂੰ ਰੋਜ਼ਾਨਾ ਨਾ ਹਟਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ। ਉਨ੍ਹਾਂ ਨੇ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ੇ ਪ੍ਰਯੋਗ ਕਰਨ ਨਾਲ ਮਨੁੱਖੀ ਸਿਹਤ ਨੂੰ ਬਹੁਤ ਨੁਕਸਾਨ ਹੁੰਦਾ ਹੈ ਅਤੇ ਕਈ ਸਾਲ ਨਾ ਗਲਣ ਦੇ ਕਾਰਨ ਜ਼ਮੀਨ ਵਿੱਚ ਕਈ ਤਰ੍ਹਾਂ ਦੀਆਂ ਖ਼ਤਰਨਾਕ ਬਿਮਾਰੀਆਂ ਨੂੰ ਜਨਮ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਮਾਨ ਖ਼ਰੀਦਣ ਲਈ ਕੱਪੜੇ ਦੇ ਬੈਗ ਅਤੇ ਪਲਾਸਟਿਕ ਰਹਿਤ ਲਿਫ਼ਾਫ਼ੇ ਪ੍ਰਯੋਗ ਕਰਨ।
ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਾਰਕਾਂ ਬਣਾਉਣ, ਵੱਧ ਤੋਂ ਵੱਧ ਪੌਦੇ ਲਗਾਉਣ, ਸ਼ਹਿਰ ਦੀ ਸਫ਼ਾਈ ਰੱਖਣ ਅਤੇ ਯੋਗ ਨੂੰ ਨਿਯਮਿਤ ਜੀਵਨ ਵਿੱਚ ਅਪਣਾਉਣ ਸਬੰਧੀ ਨਿਰਦੇਸ਼ ਵੀ ਜਾਰੀ ਕੀਤੇ।
ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਮੀਤ ਸਿੰਘ ਮੁਲਤਾਨੀ, ਐੱਸ.ਪੀ.ਐੱਚ ਅਮਰਜੀਤ ਸਿੰਘ, ਐੱਸ.ਡੀ.ਐਮ. ਫ਼ਿਰੋਜ਼ਪੁਰ ਨਰਿੰਦਰ ਸਿੰਘ, ਐੱਸ.ਡੀ.ਐਮ. ਜ਼ੀਰਾ ਅਮਿਤ ਗੁਪਤਾ, ਐੱਸ.ਡੀ.ਐਮ. ਗੁਰੂਹਰਸਹਾਏ ਚਰਨਦੀਪ ਸਿੰਘ, ਸਹਾਇਕ ਕਮਿਸ਼ਨਰ (ਜ) ਰਣਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼) ਕੇਸ਼ਵ ਗੋਇਲ, ਸਿਵਲ ਸਰਜਨ ਡਾ. ਗੁਰਮਿੰਦਰ ਸਿੰਘ, ਬੀਰਪ੍ਰਤਾਪ ਸਿੰਘ ਗਿੱਲ ਡੇਅਰੀ ਵਿਭਾਗ, ਰਜਿੰਦਰ ਕਟਾਰੀਆਂ ਮੱਛੀ ਪਾਲਣ, ਨਰਿੰਦਰ ਸਿੰਘ ਮੱਲੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।