ਕੁੱਤਿਆਂ ਨੂੰ ਰੋਜ਼ਾਨਾ ਨਸਬੰਦੀ ਕਰਨ ਦੀ ਸਮਰੱਥਾ 25 ਤੋਂ ਵਧਾ ਕੇ 100 ਕੀਤੀ ਜਾਵੇਗੀ
ਲੁਧਿਆਣਾ ਵਿੱਚ ਸਥਾਪਤ ਹੋਵੇਗਾ ਸੂਬੇ ਦਾ ਸਭ ਤੋਂ ਵੱਡਾ ਨਸਬੰਦੀ ਪ੍ਰੋਜੈਕਟ
ਕੁੱਤਿਆਂ ਦੀ ਨਸਬੰਦੀ ਲਈ ਆਪਰੇਸ਼ਨ ਥੀਏਟਰ ਉਸਾਰਨ ਦਾ ਕੰਮ ਸ਼ੁਰੂ
ਕੈਬਨਿਟ ਮੰਤਰੀ ਵੱਲੋਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ
ਲੁਧਿਆਣਾ, 08 ਦਸੰਬਰ 2019: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਅਗਲੇ ਕੁਝ ਮਹੀਨਿਆਂ ਦੌਰਾਨ ਸ਼ਹਿਰ ਲੁਧਿਆਣਾ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਕੁੱਤਿਆਂ ਦੀ ਨਸਬੰਦੀ (ਡੌਗ ਸਟਰਲਾਈਜੇਸ਼ਨ) ਪ੍ਰੋਜੈਕਟ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਇਹ ਪ੍ਰੋਜੈਕਟ ਸੂਬੇ ਦਾ ਸਭ ਤੋਂ ਵੱਡਾ ਪ੍ਰੋਜੈਕਟ ਸਾਬਿਤ ਹੋਵੇਗਾ। ਕੁੱਤਿਆਂ ਦੀ ਨਸਬੰਦੀ ਕਰਨ ਦੀ ਰੋਜ਼ਾਨਾ ਸਮਰੱਥਾ ਨੂੰ 25 ਤੋਂ ਵਧਾ ਕੇ 100 ਕੀਤਾ ਜਾਵੇਗਾ।
ਇਸ ਪ੍ਰੋਜੈਕਟ ਦੀ ਅਪਗਰੇਡੇਸ਼ਨ ਦਾ ਕੰਮ ਅੱਜ ਸ਼ੁਰੂ ਹੋ ਗਿਆ, ਜਿਸ ਤਹਿਤ ਇਥੇ ਅਤਿ-ਆਧੁਨਿਕ ਤਕਨੀਕਯੁਕਤ ਆਪਰੇਸ਼ਨ ਥੀਏਟਰ ਸਮੇਤ ਹੋਰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਸ੍ਰੀ ਆਸ਼ੂ ਨਾਲ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਵੀ ਸਨ, ਜਿਨ੍ਹਾਂ ਨੇ ਸਥਾਨਕ ਹੰਬੜਾਂ ਸੜਕ ’ਤੇ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਸ੍ਰੀ ਆਸ਼ੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਇਹ ਚਿਰੋਕਣੀ ਮੰਗ ਸੀ ਕਿ ਸ਼ਹਿਰ ਵਿੱਚੋਂ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਕੁੱਤਿਆਂ ਦੀ ਨਸਬੰਦੀ ਦੀ ਸਮਰੱਥਾ ਨੂੰ ਵਧਾਇਆ ਜਾਵੇ। ਸ੍ਰੀ ਆਸ਼ੂ ਨੇ ਕਿਹਾ ਕਿ ਇਸ ਪ੍ਰੋਜੈਕਟ ’ਤੇ 1 ਕਰੋੜ ਰੁਪਏ ਦੀ ਰਾਸ਼ੀ ਖਰਚੀ ਜਾਵੇਗੀ ਅਤੇ ਇਹ ਪ੍ਰੋਜੈਕਟ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਮੁਕੰਮਲ ਕੀਤਾ ਜਾਵੇਗਾ।
ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਪੱਕੇ ਤੌਰ ’ਤੇ ਖ਼ਤਮ ਕਰਨ ਲਈ ਯਤਨਸ਼ੀਲ ਹੈ, ਇਸੇ ਕਰਕੇ ਹੀ ਇਸ ਪ੍ਰੋਜੈਕਟ ਲਈ ਫੰਡ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਕੰਮ ਦਾ ਅੱਜ ਆਗਾਜ਼ ਕੀਤਾ ਗਿਆ ਹੈ, ਜੋ ਕਿ ਅਗਲੇ 6 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ਸ੍ਰੀ ਆਸ਼ੂ ਨੇ ਸ਼ਹਿਰਵਾਸੀਆਂ ਨੂੰ ਭਰੋਸਾ ਦਿੱਤਾ ਕਿ ਅਗਲੇ ਕੁਝ ਮਹੀਨਿਆਂ ਬਾਅਦ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਨਾਲ ਸੰਬੰਧਤ ਕੋਈ ਵੀ ਸਮੱਸਿਆ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਉਹ ਖੁਦ ਨਿਰੀਖਣ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।