ਲੋਕੇਸ਼ ਰਿਸ਼ੀ
ਗੁਰਦਾਸਪੁਰ, 14 ਜੁਲਾਈ 2019- ਪਹਿਲਾਂ ਭਾਜਪਾ ਅਤੇ ਬਾਦ ਵਿੱਚ ਕਾਂਗਰਸ ਪਾਰਟੀ ਦੇ ਤੇਜ਼ ਤਰਾਰ ਨੇਤਾ ਮੰਨੇ ਜਾਂਦੇ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਜਿੱਥੇ ਇੱਕ ਪਾਸੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਸ਼ਹਿਰੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੇ ਵਿਚਾਰ ਦਿੰਦਿਆਂ ਕਿਹਾ ਹੈ ਕਿ ਸਿੱਧੂ ਇੱਕ ਚੰਗੇ ਇਨਸਾਨ ਹਨ, ਪਰ ਜੇਕਰ ਸਿੱਧੂ ਨੇ ਅਸਤੀਫ਼ਾ ਦੇਣਾ ਹੀ ਸੀ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਣਾ ਚਾਹੀਦਾ ਸੀ। ਉੱਥੇ ਦੂਜੇ ਪਾਸੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ ਅਤੇ ਜੇਕਰ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ ਤਾਂ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਹੀ ਦੱਸ ਸਕਦੇ ਹਨ।
ਸਿੱਧੂ ਦੇ ਅਸਤੀਫ਼ੇ ਸਬੰਧੀ ਗੱਲ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਸ਼ਹਿਰੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇੱਕ ਚੰਗੇ ਇਨਸਾਨ ਹਨ ਅਤੇ ਉਨ੍ਹਾਂ ਨੂੰ ਆਪਣੇ ਅਸਤੀਫ਼ੇ ਵਾਲਾ ਫ਼ੈਸਲਾ ਮੁੜ ਵਿਚਾਰ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਬਾਜਵਾ ਨੇ ਇਹ ਵੀ ਕਿਹਾ ਕਿ ਜੇਕਰ ਸਿੱਧੂ ਨੇ ਅਸਤੀਫ਼ਾ ਦੇਣ ਦਾ ਮਨ ਬਣਾ ਹੀ ਲਿਆ ਸੀ, ਤਾਂ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਣਾ ਚਾਹੀਦਾ ਸੀ।
ਉਕਤ ਮਾਮਲੇ ਦੇ ਸਬੰਧ ਵਿੱਚ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਗੱਲ ਕਰਨ ਤੇ ਉਨ੍ਹਾਂ ਨੇ ਇਸ ਮੁੱਦੇ ਸਬੰਧੀ ਅਗਿਆਨਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੱਧੂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਅਤੇ ਜੇਕਰ ਸਿੱਧੂ ਨੇ ਅਜਿਹਾ ਕੀਤਾ ਹੈ ਤਾਂ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਹੀ ਕੋਈ ਚਾਨਣਾ ਪਾ ਸਕਦੇ ਹਨ।