ਅੰਮ੍ਰਿਤਸਰ, 11 ਜੂਨ 2019 - ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਲੋਨੀ ਵਿਚ ਵਸਦੇ ਪੰਜਾਬੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ਵਿੱਚ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਲਾਂਗ ਵਿਖੇ ਇਕ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਜਦੋਂ ਸ਼ਿਲਾਂਗ ਵਿਖੇ ਪੰਜਾਬੀ ਕਲੋਨੀ ’ਚ ਵਸਦੇ ਕੁੱਝ ਲੋਕਾਂ ਦੇ ਘਰਾਂ ’ਤੇ ਸਥਾਨਕ ਖਾਸੀ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਸ਼੍ਰੋਮਣੀ ਕਮੇਟੀ ਨੇ ਮੋਹਰੀ ਭੂਮਿਕਾ ਨਿਭਾਈ ਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਸ ਸਮੇਂ ਸ਼੍ਰੋਮਣੀ ਕਮੇਟੀ ਦੀ ਇਕ ਟੀਮ ਮੇਘਾਲਿਆ ਭੇਜੀ ਸੀ, ਜਿਸ ਨੇ ਪੀੜਤ ਇਲਾਕਾ ਨਿਵਾਸੀਆਂ ਦੀ ਮਦਦ ਕੀਤੀ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਸ਼ਿਲਾਂਗ ’ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਗ੍ਰਹਿ ਸਕੱਤਰ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਭਾਈ ਲੌਂਗੋਵਾਲ ਨੇ ਆਖਿਆ ਕਿ ਦੋ ਸੌ ਸਾਲ ਤੋਂ ਸ਼ਿਲਾਂਗ ’ਚ ਵਸ ਰਹੇ ਪੰਜਾਬੀਆਂ ਨੂੰ ਜਾਣ-ਬੁਝ ਕੇ ਉਜਾੜੇ ਵੱਲ ਧੱਕਿਆ ਜਾ ਰਿਹਾ ਹੈ। ਇਹ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਹਮੇਸ਼ਾ ਸ਼ਿਲਾਂਗ ਦੇ ਪੰਜਾਬੀਆਂ ਨਾਲ ਰਹੀ ਹੈ ਅਤੇ ਅੱਗੇ ਵੀ ਉਨ੍ਹਾਂ ਦੀ ਹਰ ਤਰ੍ਹਾਂ ਮਦਦ ਕੀਤੀ ਜਾਵੇਗੀ। ਸਥਾਨਕ ਲੋਕਾਂ ਨੂੰ ਮੇਘਾਲਿਆ ਦੀ ਪਾਬੰਦੀਸ਼ੁਦਾ ਜਥੇਬੰਦੀ ਐੱਚ.ਐੱਨ.ਐੱਲ.ਸੀ. ਵੱਲੋਂ ਦਿੱਤੀ ਗਈ ਧਮਕੀ ਨੂੰ ਵੀ ਭਾਈ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਮੇਘਾਲਿਆ ਵਿਖੇ ਭੇਜਿਆ ਜਾ ਰਿਹਾ ਹੈ, ਜੋ ਸ਼ਿਲਾਂਗ ਵਿਚ ਵੱਸਦੇ ਪੰਜਾਬੀਆਂ ਨਾਲ ਰਾਬਤਾ ਬਣਾਏਗਾ ਅਤੇ ਜਿਸ ਕਿਸਮ ਦੀ ਲੋੜ ਹੋਵੇਗੀ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਸਹਾਇਤਾ ਕਰੇਗੀ। ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਸੰਗਮਾ ਅਤੇ ਗ੍ਰਹਿ ਮੰਤਰੀ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਨਾਲ ਵੀ ਮਾਮਲੇ ਸਬੰਧੀ ਗੱਲਬਾਤ ਕਰੇਗਾ। ਉਨ੍ਹਾਂ ਦੱਸਿਆ ਕਿ ਸ਼ਿਲਾਂਗ ਜਾਣ ਵਾਲੇ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸ਼ਾਮਲ ਹਨ। ਇਨ੍ਹਾਂ ਨਾਲ ਮੁਖਤਾਰੇਆਮ ਸ. ਸਿਮਰਜੀਤ ਸਿੰਘ ਵੀ ਜਾਣਗੇ। ਭਾਈ ਲੌਂਗੋਵਾਲ ਨੇ ਸ਼ਿਲਾਂਗ ਦੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਮੁਸ਼ਕਿਲ ਦੇ ਸਮੇਂ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਦਾ ਉਜਾੜਾ ਰੋਕਣ ਲਈ ਲੋੜੀਂਦੀ ਕਾਰਵਾਈ ਵੀ ਕਰੇਗੀ।