ਲੁਧਿਆਣਾ, 26 ਜੂਨ 2019 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਵਿਖੇ ਇੱਕ ਅਫ਼ਸੋਸ ਸਮਾਗਮ 'ਚ ਪਹੁੰਚੇ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਅੱਜ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੰਜਾਬ ਸਰਕਾਰ 'ਤੇ ਜਮ ਕੇ ਨਿਸ਼ਾਨੇ ਵਿੰਨੇ ਅਤੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਚਾਰ ਹਫ਼ਤਿਆਂ ਦੇ ਵਿੱਚ ਪੰਜਾਬ 'ਚੋਂ ਨਸ਼ਾ ਖਤਮ ਕਰ ਦੇਵੇਗੀ ਪਰ ਇਹ ਸਭ ਕਾਗ਼ਜ਼ਾਂ 'ਚ ਹੀ ਰਹਿ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਬਾਕੀ ਕਿਸੇ ਮੁੱਦੇ 'ਤੇ ਬੋਲਣ ਤੋਂ ਇਨਕਾਰ ਕਰ ਦਿੱਤਾ। ਪਰ ਨਸ਼ੇ ਨੂੰ ਲੈ ਕੇ ਉਨ੍ਹਾਂ ਪੰਜਾਬ ਸਰਕਾਰ ਤੇ ਜ਼ਰੂਰ ਨਿਸ਼ਾਨੇ ਸਾਧੇ। ਸੁਖਬੀਰ ਬਾਦਲ ਨੇ ਕਿਹਾ ਕਿ ਸਲੋਗਨਾਂ ਨਾਲ ਜਾਂ ਦਿਵਸ ਮਨਾਉਣ ਨਾਲ ਕੁਝ ਨਹੀਂ ਹੋਵੇਗਾ ਸਗੋਂ ਜ਼ਮੀਨੀ ਪੱਧਰ ਤੇ ਨਸ਼ਾ ਖਤਮ ਕਰਨ ਲਈ ਉਪਰਾਲੇ ਕਰਨੇ ਪੈਣਗੇ ਤਾਂ ਹੀ ਨਸ਼ੇ ਨੂੰ ਠੱਲ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ 'ਚੋਂ ਨਸ਼ਾ ਖਤਮ ਕਰਨ 'ਚ ਨਾਕਾਮ ਸਾਬਿਤ ਹੋਈ ਹੈ। ਜਦੋਂ ਕਿ ਨਾਭਾ ਜੇਲ੍ਹ ਦੇ ਵਿੱਚ ਡੇਰਾ ਪ੍ਰੇਮੀ ਦੇ ਕਤਲ ਦੇ ਮਾਮਲੇ 'ਤੇ ਉਨ੍ਹਾਂ ਨੇ ਕੁਝ ਵੀ ਬੋਲਣ ਤੋਂ ਸਾਫ ਇਨਕਾਰ ਕਰ ਦਿੱਤਾ।