ਦੇਵਾ ਨੰਦ ਸ਼ਰਮਾ
ਫਰੀਦਕੋਟ, 25 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਕਣਕ ਦੀ ਨਿਰਵਿਘਣ ਖ਼ਰੀਦ ਕੀਤੀ ਜਾ ਰਹੀ ਹੈ। ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਣਕ ਨੂੰ ਲੈ ਕੇ ਕਿਸੇ ਤਰਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੰਨ੍ਹਾਂ ਵਿਚ ਬੀਤੀ ਸ਼ਾਮ ਤੱਕ 112558 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਅਤੇ 10417.5 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿੱਚੋਂ ਚੁਕਾਈ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੌਰਾਨ ਕਿਸੇ ਤਰਾਂ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਮੌਸਮ ਤਬਦੀਲੀ ਨੂੰ ਦੇਖਦਿਆਂ ਕਣਕ ਦੀ ਖਰੀਦ ਅਤੇ ਚੁਕਾਈ ਵਿਚ ਵੀ ਤੇਜ਼ੀ ਲਿਆਂਦੀ ਜਾਵੇ।
ਇਸ ਮੌਕੇ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਜ਼ਿਲ•ੇ ਦੀਆਂ ਮੰਡੀਆਂ ਵਿਚ ਹੁਣ ਤੱਕ 129728 ਮੀਟ੍ਰਿਕ ਟਨ ਕਣਕ ਦੀ ਆਮ ਹੋ ਚੁੱਕੀ ਹੈ ਜਿਸ ਵਿਚੋਂ ਪਨਗ੍ਰੇਨ ਏਜੰਸੀ ਵਲੋਂ 29757 ਮੀਟ੍ਰਿਕ ਟਨ, ਮਾਰਕਫੈਡ ਵਲੋਂ 35738 ਮੀਟ੍ਰਿਕ ਟਨ, ਪਨਸਪ ਵੱਲੋਂ 20320 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਪੋਰੇਸ਼ਨ ਵੱਲੋਂ 12325 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 10007 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 4410 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।