ਪਰਾਲੀ ਨੂੰ ਅੱਗ ਲਗਾਉਣ ਨਾਲ ਹਰੇਕ ਸਾਲ ਅਰਬਾਂ ਰੁਪਏ ਦੇ ਪੌਸ਼ਟਿਕ ਤੱਤ ਹੁੰਦੇ ਹਨ ਨਸ਼ਟ
ਪਿੰਡ ਚਨਾਰਥਲ ਕਲਾਂ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ 2018 :- ਖੇਤੀ ਲਾਗਤਾਂ ਵੱਧਣ ਕਾਰਨ ਅੱਜ ਦੇ ਦੌਰ ਵਿੱਚ ਖੇਤੀ ਦਾ ਧੰਦਾ ਲਾਹੇਵੰਦ ਨਹੀਂ ਰਿਹਾ ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਨੂੰ ਤਰਜੀਹ ਦੇਣ ਤਾਂ ਜੋ ਕਿਸਾਨ ਆਰਥਿਕ ਤੌਰ 'ਤੇ ਮਜਬੂਤ ਹੋ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਚਨਾਰਥਲ ਕਲਾਂ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਹਾੜੀ ਦੀਆਂ ਫਸਲਾਂ ਸਬੰਧੀ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਦੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੀ ਸਹਾਇਕ ਧੰਦਿਆਂ 'ਤੇ ਵੱਡੀਆਂ ਸਬਸਿਡੀਆਂ ਦਿੱਤੀਆਂ ਜਾਂਦੀਆਂ ਹਨ ਜਿਨ੍ਹਾਂ ਤੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਛੋਟਾ ਕਿਸਾਨ ਜੋ ਕਿ ਢਾਈ ਏਕੜ ਜ਼ਮੀਨ ਦਾ ਮਾਲਕ ਹੈ, ਨੂੰ ਮਗਨਰੇਗਾ ਸਕੀਮ ਅਧੀਨ ਇੱਕ ਏਕੜ ਵਿੱਚ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਲਈ ਤਿੰਨ ਲੱਖ ਰੁਪਏ ਤੱਕ ਦੀ 100 ਫੀਸਦੀ ਸਬਸਿਡੀ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਛੋਟੇ ਕਿਸਾਨਾਂ ਨੂੰ ਮੱਝਾਂ ਗਾਵਾਂ ਪਾਲਣ ਅਤੇ ਬੱਕਰੀਆਂ ਤੇ ਸੂਰ ਪਾਲਣ ਲਈ ਵੀ 2 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ।
ਸ. ਨਾਗਰਾ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਤਹਿਤ ਹਲਕੇ ਦੇ 5500 ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ ਜਦੋਂ ਕਿ ਢਾਈ ਏਕੜ ਤੋਂ ਘੱਟ ਜ਼ਮੀਨ ਦੇ ਮਾਲਕ 425 ਕਿਸਾਨਾਂ ਵੱਲੋਂ ਪ੍ਰਾਈਵੇਟ ਬੈਂਕਾਂ ਤੋਂ ਲਿਆ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ ਅਤੇ ਦੂਸਰੇ ਪੜਾਅ ਵਿੱਚ ਪੰਜ ਏਕੜ ਤੱਕ ਜਮੀਨ ਦੇ ਮਾਲਕ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪਿਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਦਾ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬਿਆ ਗਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਵਿਕਾਸ ਪ੍ਰਦਰਸ਼ਨੀਆਂ ਦਾ ਵੀ ਮੁਆਇਨਾ ਕੀਤਾ।
ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨ ਪਰਿਵਾਰਾਂ ਨਾਲ ਜੁੜੀ ਹੋਈ ਨੌਜਵਾਨ ਪੀੜ੍ਹੀ ਵਿੱਚ ਹੱਥੀਂ ਕੰਮ ਕਰਨ ਦੀ ਇੱਛਾ ਸ਼ਕਤੀ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਤ ਕੀਤਾ ਕਿ ਉਹ ਖੇਤੀ ਦੇ ਧੰਦੇ ਨੂੰ ਇੱਕ ਉਦਯੋਗ ਸਮਝ ਕੇ ਬਿਜਨਸਮੈਨ ਦੀ ਤਰ੍ਹਾਂ ਮਾਰਕੀਟ ਦੀ ਮੰਗ ਅਨੁਸਾਰ ਫਸਲਾਂ ਦੀ ਖੇਤੀ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖੇਤੀ ਨੂੰ ਵਪਾਰਕ ਪੱਧਰ 'ਤੇ ਕਰੇਗਾ ਤਾਂ ਉਹ ਇਸ ਤੋਂ ਵਧੇਰੇ ਮੁਨਾਫਾ ਲੈ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੀ ਝੱਲਣਾ ਪੈਂਦਾ ਹੈ ਕਿਉਂਕਿ ਇਸ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਉਥੇ ਹੀ ਇਨਸਾਨ ਵੀ ਕਈ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਹੀ ਵਾਹੁਣਾ ਚਾਹੀਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਤੇ ਬੀਜੀ ਗਈ ਫਸਲ ਦਾ ਝਾੜ ਵੀ ਵੱਧਦਾ ਹੈ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਕਰਕੇ ਖੇਤੀ ਲਾਗਤ ਵੀ ਘਟਦੀ ਹੈ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਸਰਬਜੀਤ ਸਿੰਘ ਕੰਧਾਰੀ ਨੇ ਕਿਸਾਨਾਂ ਨੂੰ ਪ੍ਰੇਰਤ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਰੇਕ ਸਾਲ ਅਰਬਾਂ ਰੁਪਏ ਦੇ ਜ਼ਮੀਨ ਦੇ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਇਸ ਲਈ ਕਿਸਾਨ ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਫਸਲਾਂ ਤੋਂ ਵਧੇਰੇ ਉਪਜ ਲੈ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਹਾੜੀ ਦੀਆਂ ਫਸਲਾਂ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੇ ਜਾਂਦੇ ਸੁਧਰੇ ਬੀਜਾਂ ਅਤੇ ਹੋਰ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। ਜਦੋਂ ਕਿ ਮੁੱਖ ਖੇਤੀਬਾੜੀ ਅਫਸਰ ਡਾ. ਕੇਸਰ ਰਾਮ ਬੰਗਾ ਨੇ ਵੀ ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਡਾ. ਗੁਰਦੇਵ ਸਿੰਘ ਨੇ ਫਸਲਾਂ ਦੇ ਮੰਡੀਕਰਨ ਬਾਰੇ ਅਤੇ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਵਿਪਨ ਕੁਮਾਰ ਰਾਮਪਾਲ ਨੇ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਜਦੋਂ ਕਿ ਡਾਕਟਰ ਲਖਬੀਰ ਸਿੰਘ ਨੇ ਮਿੱਟੀ ਤੇ ਪਾਣੀ ਦੀ ਪਰਖ ਬਾਰੇ, ਡਾ. ਰੀਤ ਵਰਮਾ ਨੇ ਫਸਲਾਂ ਨੂੰ ਲੱਗਣ ਵਾਲੇ ਕੀੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਪ ਰਜਿਸਟਰਾਰ ਅਨਿਲ ਕੁਮਾਰ, ਕਾਂਗਰਸੀ ਆਗੂ ਸੁਖਰਾਜ ਸਿੰਘ ਰਾਜਾ ਡਾ. ਜਤਿੰਦਰ ਸਿੰਘ, ਡਾ. ਹਰਮਨਜੀਤ ਸਿੰਘ, ਕਿਸਾਨ ਆਗੂ ਬਲਦੇਵ ਸਿੰਘ ਦਮਹੇੜੀ, ਮੈਂਬਰ ਬਲਾਕ ਸੰਮਤੀ ਲਖਵਿੰਦਰ ਸਿੰਘ ਲੱਖੀ ਤੇ ਅਮਨਦੀਪ ਸਿੰਘ ਬਿੱਟਾ, ਰਜਿੰਦਰ ਸਿੰਘ ਜਖਵਾਲੀ, ਗੁਰਪ੍ਰੀਤ ਸਿੰਘ ਬਾਵਾ, ਬਲਜਿੰਦਰ ਸਿੰਘ ਅਤਾਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ।