ਪਟਿਆਲਾ, 2 ਸਤੰਬਰ 2018 – ਅੱਜ ਇੱਥੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ, ਪੰਜਾਬ ਅਤੇ ਆਰਟ ਐਂਡ ਕਰਾਫਟ ਬੇਰੁਜ਼ਗਾਰ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਪਟਿਆਲਾ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ । ਅਨਾਜ ਮੰਡੀ ਤੋਂ ਮੋਤੀ ਮਹਿਲ ਵੱਲ ਰੋਸ ਮਾਰਚ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਵੱਡੇ ਕਾਫਲੇ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਕੋਲ ਪ੍ਰਸ਼ਾਸਨ ਵੱਲੋਂ ਰੋਕ ਲਿਆ ਗਿਆ ।
ਇਸ ਤੋਂ ਪਹਿਲਾਂ ਅਨਾਜ ਮੰਡੀ ਵਿੱਚ ਹੋਈ ‘ਰੁਜ਼ਗਾਰ ਪ੍ਰਾਪਤੀ ਕਨਵੈਨਸ਼ਨ’ ਦੌਰਾਨ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਤਰਸੇਮ ਲਾਲ ਧੂਰੀ ਨੇ ‘ਸਿੱਖਿਆ ਖੇਤਰ ਵਿੱਚ ਬੇਰੁਜ਼ਗਾਰੀ ਅਤੇ ਸਭ ਲਈ ਮਿਆਰੀ ਸਿੱਖਿਆ ਕਿਵੇਂ ਸੰਭਵ ਹੋਵੇ’ ਵਿਸ਼ੇ ਉੱਤੇ ਬੋਲਦਿਆਂ ਕਿਹਾ ਕਿ ਅਸਲ ਵਿੱਚ ਸਰਕਾਰ ਨੇ ਜੋ ਪਬਲਿਕ ਸੈਕਟਰ ਦਾ ਭੋਗ ਪਾਉਣ ਦੀਆਂ ਨੀਤੀ 1991 ਵਿੱਚ ਅਪਣਾਈਆਂ ਹਨ, ਉਨ੍ਹਾਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ਅੰਦਰ ਬੇਰੁਜ਼ਗਾਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਤੇ ਨੌਜਵਾਨ ਬੇਰੁਜ਼ਗਾਰੀ ਦੇ ਆਲਮ ਵਿੱਚ ਬੇਚੈਨੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਿੱਜੀਕਰਨ ਉਦਾਰੀਕਰਨ ਦੀਆਂ ਨੀਤੀਆਂ ਦੇ ਤਹਿਤ ਦੇਸ਼ ਦਾ ਦਿਵਾਲਾ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਊਬਾ ਵਰਗੇ ਦੇਸ਼ਾਂ ਅੰਦਰ ਹਰੇਕ ਵਿਅਕਤੀ ਲਈ ਪੜ੍ਹਾਈ ਮੁਫ਼ਤ ਹੈ, ਪਰ ਭਾਰਤ ’ਚ ਸਰਕਾਰੀ ਸਕੂਲਾਂ-ਕਾਲਜਾਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸ ਖ਼ਿਲਾਫ਼ ਅਧਿਆਪਕਾਂ ਨੂੰ ਆਪਣੇ ਸੰਘਰਸ਼ ਤਿੱਖੇ ਕਰਨੇ ਪੈਣਗੇ।
ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਨੌਜਵਾਨ ਸਮਾਜ ਦਾ ਗਤੀਸ਼ੀਲ ਹਿੱਸਾ ਹੁੰਦੇ ਹਨ, ਸਮਾਜ ਦੀ ਤਰੱਕੀ ਨੌਜਵਾਨ ਸ਼ਕਤੀ 'ਤੇ ਨਿਰਭਰ ਕਰਦੀ ਹੈ, ਪ੍ਰੰਤੂ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵੱਡਾ ਹਿੱਸਾ ਬੇਰੁਜ਼ਗਾਰੀ ਦਾ ਸ਼ਿਕਾਰ ਹੈ, ਸਰਕਾਰ ਦਾ ਫਰਜ਼ ਬਣਦਾ ਹੈ ਕਿ ਯੋਗਤਾ ਮੁਤਾਬਿਕ ਹਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਏ।ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀਆਂ ਸਿੱਖਿਆ ਦੇ ਵਪਾਰੀਕਰਨ ਦੀਆਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ’ਚ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਅਮਰਵੇਲ੍ਹ ਦੀ ਤਰ੍ਹਾਂ ਵਧਦੀ ਹੀ ਜਾ ਰਹੀ। ਉਨ੍ਹਾਂ ਕਿਹਾ ਕਿ ਅੱਜ ਬੀਐਡ ਟੈੱਟ ਪਾਸ 50,000 ਬੇਰੁਜ਼ਗਾਰ ਅਧਿਆਪਕਾਂ ਦੀ ਰੈਗੂਲਰ ਭਰਤੀ ਨਹੀਂ ਕੀਤੀ ਜਾ ਰਹੀ, ਸਗੋਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਨੌਜਵਾਨ ਨੂੰ ਰੁਜ਼ਗਾਰ ਦੀ ਗਾਰੰਟੀ ਕੀਤੀ ਜਾਵੇਗੀ, ਪਰ ਅੱਜ ਸਰਕਾਰ ਆਪਣੇ ਵਾਅਦੇ ਭੱਜ ਚੁੱਕੀ ਹੈ।
ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਉ ਨੇ ਕਿਹਾ ਕਿ ਪਿਛਲੀ ਦਿਨੀਂ ਸੂਬਾ ਸਰਕਾਰ ਵੱਲੋਂ ਕੀਤਾ ਸਰਕਾਰੀ ਸਕੂਲਾਂ ਵਿੱਚ ਕਾਰਪੋਰੇਟ ਸੈਕਟਰ ਨੂੰ ਭਾਈਵਾਲ ਬਣਾਉਣ ਦਾ ਫੈਸਲਾ ਸਰਕਾਰ ਦੇ ਲੋਕ ਮਾਰੂ ਮਨਸੂਬਿਆਂ ਨੂੰ ਦਰਸਾਉਂਦਾ ਹੈ । ਸੂਬਾ ਸਕੱਤਰ ਚੰਦਰ ਗੁਪਤ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਅਧਿਆਪਕਾਂ ਦੀ ਭਰਤੀ ਨਹੀਂ ਕਰਦੀ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ । ਉਹਨਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅੱਗੇ ਆਉਣਾ ਚਾਹੀਦਾ ਹੈ। ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਝੁਨੀਰ ਨੇ ਕਿਹਾ ਕਿ ਪੰਜਾਬ ਸਰਕਾਰ ਰੈਸ਼ਨੇਲਾਈਜੇਸ਼ਨ ਰਾਹੀਂ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਆਸਾਮੀਆਂ ਖਤਮ ਕਰਨ ਦੇ ਰਾਹ ਪਈ ਹੋਈ ਹੈ, ਪਰ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਸ ਮੌਕੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਰਣਦੀਪ ਸੰਗਤਪੁਰਾ, ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ, ਗੋਰਖਾ ਸਿੰਘ ਕੋਟੜਾ, ਸੁਖਦੀਪ ਬਠਿੰਡਾ, ਨਵਜੀਵਨ ਸਿੰਘ, ਗੁਰਜੀਤ ਨਾਭਾ, ਹਰਵਿੰਦਰ ਹੋਡਲਾ, ਸੁਖਦੀਪ ਸਿੰਘ, ਅਮਨਦੀਪ ਬਾਵਾ, ਅਤੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਬਰ੍ਹੇ, ਗੁਰਪ੍ਰੀਤ ਸਿੰਘ ਸੂਬਾ ਜਨਰਲ ਸਕੱਤਰ ਸਮੇਤ ਵੱਡੀ ਗਿਣਤੀ 'ਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।
ਕੀ ਹਨ ਮੰਗਾਂ –
1. ਸਾਰੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਅਤੇ ਸਾਰੇ ਆਰਟ ਐਂਡ ਕਰਾਫਟ ਪਾਸ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ ।
2. ਸਰਕਾਰੀ ਸਕੂਲਾਂ ਵਿੱਚ ਖਾਲੀ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ਤੇ ਭਰੀਆਂ ਜਾਣ ।
3. ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕੀਤਾ ਜਾਵੇ ।
4. ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ ।
5. ਨਿੱਜੀਕਰਨ ਦੀ ਨੀਤੀ ਬੰਦ ਕਰਕੇ ਵਿਦਿਆਰਥੀਆਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ ।
6. ਰੈਸ਼ਨੇਲਾਈਜੇਸ਼ਨ ਨੂੰ ਤਰਕ ਸੰਗਤ ਬਣਾਇਆ ਜਾਵੇ।