ਵੱਖ - ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਅਡੀਸ਼ਨਲ ਡਿਪਟੀ ਕਮਿਸ਼ਨਰ ਡਾ ਆਰ ਪੀ ਸਿੰਘ
ਜਗਦੀਸ਼ ਥਿੰਦ
ਫ਼ਾਜ਼ਿਲਕਾ, 6 ਨਵੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ.ਪੀ. ਸਿੰਘ ਦੀ ਅਗਵਾਈ ਹੇਠ ਮੈਨੂਅਲ ਸਕਾਵੇਂਜਰ ਐਕਟ, 2013 ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧੀਨ ਆਉਂਦੇ ਸਫਾਈ ਸੇਵਕਾਂ, ਸੀਵਰਮੈਨਾਂ ਆਦਿ ਹੋਰ ਸੇਵਕ ਜੋ ਇਸ ਕਿੱਤੇ ਨਾਲ ਜੁੜੇ ਹੋਏ ਉਨ੍ਹਾਂ ਨੂੰ ਐਕਟ ਮੁਤਾਬਕ ਬਣਦੀਆਂ ਸਰਕਾਰੀ ਸਹੂਲਤਾਂ ਅਤੇ ਹੋਰ ਲਾਭ ਦੇਣੇ ਯਕੀਨੀ ਬਣਾਏ ਜਾਣ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਫਾਈ ਸੇਵਕਾਂ ਤੇ ਸੀਵਰੇਜ ਮੈਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰੇਕ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਉਹ ਸਫ਼ਾਈ ਕਰਮਚਾਰੀਆਂ ਨੂੰ ਐਕਟ ਮੁਤਾਬਕ ਲੋੜੀਂਦੀਆਂ ਵਰਦੀਆਂ ਅਤੇ ਔਜ਼ਾਰ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਸਮੇਂ ਐਕਟ ਅਤੇ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਸਾਫ-ਸਫਾਈ ਦੌਰਾਨ ਲੋੜ ਮੁਤਾਬਕ ਸੇਫ਼ਟੀ ਕਿੱਟਾਂ ਮੁਹੱਈਆ ਕਰਵਾਈਆ ਜਾਣ ਤਾਂ ਜੋ ਸਫਾਈ ਸੇਵਕਾਂ ਨਾਲ ਕੋਈ ਹਾਦਸਾ ਨਾ ਵਾਪਰ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਪਿਛਲੇ ਸਮੇਂ ਦੌਰਾਨ ਡਿਉਟੀ ਕਰਦੇ ਹੋਏ ਜੇਕਰ ਕਿਸੇ ਸੇਵਕ ਦੀ ਮੌਤ ਹੋਈ ਹੈ ਜਾਂ ਹਾਦਸੇ ਦਾ ਸ਼ਿਕਾਰ ਹੋਇਆ ਹੈ ਤਾਂ ਉਸਨੂੰ ਐਕਟ ਮੁਤਾਬਕ ਲੋੜੀਂਦੀ ਵਿਤੀ ਸਹਾਇਤਾ ਜਾਂ ਨੋਕਰੀ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਕੈਂਪ ਲਗਾ ਕੇ ਸਲਮ ਏਰੀਆ ਦੇ ਲੋਕਾਂ, ਸਫਾਈ ਸੇਵਕਾਂ, ਸੀਵਰਮੈਨਾਂ ਆਦਿ ਹੋਰ ਕਰਮਚਾਰੀਆਂ ਦਾ ਹੈਲਥ ਚੈਕਅਪ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡੀ.ਐਸ.ਪੀ. ਜਗਦੀਸ਼ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਕੰਵਲਜੀਤ ਸਿੰਘ, ਸਹਾਇਕ ਸਿਵਲ ਸਰਜਨ ਦਵਿੰਦਰ ਭੁੱਕਲ, ਸ੍ਰੀ ਅਸ਼ੋਕ ਕੁਮਾਰ, ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਜ਼ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।