- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਿੱਖ ਨੌਜਵਾਨਾਂ ਨੂੰ ਪੰਥਕ ਜ਼ਿੰਮੇਵਾਰੀਆਂ ਨਿਭਾਉਣ ਲਈ ਅੱਗੇ ਆਉਣ ਦਾ ਸੱਦਾ
- ਸਿੱਖ ਨੌਜਵਾਨੀ 'ਚ ਬੇਅੰਤ ਸੰਭਾਵਨਾਵਾਂ ਤੇ ਸਮੱਰਥਾਵਾਂ ਮੌਜੂਦ: ਭਾਈ ਲੌਂਗੋਵਾਲ
- ਨੌਜਵਾਨ ਸ਼ਕਤੀ ਨੂੰ ਪੰਥਕ ਸਟੇਜਾਂ 'ਤੇ ਲਿਆਉਣ ਦੀ ਲੋੜ: ਬੀਬੀ ਜਗੀਰ ਕੌਰ
ਸੁਲਤਾਨਪੁਰ ਲੋਧੀ, 06 ਨਵੰਬਰ 2019 - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਕੌਮਾਂਤਰੀ ਸਮਾਗਮਾਂ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ਵ ਸਿੱਖ ਨੌਜਵਾਨ ਸੰਮੇਲਨ ਕਰਵਾਇਆ ਗਿਆ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ 'ਚ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਸਰੋਕਾਰਾਂ ਦੇ ਮੁਖਾਤਿਬ ਹੋ ਕੇ ਸਿੱਖ ਸੰਸਥਾਵਾਂ, ਸਿਧਾਂਤਾਂ ਤੇ ਸੰਕਲਪਾਂ ਨੂੰ ਉੱਚਾ ਚੁੱਕਣ ਦੀ ਜ਼ਿੰਮੇਵਾਰੀ ਨਿਭਾਉਣ ਲਈ ਅੱਗੇ ਆਉਣ। ਉਨ੍ਹਾਂ ਆਖਿਆ ਕਿ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਪੰਥਕ ਪਰੰਪਰਾਵਾਂ, ਸਿਧਾਂਤਾਂ ਅਤੇ ਸੰਸਥਾਵਾਂ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਸਿੰਘ ਸਾਹਿਬ ਨੇ ਖ਼ਦਸ਼ਾ ਪ੍ਰਗਟ ਕੀਤਾ ਕਿ ਅੱਜ ਸਿੱਖ ਵਿਰੋਧੀ ਤਾਕਤਾਂ ਦਾ ਸਾਰਾ ਜ਼ੋਰ ਸਿੱਖ ਸੰਸਥਾਵਾਂ ਤੇ ਸਿਧਾਂਤਾਂ ਨੂੰ ਢਾਹ ਲਾਉਣ 'ਤੇ ਲੱਗਾ ਹੋਇਆ ਹੈ। ਸਿੱਖ ਨੌਜਵਾਨ ਜੇਕਰ ਆਪਣੀ ਕਾਬਲੀਅਤ, ਹੁਨਰ ਅਤੇ ਜੋਸ਼ੀਲੇਪਨ ਦੀ ਵਰਤੋਂ ਪੰਥ ਦੀ ਚੜ੍ਹਦੀਕਲਾ ਵਾਸਤੇ ਕਰਨ ਤਾਂ ਸਿੱਖ ਪੰਥ ਕਿਸੇ ਵੀ ਚੁਣੌਤੀ ਦਾ ਟਾਕਰਾ ਹੱਸ ਕੇ ਕਰ ਸਕਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਅੱਜ ਸਿੱਖਾਂ ਨੇ ਦੁਨੀਆ ਭਰ ਦੇ ਮੁਲਕਾਂ ਦੇ ਹਰ ਖੇਤਰ 'ਚ ਜਾ ਕੇ ਆਪਣੀ ਯੋਗਤਾ ਅਤੇ ਕਾਮਯਾਬੀ ਦੇ ਝੰਡੇ ਬੁਲੰਦ ਕੀਤੇ ਹਨ ਅਤੇ ਅਜਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਅਤੇ ਫ਼ਲਸਫ਼ੇ 'ਤੇ ਚੱਲਣ ਕਾਰਨ ਹੀ ਸੰਭਵ ਹੋਇਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਦੀ ਨੌਜਵਾਨ ਪੀੜ੍ਹੀ ਵਿਚ ਬੇਅੰਤ ਸੰਭਾਵਨਾਵਾਂ ਅਤੇ ਸਮਰੱਥਾਵਾਂ ਮੌਜੂਦ ਹਨ। ਅੱਜ ਦੀ ਸਿੱਖ ਨੌਜਵਾਨੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਪ੍ਰਤੀਕੂਲ ਹਾਲਾਤਾਂ ਨੂੰ ਵੀ ਅਨੁਕੂਲ ਬਣਾਉਣ ਦੇ ਕਾਬਲ ਬਣਨਾ ਚਾਹੀਦਾ ਹੈ। ਇਸ ਦੇ ਲਈ ਨੌਜਵਾਨਾਂ ਸਾਹਮਣੇ ਉਹ ਸਿੱਖ ਮਿਸਾਲਾਂ ਹਨ, ਜਿਨ੍ਹਾਂ ਨੇ ਗੁਰੂ ਸਾਹਿਬਾਨ ਦੀ ਰੂਹਾਨੀ ਤੇ ਦੈਵੀ ਪ੍ਰੇਰਨਾ ਸਦਕਾ ਵਿਦੇਸ਼ਾਂ 'ਚ ਹਰ ਤਰ੍ਹਾਂ ਦੇ ਹਾਲਾਤਾਂ ਦਾ ਟਾਕਰਾ ਕਰਦਿਆਂ ਆਪਣੀ ਅੱਡਰੀ ਧਾਰਮਿਕ ਪਛਾਣ ਦੀ ਲੜਾਈ ਵੀ ਲੜੀ ਅਤੇ ਦ੍ਰਿੜ੍ਹਤਾ, ਮਿਹਨਤ ਅਤੇ ਯੋਗਤਾ ਜ਼ਰੀਏ ਵੱਖ-ਵੱਖ ਖੇਤਰਾਂ 'ਚ ਉੱਚੇ ਰੁਤਬੇ ਵੀ ਹਾਸਲ ਕੀਤੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼ਤਾਬਦੀਆਂ ਮਨਾਉਣ ਦਾ ਆਸ਼ਾ-ਉਦੇਸ਼ ਆਪਣੀ ਕੌਮ ਦੇ ਨੌਜਵਾਨਾਂ ਅੰਦਰ ਆਪਣੇ ਵਿਰਸੇ ਅਤੇ ਇਤਿਹਾਸ ਪ੍ਰਤੀ ਚੇਤਨਾ ਤੇ ਜਜ਼ਬਾ ਪੈਦਾ ਕਰਨਾ ਹੈ। ਉਨ੍ਹਾਂ ਅਜੋਕੇ ਸਿੱਖ ਨੌਜਵਾਨਾਂ ਨੂੰ ਆਪਣੇ ਵਿਰਸੇ ਅਤੇ ਸਿਧਾਂਤਾਂ 'ਚ ਪ੍ਰਪੱਕ ਬਣਾ ਕੇ ਪੰਥਕ ਸਟੇਜਾਂ 'ਤੇ ਲਿਆਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਆਖਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਦਾ ਇਹ ਵਿਸ਼ਵ ਸਿੱਖ ਨੌਜਵਾਨ ਸੰਮੇਲਨ ਵੀ ਇਸੇ ਸੰਦਰਭ 'ਚ ਇਕ ਕੋਸ਼ਿਸ਼ ਹੈ। ਉਨ੍ਹਾਂ ਇਸ ਸੰਮੇਲਨ ਦੀ ਸਫਲਤਾ 'ਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਅਜੋਕੀ ਨੌਜਵਾਨ ਪੀੜ੍ਹੀ ਨੂੰ ਸੱਚ ਦੇ ਮਾਰਗ 'ਤੇ ਤੁਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਗੱਲ ਆਖੀ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਉੱਪ ਚੇਅਰਮੈਨ ਸ. ਬਲਜੀਤ ਸਿੰਘ ਨੇ ਅਜੋਕੀ ਸਿੱਖ ਨੌਜਵਾਨੀ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੂੰ ਗੁਣਕਾਰੀ ਦੱਸਿਆ। ਪ੍ਰੋ. ਗੁਰਪ੍ਰੀਤ ਸਿੰਘ ਨੇ ਆਖਿਆ ਕਿ ਨੌਜਵਾਨਾਂ ਨੂੰ ਗੁਰੂ ਨਾਨਕ ਸਾਹਿਬ ਵਲੋਂ ਦਰਸਾਏ ਧਰਮ ਦੀ ਕਿਰਤ ਦੇ ਰਾਹ ਨੂੰ ਅਪਨਾਉਣਾ ਚਾਹੀਦਾ ਹੈ। ਡਾ. ਗੁਰਮੰਗਤਪਾਲ ਸਿੰਘ ਲੁਧਿਆਣਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਇਆ ਨਿਸ਼ਕਾਮ ਸੇਵਾ ਦਾ ਸੰਕਲਪ ਅਜੋਕੇ ਸਮੇਂ ਸੰਸਾਰ 'ਚ ਭਾਈਚਾਰਾ ਤੇ ਅਮਨ-ਸ਼ਾਂਤੀ ਸਥਾਪਿਤ ਕਰਨ ਦਾ ਸਟੀਕ ਵਸੀਲਾ ਸਾਬਤ ਹੋ ਸਕਦਾ ਹੈ। ਸ. ਗੁਰਜਿੰਦਰਪਾਲ ਸਿੰਘ ਲਖਨਊ ਅਤੇ ਭਾਈ ਪ੍ਰਤਾਪ ਸਿੰਘ ਯੂ.