ਸਮਾਰੋਹ 'ਚ ਹਿੱਸਾ ਲੈਣ ਵਾਲੇ ਸਕੂਲਾਂ ਲਈ 27 ਜਨਵਰੀ ਨੂੰ ਕੀਤਾ ਛੁੱਟੀ ਦਾ ਐਲਾਨ
ਵਿਸ਼ੇਸ਼ ਪ੍ਰਤੀਨਿਧ ਅੰਮ੍ਰਿਤ ਪਾਲ ਬਰਾੜ
ਹੁਸ਼ਿਆਰਪੁਰ, 26 ਜਨਵਰੀ :
ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆਂ ਦਾ ਬੇਹਤਰੀਨ ਸੰਵਿਧਾਨ ਹੈ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਮੁਤਾਬਕ ਇਹ ਸੰਵਿਧਾਨ ਮੁਕੰਮਲ ਹੈ ਅਤੇ ਸਾਰੀ ਦੁਨੀਆਂ ਦਾ ਸੰਵਿਧਾਨ ਦੇਖ ਕੇ ਹੀ ਭਾਰਤ ਦਾ ਸੰਵਿਧਾਨ ਬਣਾਇਆ ਗਿਆ ਹੈ। ਉਹ ਅੱਜ 71ਵੇਂ ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਇਲਾਕਾ ਵਾਸੀਆਂ ਨੂੰ ਸੰਦੇਸ਼ ਦੇ ਰਹੇ ਸਨ। ਇਸ ਤੋਂ ਪਹਿਲਾਂ ਉਨਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਉਪਰੰਤ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ੍ਰੀ ਗੌਰਵ ਗਰਗ ਵੀ ਸਨ।
ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਕਿਸੇ ਤਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਜੇਕਰ ਆਉਣ ਵਾਲੇ ਸਮੇਂ ਵਿੱਚ ਕੋਈ ਕਮੀ ਆਉਂਦੀ ਹੈ, ਤਾਂ ਉਹ ਕਮੀ ਸੰਵਿਧਾਨ ਮੁਤਾਬਕ ਕੰਮ ਨਾ ਕਰਨ ਵਾਲੇ ਵਿਅਕਤੀਆਂ ਦੀ ਹੋਵੇਗੀ। ਉਨਾਂ ਕਿਹਾ ਕਿ ਸੰਵਿਧਾਨ 'ਤੇ ਅਮਲ ਕਰਕੇ ਹੀ ਆਉਣ ਵਾਲਾ ਸਮਾਂ ਮੁਲਕ ਲਈ ਬੇਹਤਰੀਨ ਸਾਬਤ ਹੋ ਸਕਦਾ ਹੈ। ਉਨਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਸਾਰਿਆਂ ਨੂੰ ਵੋਟ ਦਾ ਬਰਾਬਰ ਹੱਕ ਨਹੀਂ ਸੀ, ਪਰ ਸੰਵਿਧਾਨ ਨੇ ਹੀ ਬਰਾਬਰੀ ਦਾ ਦਰਜਾ ਦਿੰਦਿਆਂ ਹਰੇਕ ਵਿਅਕਤੀ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ। ਹੁਣ ਲੋੜ ਹੈ ਸਾਰੇ ਮੁਲਕ ਦੇ ਲੋਕਾਂ ਨੂੰ ਸੰਵਿਧਾਨ ਮੁਤਾਬਕ ਰਲ ਮਿਲ ਕੇ ਕੰਮ ਕਰਨ ਦੀ, ਤਾਂ ਜੋ ਸਮਾਜਿਕ ਅਤੇ ਆਰਥਿਕ ਤੌਰ 'ਤੇ ਹੋਰ ਮਜ਼ਬੂਤੀ ਪ੍ਰਦਾਨ ਹੋ ਸਕੇ। ਉਨਾਂ ਕਿਹਾ ਕਿ ਭਾਰਤ ਦੇ ਬੇਹਤਰ ਸੰਵਿਧਾਨ ਤੋਂ ਇਲਾਵਾ ਹੋਰ ਕੋਈ ਵੀ ਸੰਵਿਧਾਨ ਨਹੀਂ ਹੋ ਸਕਦਾ।
ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨਾਂ ਨੂੰ ਬਹੁਤ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਇਸ ਦੇ ਨਾਲ ਹੀ ਨਸ਼ੇ ਦੇ ਖਿਲਾਫ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਨੇ ਵੱਡੇ ਪੱਧਰ 'ਤੇ ਕਦਮ ਚੁੱਕੇ ਹਨ। ਉਨਾਂ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ। ਉਨਾਂ ਸੱਦਾ ਦਿੰਦਿਆਂ ਕਿਹਾ ਕਿ ਇਕਜੁੱਟਤਾ ਨਾਲ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ਼ ਸਾਂਝੇ ਹੰਭਲੇ ਦੀ ਲੋੜ ਹੈ।
