ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 16 ਜਨਵਰੀ 2020 - ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਸਥਿਤ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਪਰਚੇ ਵਾਪਸ ਲੈਣ ਅਤੇ ਬੁੱਤਾਂ ਨੂੰ ਇੱਥੋਂ ਹਟਾਉਣ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਇੱਥੇ ਗੁਰਦੁਆਰਾ ਸ੍ਰੀ ਸੰਤੋਖ ਸਰ ਸਾਹਿਬ ਵਿਖੇ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਸਤਿਕਾਰ ਕਮੇਟੀ ਦੇ ਮੁਖੀ ਜਥੇ ਬਲਬੀਰ ਸਿੰਘ ਮੁੱਛਲ ਤੇ ਹੋਰ ਸਿੱਖ ਆਗੂਆਂ ਵੱਲੋਂ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਇਨ੍ਹਾਂ ਸਿੱਖ ਆਗੂਆਂ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ।