ਪਟਿਆਲਾ, 18 ਫਰਵਰੀ 2019: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਾਨੂੰਨੀ ਸੇਵਾਵਾਂ ਕੈਂਪ 23 ਫਰਵਰੀ ਨੂੰ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਪਿੰਡ ਸਿੱਧੂਵਾਲ, ਪਟਿਆਲਾ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਆਸ਼ੀਸ਼ ਕੁਮਾਰ ਬਾਂਸਲ ਨੇ ਦੱਸਿਆ ਕਿ ਇਸ ਮੈਗਾ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਕੇ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਲਾਭਪਾਤਰੀਆਂ ਦੇ ਫਾਰਮ ਭਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੈਗਾ ਕੈਂਪ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜਸਟਿਸ ਸ਼੍ਰੀ ਮਹੇਸ਼ ਗਰੋਵਰ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਹਰਪ੍ਰੀਤ ਕੌਰ ਜੀਵਨ ਅਤੇ ਵਧੀਕ ਮੈਂਬਰ ਸਕੱਤਰ ਸ਼੍ਰੀ ਅਮਰਿੰਦਰ ਸਿੰਘ ਸ਼ੇਰਗਿੱਲ ਵੀ ਕੈਂਪ ਵਿੱਚ ਸ਼ਿਰਕਤ ਕਰਨਗੇ ।
ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆ ਸ੍ਰੀ ਆਸ਼ੀਸ਼ ਕੁਮਾਰ ਬਾਂਸਲ ਨੇ ਦੱਸਿਆ ਕਿ ਇਸ ਮੈਗਾ ਕੈਂਪ ਲਈ ਲਗਭਗ 20 ਕਿਲੋਮੀਟਰ ਦੇ ਖੇਤਰ ਵਿਚ ਪੈਂਦੇ ਨੇੜੇ-ਤੇੜੇ ਦੇ ਪਿੰਡਾਂ ਨੂੰ ਚੁਣਿਆ ਗਿਆ, ਜਿਨ੍ਹਾਂ ਵਿਚ ਸਿੱਧੂਵਾਲ, ਬਖਸ਼ੀਵਾਲ, ਜੱਸੋਵਾਲ, ਲੰਗ, ਸਿਓੁਣਾ, ਚਲੈਲਾ, ਲਚਕਾਣੀ, ਕਾਠਮੱਠੀ, ਰੋਂਗਲਾ, ਰੋੜਗੜ੍ਹ ਅਤੇ ਨਿਊ ਫਤਿਹਪੁਰ ਪਿੰਡ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੀਆਂ ਹਦਾਇਤਾਂ ਅਨੁਸਾਰ ਪੈਰਾ ਲੀਗਲ ਵਲੰਟੀਅਰਾਂ, ਲਾਅ ਵਿਦਿਆਰਥੀਆਂ ਅਤੇ ਪੈਨਲ ਦੇ ਵਕੀਲਾਂ ਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਕੈਂਪ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਲਈ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਸ੍ਰੀ ਬਾਂਸਲ ਨੇ ਦੱਸਿਆ ਕਿ ਪ੍ਰੀ-ਕੈਂਪ ਗਤੀਵਿਧੀਆਂ ਦੌਰਾਨ ਪਿੰਡਾਂ ਵਾਸੀਆਂ ਨੂੰ ਘਰ-ਘਰ ਜਾ ਕੇ ਨਾਲਸਾ ਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਪੰਜਾਬ ਸਰਕਾਰ ਦੀਆਂ ਸਕੀਮਾਂ ਵਾਲੇ ਪੈਂਮਫਲੇਟਸ ਅਤੇ ਹੋਰ ਪੱਤਰ ਸਮੱਗਰੀ ਵੀ ਵੰਡੀ ਜਾ ਰਹੀ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਦੀਆਂ ਲਾਭ ਪ੍ਰਾਪਤੀ ਸਕੀਮਾਂ ਅਧੀਨ ਲਾਭ-ਪਾਤਰੀਆਂ ਦੇ ਫਾਰਮ ਵੀ ਭਰੇ ਜਾ ਰਹੇ ਹਨ ਅਤੇ ਪਿੰਡ ਵਾਸੀਆਂ ਨੂੰ ਵੱਧ-ਚੜ੍ਹ ਕੇ ਕੈਂਪ ਵਿਚ ਹਿੱਸਾ ਲੈਣ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ, ਬੱਸ ਪਾਸ, ਡਰਾਈਵਿੰਗ ਲਾਇਸੈਂਸ ਆਦਿ ਦੇ ਫਾਰਮ ਭਰੇ ਜਾ ਰਹੇ ਹਨ ।
ਸ੍ਰੀ ਆਸ਼ੀਸ਼ ਬਾਂਸਲ ਨੇ ਦੱਸਿਆ ਕਿ ਇਸ ਕੈਂਪ ਲਈ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿਚ ਕਿਰਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਜ਼ਿਲ੍ਹਾ ਪਰਿਸ਼ਦ ਦਾ ਮੁੱਖ ਕਾਰਜਕਾਰੀ ਦਫ਼ਤਰ, ਜ਼ਿਲ੍ਹਾ ਭਲਾਈ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਸਿਹਤ ਵਿਭਾਗ, ਜ਼ਿਲ੍ਹਾ ਖੇਤੀਬਾੜੀ ਦਫ਼ਤਰ, ਜ਼ਿਲ੍ਹਾ ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਮੱਛੀ ਪਾਲਣ ਵਿਭਾਗ, ਰੈਡ ਕਰਾਸ, ਸਾਂਝ ਕੇਂਦਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਇਨ੍ਹਾਂ ਤੋਂ ਇਲਾਵਾ ਦੋ ਐਨ.ਜੀ.ਓਜ਼ (ਸਰਬਤ ਦਾ ਭਲਾ ਅਤੇ ਸੇਵ ਲਾਈਡ) ਵੱਲੋਂ ਵੀ ਭਾਗ ਲਿਆ ਜਾਵੇਗਾ, ਜਿਨ੍ਹਾਂ ਵੱਲੋਂ ਸਕੂਲ ਬੈਗ ਆਦਿ ਵੰਡੇ ਜਾਣਗੇ। ਇਨ੍ਹਾਂ ਤੋਂ ਇਲਾਵਾ ਇਸ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਦੋ ਸਟਾਲ ਲਗਾਏ ਜਾਣਗੇ ।
ਸ੍ਰੀ ਆਸ਼ੀਸ਼ ਕੁਮਾਰ ਬਾਂਸਲ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾ ਕੇ ਇਨ੍ਹਾਂ ਸਕੀਮਾਂ ਤੱਕ ਲੋਕਾਂ ਦੀ ਪਹੁੰਚ ਨੂੰ ਲਾਜ਼ਮੀ ਅਤੇ ਸੌਖਾ ਬਣਾਉਣਾ ਹੈ, ਤਾਂ ਜੋ ਪਿੰਡ ਵਾਸੀ ਇਨ੍ਹਾਂ ਸਕੀਮਾਂ ਦਾ ਫਾਇਦਾ ਚੁੱਕ ਸਕਣ ਅਤੇ ਜ਼ਰੂਰਤਮੰਦਾਂ ਦੀਆਂ ਕਾਨੂੰਨ ਨਾਲ ਸੰਬੰਧਤ ਸਮੱਸਿਆਵਾਂ ਨੂੰ ਸੁਲਝਾਇਆ ਜਾ ਸਕੇ ਅਤੇ ਉਚਿਤ ਕਦਮ ਚੁੱਕੇ ਜਾ ਸਕਣ।