ਫ਼ਤਹਿਗੜ੍ਹ ਸਾਹਿਬ, 24 ਸਤੰਬਰ 2018 : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਡਰੇਨਜ਼ ਵਿਭਾਗ ਦੇ ਅਧਿਕਾਰੀਆਂ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਤੇ ਹੋਰ ਸਬੰਧਤ ਅਫਸਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਭਾਰੀ ਬਰਸਾਤ ਹੋਣ ਕਾਰਨ ਆਪੋ ਆਪਣੇ ਇਲਾਕਿਆਂ ਦਾ ਨਰੀਖਣ ਕਰਨ ਤਾਂ ਜੋ ਸਹੀ ਸਥਿਤੀ ਦਾ ਪਤਾ ਚੱਲ ਸਕੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਹੋਈ ਭਾਰੀ ਬਰਸਾਤ ਕਾਰਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਜ਼ਿਲ੍ਹੇ ਵਿੱਚ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਅਫਵਾਹਾਂ ਤੇ ਵਿਸ਼ਵਾਸ਼ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਅਜਿਹਾ ਮਾਹੌਲ ਬਣਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੁਸ਼ਤੈਦ ਹੈ ਅਤੇ ਹਰੇਕ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਸ. ਢਿੱਲੋਂ ਨੇ ਸ਼ਹਿਰੀ ਖੇਤਰ ਵਿੱਚ ਕਾਰਜ ਸਾਧਕ ਅਫਸਰਾਂ ਤੇ ਪਿੰਡਾਂ ਲਈ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਿਥੇ ਕਿਧਰੇ ਵੀ ਬਰਸਾਤੀ ਪਾਣੀ ਖੜਾ ਹੋਣ ਬਾਰੇ ਪਤਾ ਚੱਲਦਾ ਹੈ ਉਥੋਂ ਤੁਰੰਤ ਬਰਸਾਤੀ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ਤੇ ਸਬ ਡਵੀਜ਼ਨ ਪੱਧਰ 'ਤੇ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ ਜਿਥੇ ਕਿ ਜ਼ਿਲ੍ਹੇ ਦੇ ਲੋਕ ਹੜ੍ਹਾਂ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਬਣਾਏ ਗਏ ਕੰਟਰੋਲ ਰੂਮ ਦਾ ਨੰਬਰ 01763232838 ਹੈ ਜਦੋਂ ਕਿ ਸਬ ਡਵੀਜ਼ਨ ਖਮਾਣੋਂ ਦੇ ਕੰਟਰੋਲ ਰੂਮ ਦਾ ਨੰ: 01628260700, ਸਬ ਡਵੀਜ਼ਨ ਬਸੀ ਪਠਾਣਾਂ ਦੇ ਕੰਟਰੋਲ ਰੂਮ ਦਾ ਨੰ: 01763252748, ਸਬ ਡਵੀਜ਼ਨ ਸਰਹਿੰਦ ਦੇ ਕੰਟਰੋਲ ਰੂਮ ਦਾ ਨੰ: 01763232099 ਅਤੇ ਅਮਲੋਹ ਸਬ ਡਵੀਜ਼ਨ ਦੇ ਕੰਟਰੋਲ ਰੂਮ ਦਾ ਨੰ: 01765230076 ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੁੰਨੀ ਖ੍ਰੁਰਦ ਪਿੰਡ ਵਿੱਚ ਇੱਕ ਕੱਚੇ ਮਕਾਨ ਦੀ ਛੱਤ ਦਾ ਇੱਕ ਪਾਸਾ ਥੋੜਾ ਜਿਹਾ ਗਿਰ ਪਿਆ ਸੀ ਜਿਸ ਨਾਲ ਇੱਕ ਔਰਤ ਦੇ ਸੱਟਾਂ ਲੱਗੀਆਂ ਹਨ।ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੋਰ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ ਹੈ ਇਸ ਲਈ ਘਬਰਾਉਣ ਦੀ ਲੋੜ ਨਹੀਂ ਅਤੇ ਜੇਕਰ ਅਜਿਹੀ ਕੋਈ ਸਥਿਤੀ ਬਣਦੀ ਹੈ ਤਾਂ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ।