'ਅੰਤਰਰਾਸ਼ਟਰੀ ਕਬੱਡੀ ਟੂਰਨਾਂਮੈਂਟ' ਰਾਹੀ ਨੌਜਵਾਨਾਂ ਨੂੰ ਖੇਡਾਂ ਵੱਲ ਕੀਤਾ ਜਾ ਰਿਹਾ ਹੈ ਪ੍ਰੇਰਿਤ
ਕਬੱਡੀ ਦੇ ਫਾਈਨਲ ਮੁਕਾਬਲੇ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਹੋਣਗੇ
ਗੁਰਦਾਸਪੁਰ, 08 ਦਸੰਬਰ 2019: 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ 'ਅੰਤਰਰਾਸ਼ਟਰੀ ਕਬੱਡੀ ਟੂਰਨਾਂਮੈਂਟ-2019' ਕਰਵਾ ਕੇ ਸੂਬੇ ਅੰਦਰ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਹਨ ਅਤੇ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।
ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਪੰਜਾਬ ਅੰਦਰ 'ਅੰਤਰਰਾਸ਼ਟਰੀ ਕਬੱਡੀ ਟੂਰਨਾਂਮੈਂਟ-2019' ਕਰਵਾਇਆ ਜਾ ਰਿਹਾ ਹੈ ਅਤੇ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਫਾਈਨਲ ਮੁਕਾਬਲੇ ਤੇ ਸਮਾਪਤੀ ਸਮਾਰੋਹ ਹੋਵੇਗਾ। ਉਨਾਂ ਲੋਕਾਂ ਨੂੰ ਵੱਡੀ ਗਿਣਤੀ ਵਿਚ ਡੇਰਾ ਬਾਬਾ ਨਾਨਕ ਵਿਖੇ ਪੁਹੰਚ ਕੇ ਮਾਂ ਖੇਡ ਕਬੱਡੀ ਦੇ ਮੁਕਾਬਲੇ ਦੇਖਣ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 25 ਲੱਖ ਰੁਪਏ ਦਾ ਇਨਾਮ ਅਤੇ ਦੂਸਰੇ ਨੰਬਰ ਤੇ ਆਉਣ ਵਾਲੀ ਟੀਮ ਨੂੰ 15 ਲੱਖ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਵਿਧਾਇਕ ਪਾਹੜਾ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਪਹਿਲੇ, ਦੂਸਰੇ, ਤੀਸਰੇ ਤੇ ਚੋਥੇ ਸਥਾਨ ਲਈ ਵੱਖ-ਵੱਖ ਦੇਸ਼ਾਂ ਦੀ ਟੀਮਾਂ ਵਿਚਕਾਰ ਮੁਕਾਬਲੇ ਹੋਣਗੇ। ਡੇਰਾ ਬਾਬਾ ਨਾਨਕ ਵਿਖੇ ਭਾਰਤ, ਅਮਰੀਕਾ, ਕੈਨੇਡਾ, ਸ੍ਰੀ ਲੰਕਾ, ਨਿਯੂਜੀਲੈਂਡ, ਕੀਨੀਆ, ਇੰਗਲੈਂਡ, ਆਸਟਰੇਲੀਆ ਦੀ ਟੀਮਾਂ ਪੁਹੰਚ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਇਸ ਮੌਕੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਨਾਮਵਰ ਕਲਾਕਾਰ ਗੁਰਲੇਜ ਅਖਤਰ , ਜਸਬੀਰ ਜੱਸੀ, ਤੇ ਸਤਿੰਦਰ ਸੱਤੀ ਸਮੇਤ ਵੱਖ ਵੱਖ ਕਲਾਕਾਰ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਦੇ ਖੇਡ ਸਟੇਡੀਅਮ ਵਿਖੇ ਸਵੇਰੇ 10 ਵਜੇ ਤੋਂ ਸੱਭਿਆਚਾਰਕ ਸਮਾਗਮ ਪੇਸ਼ ਕਰਨਗੇ।