ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਝੋਨੇ ਦੀ ਖਰੀਦ ਸੰਬੰਧੀ ਜਾਣਕਾਰੀ ਦਿੰਦੇ ਹੋਏ !
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੌਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕੀਤੀ ਜਾ ਰਹੀ ਹੈ ਕਾਰਵਾਈ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 11 ਨਵੰਬਰ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਏ 03 ਲੱਖ 90 ਹਜ਼ਾਰ 51 ਮੀਟਰਕ ਟਨ ਝੋਨੇ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਨੇ 03 ਲੱਖ 89 ਹਜ਼ਾਰ 764 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 03 ਲੱਖ 78 ਹਜ਼ਾਰ 726 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵਜੋਂ 605 ਕਰੋੜ 20 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 01 ਲੱਖ 58 ਹਜ਼ਾਰ 171 ਮੀਟਰਕ ਟਨ, ਮਾਰਕਫੈਡ ਵੱਲੋਂ 99 ਹਜ਼ਾਰ 540 ਮੀਟਰਕ ਟਨ, ਪਨਸਪ ਵੱਲੋਂ 93 ਹਜ਼ਾਰ 444 ਮੀਟਰਕ ਟਨ, ਵੇਅਰ ਹਾਊਸ ਵੱਲੋਂ 35 ਹਜ਼ਾਰ 991 ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 2,618 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਦੇ ਮਨੁੱਖੀ ਸਿਹਤ 'ਤੇ ਬਹੁਤ ਹੀ ਮਾੜੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਹੁੰਦਾ ਹੈ ਅਤੇ ਬਜੁਰਗਾਂ ਤੇ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਵੀ ਬਣਿਆਂ ਰਹਿੰਦਾ ਹੈ।