ਚੰਡੀਗੜ੍ਹ, 19 ਜੂਨ 2019 - ਪੰਜਾਬ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕੀਤੀ ਹੜਤਾਲ ਅੱਜ ਦੂਜੇ ਦਿਨ 'ਚ ਪਹੁੰਚ ਗਈ ਹੈ। ਜਿਸ ਕਾਰਨ ਪੂਰੇ ਪੰਜਾਬ ਦੇ ਡੀਸੀ ਦਫ਼ਤਰ, ਤਹਿਸੀਲਾਂ ਅਤੇ ਹੋਰ ਸਰਕਾਰੀ ਮਹਿਕਮੇ ਪੂਰੀ ਤਰ੍ਹਾਂ ਬੰਦ ਰਹੇ। ਜਿਸ ਕਾਰਨ ਆਮ ਜਨਤਾ ਕਾਫੀ ਪ੍ਰਭਾਵਿਤ ਹੋਈ ਅਤੇ ਕਿਸੇ ਵੀ ਮਹਕਮੇ 'ਚ ਕੋਈ ਵੀ ਸਰਕਾਰੀ ਕੰਮ ਨਹੀਂ ਹੋਇਆ। ਜਿਸ ਕਾਰਨ ਆਮ ਜਨਤਾ 'ਚ ਭਾਰੀ ਰੋਸ ਦੇਖਣ ਨੂੰ ਮਿਲਿਆ।
ਇਸ ਸਬੰਧ 'ਚ ਫਰੀਦਕੋਟ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਗੁਰਨਾਮ ਵਿਰਕ ਨੇ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਹੜਤਾਲ ਕਰਨ ਦਾ ਕੋਈ ਸ਼ੌਕ ਨਹੀਂ ਹੈ। ਪਰ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਕੀਤੀ ਜਾ ਰਹੀ ਅਣਦੇਖੀ ਕਾਰਨ ਮੁਲਾਜ਼ਮ ਯੂਨੀਅਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ, ਉਹ ਵੀ ਨਹੀਂ ਚਾਹੁੰਦੇ ਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਕਾਰਨ ਖੱਜਲ-ਖੁਆਰ ਹੋਣ, ਪਰ ਉਨ੍ਹਾਂ ਦੀ ਮਜਬੂਰੀ ਹੈ ਕਿ ਪੰਜਾਬ ਸਕਰਾਰ ਵੱਲੋਂ ਮੁਲਾਜ਼ਮਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਤੇ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ ਅਤੇ ਮੁਲਾਜ਼ਮ ਆਪਣੀ ਡਿਊਟੀ ਦੁਬਾਰਾ ਸਾਂਭ ਲੈਣ ਅਤੇ ਲੋਕ ਵੀ ਹੋ ਰਹੀ ਖੱਜਲ-ਖੁਆਰੀ ਤੋਂ ਬਚ ਸਕਣ ਅਤੇ ਆਪਣੇ ਕੰਮ ਕਰਵਾ ਸਕਣ।