ਜਗਦੀਸ਼ ਥਿੰਦ
ਫਾਜ਼ਿਲਕਾ 24 ਜਨਵਰੀ
ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਫ਼ਾਜ਼ਿਲਕਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਇੱਥੋਂ ਦੇ ਐਮ.ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਈ।
ਇਸ ਮੌਕੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਐਸ.ਡੀ.ਐਮ. ਫ਼ਾਜ਼ਿਲਕਾ ਸ੍ਰੀ ਸੁਭਾਸ਼ ਖਟਕ ਵੱਲੋਂ ਨਿਭਾਈ ਗਈ ਤੇ ਉਨ੍ਹਾਂ ਦੇ ਨਾਲ ਐਸ.ਪੀ. ਕੁਲਦੀਪ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਵੱਲੋਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦਾ ਨਿਰੀਖਣ ਵੀ ਕੀਤਾ। ਸ੍ਰੀ ਖੱਟਕ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹੁਣ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ. ਮਨਪ੍ਰੀਤ ਸਿੰਘ ਛੱਤਵਾਲ ਵੱਲੋਂ ਨਿਭਾਈ ਜਾਵੇਗੀ।
ਇ ਸ ਮੌਕੇ ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡ, ਐਨ.ਸੀ.ਸੀ., ਗਾਇਡ ਅਤੇ ਆਰਮੀ ਬੈਂਡ ਸ਼ਾਮਿਲ ਸਨ। ਮਾਰਚ ਪਾਸਟ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਰਾਹੁਲ ਭਾਰਦਵਾਜ ਨੇ ਕੀਤੀ। ਇਸ ਤੋਂ ਬਾਅਦ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਦੇਸ਼ ਭਗਤੀ ’ਤੇ ਅਧਾਰਿਤ ਕੋਰੀਓਗ੍ਰਾਫ਼ੀਆਂ ਅਤੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਵੱਲੋਂ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਡੈਪੋ, ਤੰਦਰੁਸਤ ਪੰਜਾਬ ਮਿਸ਼ਨ ਤੇ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਕੀਤੇ ਜਾ ਰਹੇ ਕੰਮਾਂ ਨੂੰ ਦਰਸ਼ਾਉਂਦਾ ਹੋਇਆ ਨਾਟਕ ਪੇਸ਼ ਕੀਤਾ ਗਿਆ।
ਰਿਹਰਸਲ ਉਪਰੰਤ ਪ੍ਰਬੰਧਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੌਰਾਨ ਐਸ.ਡੀ. ਐਮ ਨੇ ਰਿਹਰਸਲ ਦੌਰਾਨ ਪਾਈਆਂ ਗਈਆਂ ਤਰੱੁਟੀਆਂ ਨੂੰ ਦੂਰ ਕਰਨ ਅਤੇ ਗਣਤੰਤਰ ਦਿਵਸ ਮੌਕੇ ਵੱਖ-ਵੱਖ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਲੋੜੀਂਦੇ ਪ੍ਰਬੰਧ ਕਰਨ ਅਤੇ ਲਗਾਈਆਂ ਗਈਆਂ ਡਿੳੂਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਤਹਿਸੀਲਦਾਰ ਫ਼ਾਜ਼ਿਲਕਾ ਡੀ.ਪੀ. ਪਾਂਡੇ, ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ, ਤਹਿਸੀਲ ਭਲਾਈ ਅਫ਼ਸਰ ਅਸ਼ੋਕ ਕੁਮਾਰ, ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ, ਸਕੱਤਰ ਮਾਰਕੀਟ ਕਮੇਟੀ ਜਗਰੂਪ ਸਿੰਘ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸੁਭਾਸ਼ ਅਰੋੜਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰਾਕੇਸ਼ ਗਰੋਵਰ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਜਸਪਾਲ ਸਿੰਘ ਤੋਂ ਇਲਾਵਾ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।