ਫਿਰੋਜ਼ਪੁਰ 11 ਜੂਨ 2019 (ਗੁਰਿੰਦਰ ਸਿੰਘ) ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਇਹ ਫੈਸਲਾ ਅੱਜ ਇਥੇ
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਅਗਵਾਈ ਹੇਠ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਹੋਈ ਬੈਠਕ ਵਿੱਚ ਲਿਆ ਗਿਆ। ਇਸ ਮੌਕੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ। ਇਸ ਤੋਂ ਬਾਅਦ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਮੁਖੀਆ ਨਾਲ ਵੀ ਮੀਟਿੰਗ ਕੀਤੀ ਗਈ।
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕੈਮਿਸਟ ਐਸੋਸੀਏਸ਼ਨ ਦੇ ਮੁਖੀਆ ਨੂੰ ਨਸ਼ੇ ਦੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਜੰਗ ਵਿਚ ਸ਼ਾਮਲ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹਾ ਸ਼ਹੀਦਾਂ ਦੀ ਧਰਤੀ ਦੇ ਰੂਪ ਵਿਚ ਜਾਣਿਆ ਜਾਂਦਾ ਹੈ, ਜਿੱਥੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜਿਹੇ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ। 1965 ਅਤੇ 1971 ਦੀ ਲੜਾਈ ਵਿਚ ਫਿਰੋਜ਼ਪੁਰ ਦੇ ਲੋਕਾਂ ਨੇ ਦੁਸ਼ਮਣਾਂ ਨੂੰ ਮਾਤ ਪਾਈ ਸੀ। ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਫਿਰੋਜ਼ਪੁਰ ਦਾ ਨਾਮ ਨਸ਼ੇ ਦੇ ਨਾਲ ਜੋੜਿਆ ਜਾ ਰਿਹਾ ਹੈ, ਜਿਸ ਨਾਲ ਪੂਰੇ ਜ਼ਿਲ੍ਹੇ ਦੀ ਸ਼ਾਨ ਨੂੰ ਨੁਕਸਾਨ ਪਹੁੰਚ ਰਿਹਾ ਹੈ। ਇਸ ਮਾਮਲੇ ਵਿਚ ਕਿਸ ਨੂੰ ਵੀ ਢਿੱਲ ਨਹੀਂ ਦਿੱਤੀ ਜਾਵੇਗੀ। ਵਿਧਾਇਕ ਪਿੰਕੀ ਨੇ ਕਿਹਾ ਕਿ ਸਾਡਾ ਸਭ ਤੋਂ ਵੱਡਾ ਦੁਸ਼ਮਣ ਹੈ, ਜੋ ਕਿ ਇੱਥੋਂ ਦੀ ਜਵਾਨੀ ਨੂੰ ਨਸ਼ੇ ਦੀ ਦਲਦਲ ਵਿਚ ਫਸਾ ਕੇ ਬਰਬਾਦ ਕਰਨਾ ਚਾਹੁੰਦਾ ਹੈ। ਵਿਧਾਇਕ ਪਿੰਕੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਪਾਰਟੀ ਤੋਂ ਉੱਪਰ ਉੱਠ ਕੇ ਮਿਲ ਕੇ ਕੰਮ ਕਰਨ, ਤਾਂ ਜੋ ਫਿਰੋਜ਼ਪੁਰ ਨੂੰ ਇਸ ਬੁਰਾਈ ਤੋਂ ਆਜ਼ਾਦ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਜਲਦੀ ਹੀ ਮੈਡੀਕਲ ਨਸ਼ੇ ਦੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਜ਼ਿਲ੍ਹੇ ਭਰ ਵਿਚ ਸਿਹਤ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਦੁਕਾਨਦਾਰਾ ਨੂੰ ਆਪਣਾ ਸੇਲ-ਪਰਚੇਜ ਦਾ ਰਿਕਾਰਡ ਅਤੇ ਸਟਾਕ ਪੂਰੀ ਤਰ੍ਹਾਂ ਮੰਨਟੇਨ ਕਰਨਾ ਹੋਵੇਗਾ। ਜੇਕਰ ਸਟਾਕ ਦੀ ਵੈਰੀਫਿਕੇਸ਼ਨ ਦੌਰਾਨ ਕਿਸੇ ਕੋਲ ਸਹੀ ਸਟਾਕ ਨਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਕੈਮਿਸਟਾਂ ਨੂੰ ਨਸ਼ੇ ਦੇ ਖ਼ਿਲਾਫ਼ ਚੱਲ ਰਹੀ ਜੰਗ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਬੋਧ ਕੱਕੜ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਦਾ ਕੋਈ ਵੀ ਮੈਂਬਰ ਇਸ ਤਰ੍ਹਾਂ ਦੇ ਕੰਮ ਵਿਚ ਸ਼ਾਮਲ ਨਹੀਂ ਹੈ, ਕੁੱਝ ਚੰਦ ਦਵਾਈ ਵਿਕਰੇਤਾ ਇਸ ਗ਼ਲਤ ਕੰਮ ਨੂੰ ਕਰ ਰਹੇ ਹਨ ਜਿਨ੍ਹਾਂ ਖ਼ਿਲਾਫ਼ ਉਹ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ।
ਡਰੱਗ ਇੰਸਪੈਕਟਰ ਹਰਜਿੰਦਰ ਸਿੰਘ ਨੇ ਕਿਹਾ ਕਿ ਸਾਰੇ ਦੁਕਾਨਦਾਰ ਆਪਣਾ ਰਿਕਾਰਡ ਪੂਰੀ ਤਰ੍ਹਾਂ ਨਾਲ ਅੱਪਡੇਟ ਰੱਖਣ ਹੋ ਸਕੇ ਤਾਂ ਦਵਾਈਆਂ ਦੇ ਰਿਕਾਰਡ ਦਾ ਕੰਪਿਊਟਰਾਈਜੇਸ਼ਨ ਕਰਨ ਤਾਂ ਜੋ ਚੈਕਿੰਗ ਵਿਚ ਆਸਾਨੀ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੜਬੜੀ ਮਿਲਣ ਤੇ ਲਾਇਸੰਸ ਰੱਦ ਕਰਨ ਦੀ ਕਾਰਵਾਈ ਮੌਕੇ ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਵਾਈ ਵਿਕਰੇਤਾ ਉਨ੍ਹਾਂ ਕੋਲ ਆਉਣ ਵਾਲੀਆਂ ਡਾਕਟਰੀ ਸਲਿਪਾਂ ਦੀ ਕਾਪੀ ਵੀ ਸੰਭਾਲ ਕੇ ਰੱਖਣ, ਜਿਸ ਦੇ ਆਧਾਰ ਤੇ ਮਰੀਜ਼ਾਂ ਨੂੰ ਦਵਾਈਆਂ ਦਿੰਦੇ ਹਨ, ਕਿਉਂ ਚੈਕਿੰਗ ਦੌਰਾਨ ਇਨ੍ਹਾਂ ਸਲਿਪਾਂ ਦੀ ਵੀ ਚੈਕਿੰਗ ਕੀਤੀ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾ: ਰਾਜਿੰਦਰ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।