ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ
ਡਿਪਟੀ ਕਮਿਸ਼ਨਰ ਨੇ ਸੁਣੀਆਂ ਆਮ ਲੋਕਾਂ ਦੀਆਂ ਸ਼ਿਕਾਇਤਾਂ, ਮੌਕੇ 'ਤੇ ਨਿਪਟਾਰਾ
ਪਟਿਆਲਾ, 11 ਦਸੰਬਰ 2019: ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ। ਇਸ ਮੌਕੇ ਪੁੱਜੀਆਂ ਸ਼ਿਕਾਇਤਾਂ ਦਾ ਪੀ.ਵੀ. ਗ੍ਰਾਮ ਸ਼ਿਕਾਇਤ ਨੰਬਰ ਵੀ ਸ਼ਿਕਾਇਤ ਕਰਤਾਵਾਂ ਨੂੰ ਦਿੱਤਾ ਗਿਆ ਤਾਂ ਕਿ ਇਨ੍ਹਾਂ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਲਈ ਇਨ੍ਹਾਂ 'ਤੇ ਆਨ ਲਾਇਨ ਨਜ਼ਰ ਰੱਖਕੇ ਅੱਗੇ ਕੀਤੀ ਜਾਣ ਵਾਲੀ ਕਾਰਵਾਈ ਲਈ ਫਾਲੋਅਪ ਵੀ ਕੀਤਾ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੈ, ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਇਨਾਇਤ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਨ੍ਹਾਂ ਅਧਿਕਾਰੀਆਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਨਾਲ-ਨਾਲ ਕਾਨਫਰੰਸ ਹਾਲ ਵਿਖੇ ਹੀ ਆਪਣੇ ਦਫ਼ਤਰੀ ਕੰਮ ਕਾਜ ਨੂੰ ਨਿਬੇੜਦਿਆਂ ਫਾਇਲਾਂ ਦੀ ਰਵਾਨਗੀ ਵੀ ਕੀਤੀ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਹ ਨਵੀਂ ਪਹਿਲਕਦਮੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਤਹਿਤ ਸ਼ੁਰੂ ਕੀਤੀ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਤੇ ਹੋਰ ਜ਼ਿਲ੍ਹਾ ਅਧਿਕਾਰੀ ਲੋਕਾਂ ਨੂੰ ਰੋਜ਼ਾਨਾ ਮਿਲਣ ਦੇ ਨਾਲ-ਨਾਲ ਹਰ ਬੁੱਧਵਾਰ ਨੂੰ ਵੀ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤੇ ਸਮੇਂ ਦੌਰਾਨ ਮਿਲਿਆ ਕਰਨਗੇ। ਇਸ ਦਾ ਮਕਸਦ ਹੈ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਦੁੱਖ ਤਕਲੀਫ਼ਾਂ ਦਾ ਮੌਕੇ 'ਤੇ ਹੀ ਹੱਲ ਕਰਨ ਦੇ ਨਾਲ-ਨਾਲ ਪੁੱਜੀਆਂ ਦਰਖਾਸਤਾਂ ਨੂੰ ਮੋਨੀਟਰ ਕਰਕੇ ਸਮਾਂਬੱਧ ਤਰੀਕੇ ਨਾਲ ਇਨ੍ਹਾਂ ਦਾ ਨਿਪਟਾਰਾ ਵੀ ਕੀਤਾ ਜਾ ਸਕੇ ਤਾਂਕਿ ਲੋਕਾਂ ਨੂੰ ਆਪਣੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਕੰਮਾਂ ਕਾਰਾਂ ਲਈ ਖੱਜਲ ਖੁਆਰ ਨਾ ਹੋਣਾ ਪਵੇ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਉਹ ਲੋਕਾਂ ਨੂੰ ਰੋਜ਼ਾਨਾ ਤਾਂ ਮਿਲਣਗੇ ਹੀ ਸਗੋਂ ਇਸ ਤੋਂ ਇਲਾਵਾ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ. ਬਲਾਕ ਵਿਖੇ ਸਥਿਤ ਕਮਰਾ ਨੰਬਰ 112 ਕਾਨਫਰੰਸ ਹਾਲ ਵਿਖੇ ਹਰੇਕ ਬੁੱਧਵਾਰ ਨੂੰ ਵੀ ਵਿਸ਼ੇਸ਼ ਤੌਰ 'ਤੇ ਸਵੇਰੇ 11 ਤੋਂ 1 ਵਜੇ ਤੱਕ ਜ਼ਿਲ੍ਹਾ ਅਧਿਕਾਰੀਆਂ ਦੀ ਟੀਮ ਨਾਲ ਬੈਠਿਆ ਕਰਨਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਮੇਂ ਦੌਰਾਨ ਕੋਈ ਵੀ ਆ ਕੇ ਉਨ੍ਹਾਂ ਨੂੰ ਮਿਲ ਸਕਦਾ ਹੈ ਅਤੇ ਆਪਣੀਆਂ ਦੁੱਖ ਤਕਲੀਫ਼ਾਂ ਤੇ ਸ਼ਿਕਾਇਤਾਂ ਦਾ ਨਿਵਾਰਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੱਕ ਸਿੱਧੀ ਪਹੁੰਚ ਬਣਾ ਸਕਦਾ ਹੈ।
ਇਸ ਦੌਰਾਨ ਪੁੱਜੀਆਂ ਦਰਖਾਸਤਾਂ ਵਿੱਚ ਮਾਲ ਵਿਭਾਗ, ਸਥਾਨਕ ਸਰਕਾਰਾਂ, ਪੈਨਸ਼ਨਾਂ ਆਦਿ ਨਾਲ ਸਬੰਧਤ ਸਨ, ਜਿਨ੍ਹਾਂ ਦਾ ਪੀ.ਵੀ. ਗ੍ਰਾਮ ਨੰਬਰ ਆਨ ਲਾਇਨ ਦਰਜ ਕਰਕੇ ਦਿੱਤਾ ਗਿਆ ਅਤੇ ਇਨ੍ਹਾਂ ਦੇ ਸਮਾਂ ਬੱਧ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ 'ਚ ਕੋਈ ਦੇਰੀ, ਅਣਗਹਿਲੀ ਜਾਂ ਢਿੱਲਮੱਠ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਜਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ। ਇਸ ਦੌਰਾਨ ਸਬੰਧਤ ਬਰਾਂਚਾਂ ਦੇ ਸੁਪਰਡੰਟ ਅਤੇ ਹੋਰ ਅਮਲਾ ਵੀ ਹਾਜ਼ਰ ਸੀ।