ਪਟਿਆਲਾ, 8 ਸਤੰਬਰ 2018: ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਪਿਛਲੇ ਦਿਨੀਂ ਆਪਣੀ ਇੰਗਲੈਂਡ ਫੇਰੀ ਦੌਰਾਨ ਉਥੇ ਵੱਸਦੇ ਪ੍ਰਵਾਸੀ ਭਾਰਤੀਆਂ ਖਾਸ ਕਰਕੇ ਭਾਰਤੀ ਪੰਜਾਬੀਆਂ ਵੱਲੋਂ ਉਠਾਏ ਮਸਲੇ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਅੱਜ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸਰ ਐਡਰਿਉ ਆਇਰ ਨਾਲ ਸਾਂਝੀਆਂ ਕੀਤੀਆਂ।
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਮਿਸਟਰ ਆਇਰ ਅੱਜ ਆਪਣੀ ਧਰਮ ਪਤਨੀ ਦੇ ਨਾਲ ਮਹਾਰਾਣੀ ਪ੍ਰਨੀਤ ਕੌਰ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਥੇ ਸਥਿਤ ਨਿਜੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਪੁੱਜੇ ਹੋਏ ਸਨ। ਇਸ ਮੌਕੇ ਮਿਸਟਰ ਆਇਰ ਨੂੰ ਸ੍ਰੀਮਤੀ ਪ੍ਰਨੀਤ ਕੌਰ ਨੇ ਆਪਣੀ ਇੰਗਲੈਂਡ ਫੇਰੀ ਦੌਰਾਨ ਪ੍ਰਵਾਸੀ ਭਾਰਤੀਆਂ ਵੱਲੋਂ ਉਠਾਏ ਗਏ ਮਸਲਿਆਂ ਬਾਰੇ ਜਾਣੂ ਕਰਵਾਇਆ। ਇਸ 'ਤੇ ਮਿਸਟਰ ਆਇਰ ਨੇ ਸ੍ਰੀਮਤੀ ਪ੍ਰਨੀਤ ਕੌਰ ਨੂੰ ਭਰੋਸਾ ਦਿੱਤਾ ਕਿ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਨੂੰ ਦਰਪੇਸ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਭਾਰਤ ਅਤੇ ਬਰਤਾਨੀਆਂ ਦੀ ਆਪਸੀ ਸਾਂਝ ਬਹੁਤ ਪੁਰਾਣੀ ਹੈ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਵੀ ਮੌਜੂਦ ਸਨ। ਇਸ ਮੌਕੇ ਮਿਸਟਰ ਆਇਰ ਨੇ ਪੰਜਾਬੀ ਸੱਭਿਆਚਾਰ ਅਤੇ ਪੰਜਾਬੀਆਂ ਦੀ ਪ੍ਰਹੁਣਚਾਰੀ ਦੀ ਖਾਸ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਮਿਸਟਰ ਆਇਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਪ੍ਰਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਹੈਡ ਗ੍ਰੰਥੀ ਵੱਲੋਂ ਗੁਰੂ ਘਰ ਦੀ ਬਖਸਿਸ ਸਿਰੋਪਾ ਭੇਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।