ਚੰਡੀਗੜ, 20 ਫਰਵਰੀ 2019: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਬਕਾਰੀ ਦਫਤਰ ਫਾਜਿਲਕਾ ਵਿਖੇ ਤਾਇਨਾਤ ਸਿਪਾਹੀ ਕੰਵਲਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਜੱਗਾ ਸਿੰਘ ਵਾਸੀ ਗੁਰੂ ਨਾਨਕ ਨਗਰ, ਫਾਜਿਲਕਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਘਰੋ ਬਰਾਮਦ ਕੀਤੀ ਲਾਹਨ ਸਬੰਧੀ ਉਸ ਵਿਰੁੱਧ ਪਰਚਾ ਦਰਜ ਨਾ ਕਰਨ ਬਦਲੇ ਸਿਪਾਹੀ ਕੰਵਲਜੀਤ ਸਿੰਘ ਵਲੋਂ 7,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 5,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।