ਅਸ਼ੋਕ ਵਰਮਾ
- ਐੱਸ.ਡੀ.ਐੱਮ. ਨੇ ਵੱਖ-ਵੱਖ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਕੀਤੀ ਚੈਕਿੰਗ
ਮਾਨਸਾ, 18 ਫਰਵਰੀ 2020 - ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੰਤਵ ਨਾਲ ਸਕੂਲੀ ਬੱਸਾਂ ਦੀ ਚੈਕਿੰਗ ਲਈ ਵਿੱਢੀ ਮੁਹਿੰਮ ਤਹਿਤ ਅੱਜ ਲਗਾਤਾਰ ਦੂਜੇ ਦਿਨ ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਸੇਫ਼ ਵਾਹਨ ਸਕੂਲ ਪਾਲਿਸੀ ਤਹਿਤ ਖਾਮੀਆਂ ਪਾਉਣ 'ਤੇ 8 ਬੱਸਾਂ ਦੇ ਚਲਾਨ ਕੀਤੇ ਗਏ ਅਤੇ 1 ਬੱਸ ਨੂੰ ਬੰਦ ਕੀਤਾ ਗਿਆ।
ਐਸ.ਡੀ.ਐਮ. ਸ਼੍ਰੀਮਤੀ ਸਰਬਜੀਤ ਕੌਰ ਨੇ ਹਦਾਇਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਬੱਸਾਂ ਵਿੱਚ ਫਸਟ-ਏਡ ਕਿੱਟ, ਸੀ.ਸੀ.ਟੀ.ਵੀ. ਕੈਮਰੇ, ਬੱਚਿਆਂ ਦੇ ਬੈਠਣ ਲਈ ਸਮਰੱਥਾ ਅਨੁਸਾਰ ਸੀਟਾਂ, ਅੱਗ ਬੁਝਾਊ ਯੰਤਰ ਤੋਂ ਇਲਾਵਾ ਤਜ਼ਰਬੇਕਾਰ ਡਰਾਇਵਰ ਦਾ ਹੋਣਾ ਬਹੁਤ ਲਾਜ਼ਮੀ ਹੈ। ਇਸ ਲਈ ਸਕੂਲ ਨਿਯਮਾਂ ਅਨੁਸਾਰ ਹੀ ਆਪਣੀਆਂ ਬੱਸਾਂ ਨੂੰ ਚਲਾਉਣ।
ਐਸ.ਡੀ.ਐਮ. ਨੇ ਕਿਹਾ ਕਿ ਇਹ ਚੈਕਿੰਗਾਂ ਲਗਾਤਾਰ ਚੱਲਦੀਆਂ ਰਹਿਣਗੀਆਂ ਅਤੇ ਸਰਕਾਰੀ ਨਿਯਮਾਂ ਦੀ ਉਲੰਘਣਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਨਜ਼ਰ-ਅੰਦਾਜ਼ ਕਰਨ ਵਾਲੇ ਸਕੂਲਾਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਕੂਲਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵੀ ਸਟਾਫ਼ ਅਤੇ ਬੱਚਿਆਂ ਨੂੰ ਅੱਗ ਬੁਝਾਊ ਯੰਤਰਾਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਵਰਤੋਂ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਜਾਵੇ।
ਇਸ ਮੌਕੇ ਟਰੈਫਿਕ ਇੰਚਾਰਜ ਮਾਨਸਾ ਸ਼੍ਰੀ ਬਲਜੀਤ ਸਿੰਘ, ਜ਼ਿਲ੍ਹਾ ਪ੍ਰੋਟੈਕਸ਼ਨ ਅਫ਼ਸਰ ਡਾ. ਅਜੇ ਤਾਇਲ, ਗੁਰਵਿੰਦਰ ਸਿੰਘ ਅਤੇ ਗੁਰਕੀਰਤ ਸਿੰਘ ਤੋਂ ਇਲਾਵਾ ਹੋਰ ਕਰਮਚਾਰੀ ਵੀ ਮੌਜੂਦ ਸਨ।