ਗੁਰਨਾਮ ਸਿੱਧੂ
ਫਿਰੋਜ਼ਪੁਰ 20 ਅਗਸਤ 2019 - ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਫਿਰੋਜ਼ਪੁਰ ਸ਼ਹਿਰ ਵਿਚ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਸਵੇਰੇ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਕੋਈ ਵੀ ਭਾਰੀ ਵਾਹਨ ਸ਼ਹਿਰ ਅੰਦਰ ਦਾਖਲ ਨਹੀਂ ਹੋ ਸਕੇਗਾ। ਡਿਪਟੀ ਕਮਿਸ਼ਨਰ ਨੇ ਆਦੇਸ਼ਾਂ ਦੀ ਕਾਪੀ ਪੁਲਿਸ ਵਿਭਾਗ ਨੂੰ ਭੇਜਦੇ ਹੋਏ ਇਨ੍ਹਾਂ ਆਦੇਸ਼ਾਂ ਨੂੰ ਲਾਗੂ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿਚ ਵੱਧ ਰਹੇ ਟ੍ਰੈਫਿਕ, ਭਾਰੀ ਵਾਹਨਾਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਅਤੇ ਇਸ ਨਾਲ ਸਬੰਧਿਤ ਦੁਰਘਟਨਾਵਾਂ ਨੂੰ ਦੇਖਦੇ ਹੋਏ ਫਿਰੋਜ਼ਪੁਰ ਵਿਚ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਕੇ ਭਾਰੀ ਵਾਹਨਾਂ ਨੂੰ ਸ਼ਹਿਰ ਅੰਦਰ ਦਾਖਲ ਹੋਣ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਵੱਲੋਂ ਐਸਐਸਪੀ ਫਿਰੋਜ਼ਪੁਰ ਨੂੰ ਇਸ ਬਾਰੇ ਸਿਫ਼ਾਰਿਸ਼ ਭੇਜੀ ਜਾਏਗੀ। ਇਸ ਤੋਂ ਇਲਾਵਾ ਸ਼ਹਿਰ ਵਿਚ ਐਂਟਰੀ ਪੁਆਇੰਟ ਤੇ ਪੱਕੇ ਤੌਰ 'ਤੇ ਬੈਰੀਅਰ ਸਥਾਪਿਤ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਭਾਰੀ ਵਾਹਨਾਂ ਨੂੰ ਐਂਟਰੀ ਪੁਆਇੰਟ ਤੇ ਹੀ ਰੋਕਿਆ ਜਾ ਸਕੇ।