ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਾਏ ਕੈਂਪ ਦਾ ਦ੍ਰਿਸ਼।
ਫ਼ਤਹਿਗੜ੍ਹ ਸਾਹਿਬ, 24 ਜੂਨ(ਦੀਦਾਰ ਗੁਰਨਾ ) ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਇਸ ਸਬੰਧੀ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦੇਣ ਦੇ ਮੰਤਵ ਨਾਲ ਜ਼ਿਲ੍ਹਾ ਰੁਜ਼ਗਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੀ ਕਾਊਂਸਲਿੰਗ ਲਈ ਕੈਂਪ ਲਾਇਆ ਗਿਆ, ਜਿਸ ਵਿਚ 36 ਨੌਜਵਾਨਾਂ ਨੇ ਹਿੱਸਾ ਲਿਆ ਤੇ ਲੀਓਮ ਇੰਟਰਨੈਸ਼ਨਲ ਗਰੁੱਪ ਵੱਲੋਂ ਨੌਜਵਾਨਾਂ ਦੀ ਕਾਊਂਸਲਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਵਿਦੇਸ਼ ਜਾਣ ਦੇ ਸਹੀ ਤਰੀਕਿਆਂ ਤੇ ਵਿਦੇਸ਼ਾਂ ਵਿੱਚ ਕੈਰੀਅਰ ਬਣਾਉਣ ਸਬੰਧੀ ਵਿਸਤਰਿਤ ਜਾਣਕਾਰੀ ਦਿੱਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਮੌਕਿਆਂ, ਵਿਦੇਸ਼ਾਂ ਵਿਚਲੀ ਪੜ੍ਹਾਈ ਅਤੇ ਵਿਦੇਸ਼ਾਂ ਸਬੰਧੀ ਬਹੁਪੱਖੀ ਜਾਣਕਾਰੀ ਮਾਹਿਰਾਂ ਦੀ ਵਿਸ਼ੇਸ਼ ਟੀਮ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਸਬੰਧੀ ਪੁਖ਼ਤਾ ਜਾਣਕਾਰੀ ਦੀ ਘਾਟ ਕਾਰਨ ਕਈ ਵਾਰ ਨੌਜਵਾਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਕਈ ਵਾਰ ਵਿਦੇਸ਼ ਪਹੁੰਚ ਕੇ ਵੀ ਉਨ੍ਹਾਂ ਨੂੰ ਮੁਸ਼ਕਲਾਂ ਆਉਂਦੀਆਂ ਹਨ। ਇਸ ਗੱਲ ਦੇ ਮੱਦੇਨਜ਼ਰ ਇਹ ਕੈਂਪ ਲਾਇਆ ਗਿਆ ਤਾਂ ਜੋ ਨ ਨੌਜਵਾਨਾਂ ਨੂੰ ਵਿਦੇਸ਼ ਜਾਣ ਸਬੰਧੀ ਬਹੁਪੱਖੀ ਜਾਣਕਾਰੀ ਦਿੱਤੀ ਜਾ ਸਕੇ।