ਜਲਾਲਾਬਾਦ 18 ਅਕਤੂਬਰ 2018 - ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਪਟਿਆਲਾ ਵਿਖੇ ਮਰਨ ਵਰਤ ਤੇ ਬੈਠੇ ਅਧਿਆਪਕਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ 21 ਅਕਤੂਬਰ ਦੀ ਪਟਿਆਲਾ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਅੱਜ ਪ੍ਰੈਸ ਦੇ ਨਾਮ ਜਾਰੀ ਇਕ ਬਿਆਨ ਵਿੱਚ ਸਰਵ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਵਿੱਕੀ ਮਹੇਸ਼ਰੀ ਅਤੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਛਾਂਗਾ ਰਾਏ ਨੇ ਕਿਹਾ ਕਿ ਦੋਨੋਂ ਜਥੇਬੰਦੀਆਂ ਵਲੋਂ ਅਧਿਆਪਕਾਂ ਦੇ ਉਕਤ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਆਖਰੀ ਜਿੱਤ ਤੱਕ ਪੁਰਜ਼ੋਰ ਸਾਥ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਆਗੂਆਂ ਨੇ ਇਹ ਵੀ ਕਿਹਾ ਕਿ ਸਾਂਝੇ ਅਧਿਆਪਕ ਮੋਰਚੇ ਵੱਲੋਂ 21 ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਅਤੇ ਕਾਰਕੁਨ ਵੱਧ ਚੜ੍ਹ ਕੇ ਹਿੱਸਾ ਲੈਣਗੇ। ਪੰਜਾਬ ਸਰਕਾਰ ਦੇ ਸੂਬੇ ਦੇ ਅਧਿਆਪਕਾਂ ਵਿਰੋਧੀ ਲਏ ਗਏ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਾਥੀ ਪਰਮਜੀਤ ਢਾਬਾਂ ਅਤੇ ਚਰਨਜੀਤ ਸਿੰਘ ਛਾਂਗਾ ਰਾਏ ਨੇ ਕਿਹਾ ਕੀ ਕੈਪਟਨ ਸਰਕਾਰ ਦੇ ਇਸ ਫ਼ੈਸਲੇ ਨੇ ਪੰਜਾਬ ਸਰਕਾਰ ਦਾ ਸਿੱਖਿਆ ਅਤੇ ਅਧਿਆਪਕ ਵਿਰੋਧੀ ਚੇਹਰਾ ਲੋਕਾਂ ਸਾਹਮਣੇ ਨੰਗਾ ਕੀਤਾ ਹੈ। ਹਰ ਘਰ ਵਿੱਚ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਹਥਿਆਉਣ ਵਾਲੀ ਕੈਪਟਨ ਸਰਕਾਰ ਨਵੀਆਂ ਨੌਕਰੀਆਂ ਦੇਣ ਦੀ ਬਜਾਏ ਪਹਿਲੀਆਂ ਨੌਕਰੀਆਂ ਵੀ ਖੋਹਣ ਤੇ ਤੁਲੀ ਹੈ। ਜਿਸ ਨੂੰ ਪੰਜਾਬ ਦੇ ਲੋਕਾਂ ਵੱਲੋਂ ਕਿਸੇ ਵੀ ਹਾਲਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਅੰਤ ਵਿੱਚ ਆਗੂਆਂ ਨੇ ਇਕ ਵਾਰ ਫਿਰ ਕਿਹਾ ਕਿ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਸਰਬ ਭਾਰਤ ਨੌਜਵਾਨ ਸਭਾ ਵੱਲੋਂ ਅਧਿਆਪਕਾਂ ਦੀ 21 ਦੀ ਪਟਿਆਲਾ ਰੈਲੀ ਵਿੱਚ ਯੋਜਨਾਬੱਧ ਤਰੀਕੇ ਨਾਲ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਹਰ ਹਾਲਤ ਕਾਮਯਾਬ ਬਣਾਇਆ ਜਾਵੇਗਾ ਇਸ ਮੌਕੇ ਉਨ੍ਹਾਂ ਨਾਲ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਸੁਖਜਿੰਦਰ ਮਹੇਸ਼ਰੀ, ਸੂਬਾ ਕੈਸ਼ੀਅਰ ਨਰਿੰਦਰ ਕੌਰ ਸੋਹਲ, ਏ.ਆਈ.ਐਸ.ਐਫ. ਦੀ ਲੜਕੀਆਂ ਦੀ ਕੌਮੀ ਕਨਵੀਨਰ ਕਰਮਵੀਰ ਕੌਰ ਬੱਧਨੀ, ਸਾਬਕਾ ਸੂਬਾ ਪ੍ਰਧਾਨ ਸੁਮੀਤ ਸ਼ੰਮੀ, ਸੁਖਦੇਵ ਧਰਮੂਵਾਲਾ ਅਤੇ ਵਰਿੰਦਰ ਪਾਤੜਾ ਵੀ ਹਾਜ਼ਰ ਸਨ।