ਕੇ. ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦੀ ਅਜੋਕੇ ਸਮਾਜਿਕ ਪ੍ਰਸੰਗ 'ਚ ਸੰਖੇਪ ਵਿਆਖਿਆ ਕੀਤੀ। ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਦੀ
ਪ੍ਰਿੰਸੀਪਲ ਬੀਬੀ ਮਨਜੀਤ ਕੌਰ ਨੇ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਚੰਗੇ ਪਾਸੇ ਤੋਰਨ 'ਚ ਮਾਪਿਆਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਇਸ ਮੌਕੇ ਨੌਜਵਾਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਸੰਦਰਭ 'ਚ ਅਜੋਕੇ ਸਮੇਂ ਮਨੁੱਖਤਾ ਨੂੰ ਦਰਪੇਸ਼ ਸਮੱਸਿਆਵਾਂ, ਜਿਵੇਂ ਹਵਾ, ਪਾਣੀ ਦੀ ਸੰਭਾਲ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਇਕ ਸੰਕਲਪ ਵੀ ਦ੍ਰਿੜ੍ਹ ਕਰਵਾਇਆ।
ਇਸ ਮੌਕੇ ਪੰਜਾਬ ਦੇ ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਢਾਡੀ ਵਾਰਾਂ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਨੌਜਵਾਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨੂੰ ਪੇਸ਼ ਕਰਦੀਆਂ ਹੱਥਾਂ 'ਚ ਫੜੀਆਂ ਤਖ਼ਤੀਆਂ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਅਤੇ ਸਾਬਕਾ ਫ਼ੈਡਰੇਸ਼ਨ ਆਗੂ ਭਾਈ ਮਨਜੀਤ ਸਿੰਘ, ਜਥੇਦਾਰ ਅਮਰੀਕ ਸਿੰਘ ਕੋਟ ਸ਼ਮੀਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਅਵਤਾਰ ਸਿੰਘ ਵਣਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਕੁਲਵੰਤ ਸਿੰਘ ਮੰਨਣ, ਗੁਰਪ੍ਰੀਤ ਕੌਰ ਰੂਹੀ, ਇੰਜੀ. ਸਵਰਨ ਸਿੰਘ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਮੁੱਖ ਪ੍ਰਚਾਰਕ ਸ. ਜਗਦੇਵ ਸਿੰਘ, ਭਾਈ ਜਸਵਿੰਦਰ ਸਿੰਘ ਸ਼ਹੂਰ, ਪ੍ਰਚਾਰਕ ਸ. ਹਰਜੀਤ ਸਿੰਘ ਸੁਲਤਾਨਪੁਰ ਲੋਧੀ ਅਤੇ ਸ. ਮੇਜਰ ਸਿੰਘ ਵੀ ਹਾਜ਼ਰ ਸਨ।