ਸੰਗਰੂਰ, 23 ਜੁਲਾਈ 2018 : ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਦੇ ਮੁਕੰਮਲ ਸਫ਼ਾਏ ਲਈ ਪੁਲਿਸ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਚਲਾਈ ਜਾ ਰਹੀ ਡਰੱਗ ਅਬਿਊਜ਼ ਪ੍ਰੀਵੈਂਸ਼ਨ ਅਫ਼ਸਰ (ਡੇਪੋ) ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਵੱਲੋਂ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਨਸ਼ਾ ਮੁਕਤੀ ਕੇਂਦਰਾਂ, ਮੁੜ ਵਸੇਬਾ ਕੇਂਦਰਾਂ, ਓਟ ਕੇਂਦਰਾਂ, ਮਾਸਟਰ ਟਰੇਨਰ ਅਧਿਕਾਰੀਆਂ, ਕਲੱਸਟਰ ਕੋਆਰਡੀਨੇਟਰ, ਨਸ਼ਾ ਰੋਕੂ ਨਿਗਰਾਨ ਕਮੇਟੀਆਂ, ਪਿੰਡ ਅਤੇ ਵਾਰਡ ਪੱਧਰ 'ਤੇ ਕਾਰਜਸ਼ੀਲ ਕਮੇਟੀਆਂ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 56 ਹਜ਼ਾਰ ਵਲੰਟੀਅਰ ਡੇਪੋ ਵਜੋਂ ਰਜਿਸਟਰਡ ਹਨ ਅਤੇ ਸਰਕਾਰ ਦੇ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਘਰ-ਘਰ ਤੱਕ ਪਹੁੰਚਾ ਕੇ ਲੋਕ ਲਹਿਰ ਵਜੋਂ ਉਤਸ਼ਾਹਿਤ ਕਰਨ ਵਿੱਚ ਆਮ ਨਾਗਰਿਕਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਉਲੀਕੇ ਪ੍ਰੋਗਰਾਮਾਂ ਨੂੰ ਤਾਂ ਹੀ ਸਫ਼ਲ ਮੰਨਿਆ ਜਾ ਸਕਦਾ ਹੈ ਜੇ ਲੋਕ ਖੁਦ ਅੱਗੇ ਆ ਕੇ ਚੇਤਨਾ ਰੈਲੀਆਂ, ਨਸ਼ਿਆਂ ਖਿਲਾਫ਼ ਜਾਗੋ, ਖੇਡ ਤੇ ਸਭਿਆਚਾਰਕ ਗਤੀਵਿਧੀਆਂ ਆਦਿ ਦਾ ਹਿੱਸਾ ਬਣਨ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਜਾਗਰੂਕ ਕਰਕੇ ਸਿਹਤ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ। ਸ਼੍ਰੀ ਥੋਰੀ ਨੇ ਕਿਹਾ ਕਿ ਐਸ.ਡੀ.ਐਮ ਅਤੇ ਡੀ.ਐਸ.ਪੀ, ਸਬ ਡਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਨੂੰ ਸੌ ਫੀਸਦੀ ਨਸ਼ਾ ਮੁਕਤ ਕਰਨ ਲਈ ਦਿਲਚਸਪੀ ਨਾਲ ਕਾਰਜ ਕਰਨ ਅਤੇ ਡੇਪੋ ਮੁਹਿੰਮ ਦੇ ਸਾਰਥਕ ਨਤੀਜੇ ਜਲਦੀ ਹੀ ਸਾਹਮਣੇ ਆਉਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਸਾਇਕੈਟਰਿਕ ਦੀ ਤਾਇਨਾਤੀ ਜਲਦੀ ਹੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਕਾਰਾਤਮਕ ਸੋਚ ਅਪਣਾ ਕੇ ਸਮਾਜ ਸੇਵੀ ਸੰਗਠਨਾਂ ਨੂੰ ਵੀ ਲੋਕ ਸੇਵਾ ਦੇ ਇਸ ਕਾਰਜ ਪ੍ਰਤੀ ਪ੍ਰੇਰਿਆ ਜਾਵੇ ਤਾਂ ਜੋ ਸਮਾਜ ਨੂੰ ਖੋਖਲਾ ਕਰ ਰਹੇ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਸਖ਼ਤੀ ਨਾਲ ਠੱਲ੍ਹ ਪਾਈ ਜਾ ਰਹੀ ਹੈ ਅਤੇ ਜ਼ਿਲੇ ਵਿੱਚ ਐਨ.ਡੀ.ਪੀ.ਸੀ ਐਕਟ ਤਹਿਤ ਕੇਸ ਦਰਜ ਕਰਕੇ ਨਸ਼ਾ ਤਸਕਰਾਂ ਕੋਲੋਂ ਬਰਾਮਦ ਗੈਰ ਕਾਨੂੰਨੀ ਜਾਇਦਾਦ ਨੂੰ ਅਟੈਚ ਕਰਨ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਪੁਲਿਸ ਮੁਲਾਜ਼ਮ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਪਾਈ ਗਈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਪੀ ਹਰਿੰਦਰ ਸਿੰਘ, ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਧੂਰੀ ਦੀਪਕ ਰੋਹੀਲਾ, ਐਸ.ਡੀ.ਐਮ ਭਵਾਨੀਗੜ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ ਸੁਨਾਮ ਮਨਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।