ਸਮਾਰੋਹ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵਿਲੱਖਣ ਪ੍ਰਾਪਤੀ ਵਾਲੀਆਂ 62 ਸਖਸ਼ੀਅਤਾਂ ਨੂੰ ਵੀ ਸਨਮਾਨਿਆ ਗਿਆ। ਉਨਾਂ ਵਲੋਂ 20 ਸਿਲਾਈ ਮਸ਼ੀਨਾਂ, 3 ਟਰਾਈ ਸਾਈਕਲ ਅਤੇ 5 ਵੀਲ ਚੇਅਰਜ਼ ਵੀ ਲੋੜਵੰਦ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਲਈ 27 ਜਨਵਰੀ ਨੂੰ ਛੁੱਟੀ ਦਾ ਐਲਾਨ ਵੀ ਕੀਤਾ ਗਿਆ। ਉਨਾਂ ਜ਼ਿਲਾ ਪੱਧਰੀ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਡਰੱਗ ਫਰੀ ਪਿੰਡਾਂ ਦੇ ਸਰਪੰਚਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨਾਂ ਦਾ ਹੌਂਸਲਾ ਵੀ ਵਧਾਇਆ।
ਸਮਾਰੋਹ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਿੱਚ 10 ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਸਮਾਰੋਹ ਦੌਰਾਨ ਜਿਥੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਸਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ, ਉਥੇ 13 ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਗਈਆਂ, ਜਿਨਾਂ ਵਿੱਚੋਂ ਪਹਿਲੀ ਪੁਜੀਸ਼ਨ ਜ਼ਿਲਾ ਸਿੱਖਿਆ ਵਿਭਾਗ ਵਲੋਂ ਸਮਾਰਟ ਸਕੂਲਾਂ ਸਬੰਧੀ ਕੱਢੀ ਗਈ ਝਾਕੀ ਨੇ ਲਈ, ਜਦਕਿ ਦੂਸਰਾ ਸਥਾਨ ਸਿਹਤ ਵਿਭਾਗ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਕੱਢੀ ਗਈ ਝਾਕੀ ਨੇ ਲਿਆ ਅਤੇ ਤੀਸਰੇ ਸਥਾਨ ਲਈ ਫ਼ਸਲੀ ਵਿਭਿੰਨਤਾ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਕੱਢੀ ਗਈ ਝਾਕੀ ਨੂੰ ਚੁਣਿਆ ਗਿਆ। ਜ਼ਿਲਾ ਪ੍ਰਸ਼ਾਸ਼ਨ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਸਨਮਾਨ ਚਿੰਨ ਵੀ ਸੌਂਪਿਆ ਗਿਆ।
ਇਸ ਮੌਕੇ ਰਾਜਨੀਤਿਕ ਸਖਸ਼ੀਅਤਾਂ ਵਿੱਚ ਹਲਕਾ ਵਿਧਾਇਕ ਚੱਬੇਵਾਲ ਡਾ.ਰਾਜ ਕੁਮਾਰ, ਸਾਬਕਾ ਐਮ.ਪੀ. ਕਮਲ ਚੌਧਰੀ ਵੀ ਹਾਜ਼ਰ ਸਨ। ਸਮਾਰੋਹ ਵਿੱਚ ਜ਼ਿਲਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ, ਏ.ਡੀ.ਸੀ. (ਜ) ਹਰਪ੍ਰੀਤ ਸਿੰਘ ਸੂਦਨ, ਐਸ.ਪੀ. ਪਰਮਿੰਦਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ, ਜ਼ਿਲਾ ਪ੍ਰਧਾਨ ਕਾਂਗਰਸ ਡਾ. ਕੁਲਦੀਪ ਨੰਦਾ, ਸੁਪਰਡੈਂਟ ਕੇਂਦਰੀ ਜੇਲ ਹੁਸ਼ਿਆਰਪੁਰ ਲਲਿਤ ਕੋਹਲੀ, ਡੀ.ਐਸ.ਪੀ. ਦਲਜੀਤ ਸਿੰਘ ਖੱਖ, ਗੁਰਦੇਵ ਸਿੰਘ ਕੋਟਫਤੂਹੀ ਤੋਂ ਇਲਾਵਾ ਹੋਰ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਸਖਸ਼ੀਅਤਾਂ ਤੋਂ ਇਲਾਵਾ ਸਕੂਲੀ ਵਿਦਿਆਰਥੀ, ਅਧਿਆਪਕ ਅਤੇ ਭਾਰੀ ਗਿਣਤੀ ਵਿੱਚ ਜ਼ਿਲਾ ਵਾਸੀ ਹਾਜ਼ਰ ਸਨ।