ਸੰਜੀਵ ਸੂਦ
ਜਗਰਾਓਂ (ਲੁਧਿਆਣਾ), 7 ਦਸੰਬਰ 2019 - ਬੀਤੀ ਰਾਤ ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ 'ਤੇ ਹੋਏ ਹਮਲੇ ਤੋਂ ਬਾਅਦ ਅੱਜ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਹਾਲ ਜਾਨਣ ਲਈ ਅਤੇ ਪੂਰੀ ਘਟਨਾ ਬਾਰੇ ਜਾਣਕਾਰੀ ਲੈਣ ਲਈ ਪਹੁੰਚੇ। ਦੱਸ ਦੇਈਏ ਕਿ ਪੁਲਿਸ ਦੇ ਹੱਥ ਹਾਲੇ ਤੱਕ ਖਾਲੀ ਨੇ ਅਤੇ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋ ਸਕੀ। ਜਦੋਂ ਕਿ ਹਰਪਾਲ ਚੀਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਕਰਦਿਆਂ ਮੁੱਖ ਮੰਤਰੀ ਕੈਪਟਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਸਰਬਜੀਤ ਕੌਰ ਨੇ ਆਪਣੀ ਹੱਡ ਬੀਤੀ ਦੱਸਦਿਆਂ ਕਿਹਾ ਕਿ ਬੀਤੀ ਰਾਤ ਜਦੋਂ ਉਹ ਲੁਧਿਆਣਾ ਤੋਂ ਜਗਰਾਓਂ ਵਾਪਿਸ ਪਰਤ ਰਹੇ ਸਨ ਤਾਂ ਰਾਹ ਦੇ ਵਿੱਚ ਸੁੰਨਸਾਨ ਸੜਕ ਤੇ ਕਾਰ ਸਵਾਰ ਕੁੱਝ ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਸਾਈਡ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਫਿਰ ਉਨ੍ਹਾਂ ਦੇ ਗਾਰਡਾਂ ਨਾਲ ਧੱਕਾ ਮੁੱਕੀ ਵੀ ਕੀਤੀ। ਜਿਸ ਤੋਂ ਬਾਅਦ ਗੱਡੀ ਉਨ੍ਹਾਂ ਦੀ ਗੱਡੀ ਅੱਗੇ ਲਾ ਲਈ ਗਈ ਅਤੇ ਉਨ੍ਹਾਂ ਨੂੰ ਗੱਡੀ ਮੋੜ ਕੇ ਪੁਲਿਸ ਥਾਣੇ ਲਿਜਾਣੀ ਪਈ। ਸਰਬਜੀਤ ਕੌਰ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਹਾਲਤ ਕਾਫੀ ਖਰਾਬ ਹੈ ਜੇਕਰ ਗੱਡੀ ਚ ਜਾ ਰਹੀ ਇੱਕ ਵਿਧਾਇਕ ਸੁਰੱਖਿਅਤ ਨਹੀਂ ਤਾਂ ਹੋਰ ਕੌਣ ਸੁਰੱਖਿਅਤ ਹੋ ਸਕਦਾ ਹੈ।
ਉਧਰ ਦੂਜੇ ਪਾਸੇ ਸਰਬਜੀਤ ਕੌਰ ਮਾਣੂਕੇ ਦਾ ਹਾਲ ਜਾਨਣ ਲਈ ਪਹੁੰਚੇ ਹਰਪਾਲ ਚੀਮਾ ਨੇ ਕਿਹਾ ਕਿ ਇਹ ਹਮਲਾ ਵਿਰੋਧੀਆਂ ਦੀ ਚਾਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਵਿਭਾਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹੈ ਪਰ ਕਾਨੂੰਨ ਵਿਵਸਥਾ ਪੰਜਾਬ ਦੀ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ ਇਸ ਕਰਕੇ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਕਿਸੇ ਯੋਗ ਵਿਧਾਇਕ ਨੂੰ ਇਹ ਵਿਭਾਗ ਸੌਂਪਣਾ ਚਾਹੀਦਾ ਹੈ।
ਜਦੋਂ ਕਿ ਜਗਰਾਉਂ ਦੇ ਡੀਐੱਸਪੀ ਨੇ ਕਿਹਾ ਹੈ ਕਿ ਇਹ ਸ਼ਿਕਾਇਤ ਉਨ੍ਹਾਂ ਕੋਲ ਨੂੰ ਆਈ ਸੀ ਇਸ ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਮਲੇ ਵਾਲੀ ਕੋਈ ਵੀ ਗੱਲ ਫਿਲਹਾਲ ਸਾਹਮਣੇ ਨਹੀਂ ਆਈ ਹੈ।
ਪਰ ਹੁਣ ਪੁਲਿਸ ਦੇ ਹੱਥ ਹਾਲੇ ਤੱਕ ਖਾਲੀ ਨੇ ਜਦੋਂ ਕਿ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਮੁੱਖ ਮੰਤਰੀ ਨੂੰ ਗ੍ਰਹਿ ਵਿਭਾਗ ਵਿਚ ਛੱਡ ਕੇ ਅਸਤੀਫ਼ਾ ਦੇਣ ਦੀ ਆਖੀ ਹੈ।