ਨਵੀਂ ਦਿੱਲੀ, 09 ਦਸੰਬਰ 2019 - ਲੋਕ ਸਭਾ 'ਚ ਸੋਮਵਾਰ ਨੂੰ 'ਅਸਲਾ ਸੋਧ ਬਿੱਲ 2019' ਪਾਸ ਹੋ ਗਿਆ ਹੈ। ਲੋਕ ਸਭਾ 'ਚ ਬਿੱਲ 'ਤੇ ਚਰਚਾ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ''1959 ਦੇ ਐਕਟ 'ਚ ਕਈ ਖਾਮੀਆਂ ਸਨ ਅਤੇ ਇਸ ਬਿੱਲ ਦੇ ਜ਼ਰੀਏ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿੱਲ 'ਚ ਸੋਧ ਕੀਤੀ ਗਈ ਹੈ ਜਿਸ ਅਨੁਸਾਰ ਇੱਕ ਵਿਅਕਤੀ ਦੋ ਲਾਈਸੰਸਸ਼ੁਦਾ ਹਥਿਆਰ ਰੱਖ ਸਕਦਾ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਨੂੰ ਵੇਚਣ ਅਤੇ ਤਸਕਰੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਬਿਨਾਂ ਪਾਬੰਦੀਸ਼ੁਦਾ ਗੋਲਾ-ਬਾਰੂਦ ਰੱਖਣ ਵਾਲਿਆਂ ਨੂੰ 7 ਤੋਂ 14 ਸਾਲ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਸ਼ਾਹ ਨੇ ਕਿਹਾ ਕਿ ਖਿਡਾਰੀਆਂ ਨੂੰ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਸੋਧ ਨਾਲ ਉਹ ਪ੍ਰਭਾਵਿਤ ਨਾ ਹੋਣ ਅਤੇ ਸੋਧ 'ਚ ਸਾਬਕਾ ਫੌਜੀਆਂ ਦੇ ਹਿੱਤਾਂ ਨੂੰ ਵੀ ਧਿਆਨ 'ਚ ਰੱਖਿਆ ਗਿਆ ਹੈ
ਸ਼ਾਹ ਨੇ ਕਿਹਾ ਕਿ ਸੁਰੱਖਿਆ ਦੇ ਲਿਹਾਜ ਅਤੇ ਕਿਸੇ ਵੀ ਦੇਸ਼ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਹਥਿਆਰਾਂ ਅਤੇ ਅਸਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ।